View in English:
April 25, 2024 6:19 pm

ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਮਈ 31

ਪੰਜਾਬ ਭਰ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ, ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਸੂਬਾ ਸਰਕਾਰ ਸੱਤਾ ਸੰਭਾਲਣ ਦੇ ਪਹਿਲੇ ਹੀ ਦਿਨ ਤੋਂ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।

ਕੈਬਨਿਟ ਮੰਤਰੀ ਨੇ ਅੱਜ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ ਦਸਵੀਂ ਅਤੇ ਬਾਰਵੀਂ ਕਲਾਸ ਵਿੱਚੋਂ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਹਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਸਿੱਖਿਆ ਨੂੰ ਬੁਲੰਦੀਆਂ ‘ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਕਰੀਬ 250 ਤੋਂ ਵੱਧ ਬੱਚਿਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਉੱਤੇ ਕੀਤਾ ਗਿਆ ਨਿਵੇਸ਼ ਕਦੇ ਵੀ ਵਿਅਰਥ ਨਹੀਂ ਜਾਂਦਾ ਅਤੇ ਸੂਬਾ ਸਰਕਾਰ ਇਸ ਸਚਾਈ ਨੂੰ ਸਮਝਦੇ ਹੋਏ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਸਕੂਲਾਂ ਨੂੰ ਰੌਸ਼ਨ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਉੱਚ ਸਿੱਖਿਆ ਲਈ ਵੀ ਹਰ ਸੰਭਵ ਮਦਦ ਕੀਤੀ ਜਾਏਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ, ਐਸ.ਡੀ.ਐਮ ਸਿਮਰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *

View in English