ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਮਾਰਚ 14
ਕੇਂਦਰੀ ਮੰਤਰੀ ਰਵਨੀਤ ਬਿੱਟੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਤੋਂ ਪਹਿਲਾਂ ਰਵਨੀਤ ਬਿੱਟੂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼ਾਮਲ ਹੋਏ । ਰਵਨੀਤ ਬਿੱਟੂ ਨੇ ਸੰਗਤ ਨੂੰ ਨਾਨਕਸ਼ਾਹੀ ਸੰਮਤ 557 ਨਵੇਂ ਸਾਲ ਦੀ ਵਧਾਈ ਦਿੱਤੀ। ਤਖ਼ਤਾਂ ਦੇ ਜਥੇਦਾਰਾਂ ਦੇ ਮਾਮਲੇ ਸਬੰਧੀ ਉਨ੍ਹਾਂ ਕਿਹਾ ਕਿ ਇਹ ਮਸਲੇ ਜਲਦੀ ਹੱਲ ਹੋਣੇ ਚਾਹੀਦੇ ਹਨ ਅਤੇ ਇਸ ਵਾਰ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਵਿਵਾਦ ਹੋਇਆ ਹੈ।
ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਸਮੂਹਾਂ ਨੂੰ ਇਕੱਠੇ ਹੋ ਕੇ ਪੰਥ ਲਈ ਕੰਮ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਆਉੰਣ ਵਾਲੇ ਦਿਨਾਂ ਵਿਚ ਅਸੀਂ ਪੰਜਾਬ ਦੇ ਸਾਰੇ ਖੇਤਰਾਂ ਵਿੱਚ ਰੇਲਵੇ ਦਾ ਵੱਡਾ ਨੈਟਵਰਕ ਸ਼ੁਰੂ ਕਰਨ ਜਾ ਰਹੇ ਹਾਂ ਤਾਂ ਜੋ ਇਸ ਨੂੰ ਪੰਜਾਬ ਦੀ ਰਾਜਧਾਨੀ ਨਾਲ ਜੋੜਿਆ ਜਾ ਸਕੇ। ਉਨ੍ਹਾਂ ਨੇ ਸਾਰੀਆਂ ਸੰਸਥਾਵਾਂ ਅਤੇ ਕਿਸਾਨਾਂ ਨੂੰ ਇਨ੍ਹਾਂ ਪ੍ਰੋਜੈਕਟਾਂ ਵਿਚ ਸਮਰਥਨ ਕਰਨ ਦੀ ਅਪੀਲ ਕੀਤੀ। ਇਹ ਪ੍ਰੋਜੈਕਟ ਪੰਜਾਬ ਨੂੰ 7000 ਕਰੋੜ ਰੁਪਏ ਦਾ ਹੈ। ਇਨ੍ਹਾਂ ਪ੍ਰੋਜੈਕਟਾਂ ਤਹਿਤ ਕਿਸਾਨਾਂ ਨੂੰ ਜ਼ਮੀਨ ਪ੍ਰਾਪਤ ਕਰਨ ਲਈ ਵੱਡੀ ਰਕਮ ਦਿੱਤੀ ਜਾਵੇਗੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਹੀ ਇਨ੍ਹਾਂ ਪ੍ਰੋਜੈਕਟਾਂ ਨੂੰ ਹਰੀ ਝੰਡੀ ਦੇ ਚੁੱਕੇ ਹਨ।