View in English:
April 7, 2025 9:33 am

ਕੈਬਨਿਟ ਮੰਤਰੀ ਨੇ ਸ਼ਹੀਦਾਂ ਦੀ ਸਮਾਧੀ ਆਸਫ ਵਾਲਾ ਤੇ ਸ਼ਰਧਾਂਜਲੀ ਭੇਂਟ ਕੀਤੀ

ਫੈਕਟ ਸਮਾਚਾਰ ਸੇਵਾ

ਫਾਜ਼ਿਲਕਾ , ਅਪ੍ਰੈਲ 6


ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਨਿਕਲਣ ਲੱਗੇ ਹਨ। ਉਹ ਅੱਜ ਇੱਥੇ ਆਸਫ ਵਾਲਾ ਵਿਖੇ ਬਣੀ ਸ਼ਹੀਦਾਂ ਦੀ ਸਮਾਧ ਤੇ ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ 1971 ਦੇ ਭਾਰਤ ਪਾਕ ਯੁੱਧ ਵਿੱਚ ਦੇਸ਼ ਲਈ ਕੁਰਬਾਨੀ ਕਰਨ ਵਾਲੇ ਮਹਾਨ ਸੂਰਵੀਰਾਂ ਦੀ ਯਾਦ ਵਿੱਚ ਬਣੀ ਸ਼ਹੀਦਾਂ ਦੀ ਸਮਾਧ ਇੱਕ ਪਵਿੱਤਰ ਸਥਾਨ ਹੈ। ਉਹਨਾਂ ਨੇ ਕਿਹਾ ਕਿ ਦੇਸ਼ ਲਈ ਆਪਾਂ ਕੁਰਬਾਨ ਕਰਨ ਵਾਲੇ ਇੰਨ੍ਹਾਂ ਮਹਾਨ ਸੈਨਾਨੀਆਂ ਦੀ ਸ਼ਹੀਦੀ ਗਾਥਾ ਦੇਸ਼ ਲਈ ਪ੍ਰੇਰਕ ਤੱਤ ਹੈ। ਉਹਨਾਂ ਨੇ ਕਿਹਾ ਕਿ ਅਸੀਂ ਮਹਾਨ ਸ਼ਹੀਦਾਂ ਦੀ ਲਾ-ਮਿਸਾਲ ਕੁਰਬਾਨੀ ਨੂੰ ਸਿਜਦਾ ਕਰਦੇ ਹਾਂ । ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਲੋਕ ਵੀ ਵੱਡੇ ਪੱਧਰ ਤੇ ਸਹਿਯੋਗ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ੇ ਦੀ ਸਪਲਾਈ ਲਾਈਨ ਨੂੰ ਤੋੜਿਆ ਜਾ ਰਿਹਾ ਹੈ । ਸਰਕਾਰ ਵੱਲੋਂ ਪੁਲਿਸ ਨੂੰ ਪੇਸ਼ੇਵਰਾਨਾ ਤਰੀਕੇ ਨਾਲ ਕੰਮ ਕਰਨ ਦੀ ਆਜ਼ਾਦੀ ਦਿੱਤੀ ਗਈ ਹੈ। ਉਹਨਾਂ ਨੇ ਕਿਹਾ ਕਿ ਇਸ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਉਨਾਂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਸ ਯੁੱਧ ਵਿੱਚ ਨਿਸ਼ਚੇ ਹੀ ਪੰਜਾਬ ਦੀ ਜਿੱਤ ਹੋਵੇਗੀ।
ਕੈਬਨਿਟ ਮੰਤਰੀ ਨੇ ਪੰਜਾਬ ਵਿੱਚ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਾਜ ਦੇ ਸਰਬਪੱਖੀ ਵਿਕਾਸ ਦਾ ਬੀੜਾ ਚੁੱਕਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਨੂੰ ਪੰਜ ਕਰੋੜ ਰੁਪਏ ਦਿੱਤੇ ਗਏ ਹਨ ਤਾਂ ਜੋ ਸਥਾਨਕ ਜਰੂਰਤਾਂ ਅਨੁਸਾਰ ਵਿਕਾਸ ਕਰਵਾਇਆ ਜਾ ਸਕੇ। ਉਹਨਾਂ ਨੇ ਇਲਾਕਾ ਨਿਵਾਸੀਆਂ ਦੀ ਮੰਗ ਤੇ ਮੌਕੇ ਤੇ ਹੀ ਆਸਫ ਵਾਲਾ ਵਿਖੇ ਸੇਵਾ ਕੇਂਦਰ ਖੋਲਣ ਦਾ ਐਲਾਨ ਵੀ ਕੀਤਾ।
ਇਸ ਤੋਂ ਪਹਿਲਾਂ ਬੋਲਦਿਆਂ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਤੇ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਦੇਣ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਹੋਵੇਗਾ।
ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਇਸ ਸਮਾਰਕ ਤੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਐਸਪੀ ਵਰਿੰਦਰ ਸਿੰਘ ਬਰਾੜ, ਐਸਪੀ ਪ੍ਰਦੀਪ ਸਿੰਘ ਸੰਧੂ, ਸ਼ਹੀਦਾਂ ਦੀ ਸਮਾਧੀ ਕਮੇਟੀ ਦੇ ਚੇਅਰਮੈਨ ਸੰਦੀਪ ਗਲਹੋਤਰਾ, ਕਮੇਟੀ ਮੈਂਬਰ ਪ੍ਰਫੁੱਲ ਨਾਗਪਾਲ, ਸ਼ਸ਼ੀਕਾਂਤ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੁਨੀਲ ਸਚਦੇਵਾ, ਚੇਅਰਮੈਨ ਮਾਰਕੀਟ ਕਮੇਟੀ ਪਰਮਜੀਤ ਸਿੰਘ ਤੋਂ ਇਲਾਵਾ ਇਲਾਕੇ ਦੇ ਵੱਡੀ ਸੰਖਿਆ ਵਿੱਚ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *

View in English