View in English:
April 27, 2024 12:53 pm

ਕਿਸਾਨ ਜਥੇਬੰਦੀਆ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਵਿਰੋਧ ਦਾ ਐਲਾਨ

ਫੈਕਟ ਸਮਾਚਾਰ ਸੇਵਾ

ਜਲੰਧਰ , ਮਾਰਚ 29

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਇੱਥੇ ਐੱਸਕੇਐੱਮ ਵਿਚ ਸ਼ਾਮਿਲ ਜਥੇਬੰਦੀਆਂ ਦੀ ਦੇਸ਼ ਭਗਤ ਯਾਦਗਾਰ ਹਾਲ ਵਿਖੇ ਬੂਟਾ ਸਿੰਘ ਬੁਰਜ ਗਿੱਲ, ਕੰਵਲਪ੍ਰੀਤ ਸਿੰਘ ਪੰਨੂ ਅਤੇ ਸੰਦੀਪ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਵਿਚਾਰ-ਵਟਾਂਦਰੇ ਉਪਰੰਤ ਕੀਤਾ ਗਿਆ।

ਮੀਟਿੰਗ ’ਚ ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਦਬਾਅ ਅਧੀਨ ਸੂਬੇ ’ਚ 9 ਕਾਰਪੋਰੇਟ ਘਰਾਣਿਆਂ ਨੂੰ 26 ਮਾਰਕੀਟ ਕਮੇਟੀਆਂ ਅਧੀਨ ਆਉਂਦੇ ਖਰੀਦ ਕੇਂਦਰਾਂ ’ਚ 9 ਸਾਈਲੋ ਖੋਲ੍ਹਣ ਨੂੰ ਦਿੱਤੀ ਮਨਜ਼ੂਰੀ ਬਾਰੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਜਿਹੜੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਨੇ 730 ਸ਼ਹੀਦੀਆਂ ਦਿੱਤੀਆਂ ਅਤੇ 13 ਮਹੀਨੇ ਦਿੱਲੀ ਦੇ ਬਾਰਡਰਾਂ ’ਤੇ ਸੰਘਰਸ਼ ਕੀਤਾ, ਉਨ੍ਹਾਂ ਕਾਲੇ ਕਾਨੂੰਨਾਂ ਨੂੰ ਪੰਜਾਬ ’ਚ ਚੋਰ ਮੋਰੀ ਰਾਹੀਂ ਲਾਗੂ ਕਰਨ ਦਾ ਰਾਹ ਫੜ ਲਿਆ ਗਿਆ ਹੈ। ਜਦੋਂ ਕਿਸਾਨ ਆਪਣੀ ਫਸਲ ਸਿੱਧੀ ਸਾਈਲੋਜ ’ਚ ਲਿਜਾਣ ਲੱਗ ਜਾਣਗੇ ਤਾਂ ਸਰਕਾਰੀ ਮੰਡੀਆਂ ’ਚ ਅਨਾਜ ਦੀ ਆਮਦ ਘਟ ਜਾਵੇਗੀ। ਇਸ ਤਰ੍ਹਾਂ ਮੰਡੀਆਂ ਨੂੰ ਫੇਲ੍ਹ ਕਰਕੇ ਅਖੀਰ ਬੰਦ ਕਰ ਕੇ ਕਿਸਾਨਾਂ ਨੂੰ ਇਨ੍ਹਾਂ ਕਾਰਪੋਰੇਟ ਘਰਾਣਿਆਂ ਦੇ ਰਹਿਮੋ-ਕਰਮ ’ਤੇ ਛੱਡ ਦਿੱਤਾ ਜਾਵੇਗਾ।

ਕਿਸਾਨ ਆਗੂਆ ਨੇ ਕਿਹਾ ਕਿ ਲੋਕ ਇਨ੍ਹਾਂ ਧੱਕੇਸ਼ਾਹੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਮੀਟਿੰਗ ’ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਸਰਕਾਰ ਕਿਸਾਨ ਮਜ਼ਦੂਰ ਤੇ ਲੋਕ ਵਿਰੋਧੀ ਹੈ। ਇਸ ਲਈ ਸੂਬੇ ਅੰਦਰ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।

ਇਸ ਮੌਕੇ ਹਰਿੰਦਰ ਸਿੰਘ ਲੱਖੋਵਾਲ, ਬਲਵੀਰ ਸਿੰਘ ਰਾਜੇਵਾਲ, ਸਤਨਾਮ ਸਿੰਘ ਅਜਨਾਲਾ,ਕੁਲਦੀਪ ਸਿੰਘ ਬਜੀਦਪੁਰ, ਬੋਘ ਸਿੰਘ ਮਾਨਸਾ, ਰਾਜਵਿੰਦਰ ਕੌਰ ਰਾਜੂ, ਬੂਟਾ ਸਿੰਘ ਸ਼ਾਦੀਪੁਰ, ਬਲਵਿੰਦਰ ਸਿੰਘ ਮੱਲੀ ਨੰਗਲ, ਗੁਰਨਾਮ ਸਿੰਘ ਭੀਖੀ, ਹਰਬੰਸ ਸਿੰਘ ਸੰਘਾ, ਅੰਗਰੇਜ ਸਿੰਘ ਮੋਹਾਲੀ, ਪ੍ਰੇਮ ਸਿੰਘ ਭੰਗੂ, ਬੇਅੰਤ ਸਿੰਘ ਮਹਿਮਾ ਸਰਜਾ, ਰੂਪ ਬਸੰਤ ਸਿੰਘ, ਰਾਜ ਗੁਰਵਿੰਦਰ ਸਿੰਘ ਘੁੰਮਣ, ਰਣਜੀਤ ਸਿੰਘ ਬਾਜਵਾ ਅਤੇ ਰਘਵੀਰ ਸਿੰਘ ਮਿਹਰਵਾਲਾ ਸ਼ਾਮਲ ਸਨ।

Leave a Reply

Your email address will not be published. Required fields are marked *

View in English