ਫੈਕਟ ਸਮਾਚਾਰ ਸੇਵਾ
ਮਾਲੇਰਕੋਟਲਾ, ਜਨਵਰੀ 25
ਗਣਤੰਤਰ ਦਿਵਸ ਦੇ ਪਵਿੱਤਰ ਮੌਕੇ ‘ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮਾਲੇਰਕੋਟਲਾ ਪੁਲਿਸ ਵੱਲੋਂ ਅੱਜ ਸ਼ਹਿਰ ਵਿੱਚ ਭਾਰੀ ਪੁਲਿਸ ਫੋਰਸ ਦੇ ਨਾਲ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਡੀ.ਆਈ.ਜੀ. ਗੁਰਮੀਤ ਸਿੰਘ ਚੌਹਾਨ ਅਤੇ ਐੱਸ.ਐੱਸ.ਪੀ. ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਸਮੂਹ ਸੀਨੀਅਰ ਅਧਿਕਾਰੀਆਂ ਸਮੇਤ ਕੀਤੀ।
ਫਲੈਗ ਮਾਰਚ ਡਾ. ਜਾਕਿਰ ਹੁਸੈਨ ਸਟੇਡੀਅਮ ਤੋਂ ਰਵਾਨਾ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਹੰਗਰੀ ਪੁਆਇੰਟ ਸਰਹੰਦੀ ਤੋਂ ਜਰਗ ਚੌਂਕ ਅਤੇ ਗਰੇਵਾਲ ਚੌਂਕ ਤੱਕ ਪਹੁੰਚਿਆ। ਮਾਰਚ ਦੌਰਾਨ ਪੁਲਿਸ ਫੋਰਸ ਨੇ ਬਾਜ਼ਾਰਾਂ, ਭੀੜਭਾੜ ਵਾਲੇ ਇਲਾਕਿਆਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਪੈਟਰੋਲਿੰਗ ਕਰਕੇ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿਵਾਇਆ।
ਡੀ.ਆਈ.ਜੀ (ਏ.ਜੀ.ਟੀ.ਐੱਫ ਪੰਜਾਬ) ਗੁਰਮੀਤ ਸਿੰਘ ਚੌਹਾਨ ਨੇ ਕਿਹਾ ਕਿ ਗਣਤੰਤਰ ਦਿਵਸ ਵਰਗੇ ਰਾਸ਼ਟਰੀ ਤਿਉਹਾਰ ਮੌਕੇ ਸ਼ਾਂਤੀ, ਭਾਈਚਾਰੇ ਅਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣਾ ਪੁਲਿਸ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਹਰ ਕਿਸਮ ਦੀ ਅਣਚਾਹੀ ਘਟਨਾ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ ਹੈ ਅਤੇ ਸ਼ਹਿਰ ਦੇ ਹਰ ਕੋਨੇ ਵਿੱਚ ਸੁਰੱਖਿਆ ਦੇ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ।
ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਆਮ ਜਨਤਾ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗਣਤੰਤਰ ਦਿਵਸ ਸਮਾਗਮਾਂ ਦੌਰਾਨ ਸ਼ਹਿਰ ਵਿੱਚ ਵਾਧੂ ਪੁਲਿਸ ਨਾਕਾਬੰਦੀ ਅਤੇ ਪੈਟਰੋਲਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਕਿਸਮ ਦੀ ਸ਼ੱਕੀ ਗਤੀਵਿਧੀ ਜਾਂ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਪੁਲਿਸ ਹੈਲਪਲਾਈਨ ਨੰਬਰ 112 ‘ਤੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜਨਤਾ ਦੇ ਆਪਸੀ ਸਹਿਯੋਗ ਨਾਲ ਹੀ ਸ਼ਹਿਰ ਵਿੱਚ ਅਮਨ-ਅਮਾਨ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।







