ਕੈਬਿਨੇਟ ਮੰਤਰੀਆਂ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਦਿੱਤਾ ਸੱਦਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਕਤੂਬਰ 29

ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ ਹੈ।

ਕੈਬਨਿਟ ਮੰਤਰੀਆਂ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ।

ਇਨ੍ਹਾਂ ਸਮਾਗਮਾਂ ਵਾਸਤੇ ਨਿੱਜੀ ਤੌਰ ‘ਤੇ ਸੱਦਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਸਮੁੱਚੀ ਲੋਕਾਈ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ।

ਪੰਜਾਬ ਸਰਕਾਰ ਨੇ ਨੌਵੇਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਾਸਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਨਿੱਜੀ ਸੱਦਾ ਦੇਣ ਲਈ ਆਪਣੇ ਕੈਬਨਿਟ ਮੰਤਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਕੈਬਨਿਟ ਮੰਤਰੀ ਮੁੱਖ ਮੰਤਰੀ ਦੀ ਤਰਫ਼ੋਂ ਸੱਦਾ ਦੇਣ ਲਈ ਵੱਖ-ਵੱਖ ਸੂਬਿਆਂ ਵਿੱਚ ਜਾ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਦੇਸ਼ ਦੇ ਹਰ ਕੋਨੇ ‘ਚੋਂ ਵੱਡੇ ਰਾਜਨੀਤਿਕ ਆਗੂ ਅਤੇ ਉੱਘੀਆਂ ਸ਼ਖ਼ਸੀਅਤਾਂ ਗੁਰੂ ਸਾਹਿਬ ਦੀ ਸਦੀਵੀ ਵਿਰਾਸਤ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮਾਂ ‘ਚ ਸ਼ਾਮਲ ਹੋਣ।

ਮਹੀਨਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਸ਼ੁਰੂਆਤ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋਂ ਅਰਦਾਸ ਨਾਲ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਸਮਾਗਮਾਂ ਤਹਿਤ ਪੰਜਾਬ ਭਰ ਦੇ ਪਵਿੱਤਰ ਅਸਥਾਨਾਂ ‘ਤੇ ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਣਗੀਆਂ। ਇਸ ਤੋਂ ਇਲਾਵਾ ਚਾਰ ਪਵਿੱਤਰ ਅਸਥਾਨਾਂ — ਸ੍ਰੀਨਗਰ (ਜੰਮੂ ਅਤੇ ਕਸ਼ਮੀਰ), ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਨਗਰ ਕੀਰਤਨ ਅਰੰਭ ਹੋਣਗੇ, ਜਿਨ੍ਹਾਂ ਦੀ ਸਮਾਪਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ। ਮੁੱਖ ਸਮਾਗਮਾਂ ਵਿੱਚ ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹੋਣਗੇ।

Leave a Reply

Your email address will not be published. Required fields are marked *

View in English