ਫੈਕਟ ਸਮਾਚਾਰ ਸੇਵਾ
ਤਰਨ ਤਾਰਨ, ਅਪ੍ਰੈਲ 21
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਲੱਗਭੱਗ 2 ਕਰੋੜ 86 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਲੱਖਾਂ ਰੁਪਏ ਦੀਆਂ ਗਰਾਂਟਾਂ ਦੇ ਕੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾ ਰਹੇ ਹਨ ਅਤੇ ਸਰਕਾਰੀ ਅਧਿਆਪਕਾਂ ਨੂੰ ਬਾਹਰਲੇ ਮੁਲਕਾਂ ਵਿੱਚ ਸਿਖਲਾਈ ਲੈਣ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਇਹ ਅਧਿਆਪਕ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਤੇ ਮਿਆਰੀ ਸਿੱਖਿਆ ਮੁਹੱਈਆ ਕਰਵਾ ਕੇ ਉਹਨਾਂ ਨੂੰ ਸਮੇਂ ਦਾ ਹਾਣੀ ਬਣਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਮਜ਼ਬੂਤ ਕਰਨ ਲਈ ਹਲਕੇ ਦੇ ਸਾਰੇ ਹੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਕਾਸ ਕਾਰਜ ਕਰਾਵਾਏ ਗਏੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਬੁਰਜ ਰਾਏ ਕਾ ਵਿਖੇ 14 ਲੱਖ 24 ਹਜ਼ਾਰ ਰੁਪਏ, ਸਰਕਾਰੀ ਐਲੀਮੈਂਟਰੀ ਸਕੂਲ (ਲੜਕੀਆਂ) ਸਰਹਾਲੀ ਕਲਾਂ ਵਿਖੇ 16 ਲੱਖ 51 ਹਜ਼ਾਰ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਹਾਲੀ ਕਲਾਂ ਵਿਖੇ 22 ਲੱਖ 42 ਹਜ਼ਾਰ ਰੁਪਏ, ਸਰਕਾਰੀ ਐਲੀਮੈਂਟਰੀ ਸਕੂਲ (ਲੜਕੇ) ਸਰਹਾਲੀ ਕਲਾਂ ਵਿਖੇ 22 ਲੱਖ 03 ਹਜ਼ਾਰ ਰੁਪਏ, ਸਰਕਾਰੀ ਐਲੀਮੈਂਟਰੀ ਸਕੂਲ ਕੰਡਿਆਲਾ ਵਿਖੇ 31 ਲੱਖ 78 ਹਜ਼ਾਰ ਰੁਪਏ, ਸਰਕਾਰੀ ਐਲੀਮੈਂਟਰੀ ਤੇ ਹਾਈ ਸਕੂਲ ਅਤੇ ਆਂਗਣਵਾੜੀ ਕੇਂਦਰ ਸਰਲ੍ਹੀ ਮੰਡਾਂ ਵਿਖੇ ਲੱਗਭੱਗ 43 ਲੱਖ 77 ਹਜ਼ਾਰ ਰੁਪਏ, ਸਰਕਾਰੀ ਹਾਈ ਸਕੂਲ ਕੈਰੋਂ ਵਿਖੇ 36 ਲੱਖ 80 ਹਜ਼ਾਰ ਰੁਪਏ, ਸਰਕਾਰੀ ਐਲੀਮੈਂਟਰੀ ਸਕੂਲ ਬਾਹਮਣੀਵਾਲਾ ਵਿਖੇ 56 ਲੱਖ 91 ਹਜ਼ਾਰ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਹਮਣੀਵਾਲਾ ਵਿਖੇ ਲੱਗਭੱਗ 41 ਲੱਖ 57 ਹਜ਼ਾਰ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਹੁਨਰ ਨੂੰ ਪਛਾਣ ਕੇ, ਉਹਨਾਂ ਦੀ ਰੁਚੀ ਅਨੁਸਾਰ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਬਾਰਵੀਂ ਪਾਸ ਕਰਨ ਮਗਰੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਦੇ ਯੋਗ ਬਣ ਸਕਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ‘ਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਹੁਣ ਪਹਿਲਾਂ ਨਾਲੋਂ ਬਹੁਤ ਸ਼ਾਨਦਾਰ ਬਣਾ ਦਿੱਤੇ ਗਏ ਹਨ। ਅਧਿਆਪਕਾਂ ਦੀ ਘਾਟ ਦੂਰ ਕੀਤੀ ਗਈ ਹੈ ਅਤੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇਣ ਦੇ ਉਪਰਾਲੇ ਕੀਤੇ ਗਏ ਹਨ।
ਇਸ ਮੌਕੇ ਚੇਅਰਮੈਨ ਦਿਲਬਾਗ਼ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਵਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ, ਜ਼ਿਲ੍ਹਾ ਕੋ-ਆਰਡੀਨੇਟਰ ਅਨੂਪ ਮੈਣੀ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ, ਸ਼ੋਸ਼ਲ ਮੀਡੀਆ ਇੰਚਾਰਜ ਮੋਹਿਤ ਅਰੋੜਾ, ਸਰਪੰਚ ਅਮਨਦੀਪ ਸਿੰਘ ਸ਼ਾਹ, ਮਨਪ੍ਰੀਤ ਸਿੰਘ ਮੰਨਾ, ਬਿੱਲਾ ਜੋਸ਼ਨ, ਸਰਪੰਚ ਗੁਰਪ੍ਰਤਾਪ ਸਿੰਘ, ਸਰਪੰਚ ਪਿੰਦਰ ਸਿੰਘ, ਸਰਪੰਚ ਰਾਜਵਿੰਦਰ ਕੌਰ, ਸੰਦੀਪ ਸਿੰਘ ਸੋਹਲ, ਮਲਕੀਤ ਸਿੰਘ ਮੱਲੂ, ਡਾ. ਜੁਗਰਾਜ ਸਿੰਘ, ਸਰਪੰਚ ਸੁਖਦੇਵ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਤਰਸੇਮ ਸਿੰਘ ਅਤੇ ਸੁਖਵਿੰਦਰ ਸਿੰਘ ਸਰਪੰਚ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਮੁਖੀ, ਅਧਿਆਪਕ, ਪਿੰਡ ਵਾਸੀ ਅਤੇ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ।