View in English:
August 7, 2025 10:07 pm

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ‘ਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਗਸਤ 7

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਪਾਹ ਪੱਟੀ ਦੇ ਮੁੱਖ ਖੇਤੀਬਾੜੀ ਅਫਸਰਾਂ ਨੂੰ ‘ਚਿੱਟੇ ਸੋਨੇ’ ਦੀ ਫਸਲ ਦੀ ਪ੍ਰਗਤੀ ਅਤੇ ਸਥਿਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਫੀਲਡ ਅਧਿਕਾਰੀਆਂ ਨੂੰ 10 ਅਗਸਤ, 2025 ਤੱਕ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀ ਫੀਲਡ ਵੈਰੀਫਿਕੇਸ਼ਨ ਨੂੰ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਪ੍ਰਤੀ ਏਕੜ 1,500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਯੋਗ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾ ਸਕੇ।

ਇਹ ਨਿਰਦੇਸ਼ ਸਾਰੇ ਮੁੱਖ ਖੇਤੀਬਾੜੀ ਅਫ਼ਸਰਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਵੀਡੀਓ ਕਾਨਫਰੰਸ ਦੌਰਾਨ ਜਾਰੀ ਕੀਤੇ ਗਏ। ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਗੁਲਾਬੀ ਸੁੰਡੀ, ਚਿੱਟੀ ਮੱਖੀ, ਤੇਲਾ, ਥ੍ਰਿਪਸ ਸਮੇਤ ਹੋਰ ਕੀੜਿਆਂ ਦੇ ਹਮਲਿਆਂ ਦੀ ਨਿਗਰਾਨੀ ਅਤੇ ਪ੍ਰਬੰਧਨ ਲਈ ਨਿਯਮਿਤ ਤੌਰ ‘ਤੇ ਨਰਮੇ ਦੇ ਖੇਤਾਂ ਦਾ ਨਿਰੀਖਣ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਝੋਨੇ ਦੇ ਮਧਰੇਪਣ ਸਬੰਧੀ ਵਾਇਰਸ ਤੋਂ ਬਚਾਅ ਲਈ ਝੋਨੇ ਦੀ ਫ਼ਸਲ ਦਾ ਨਿਰੀਖਣ ਕਰਨ ਅਤੇ ਕਿਸਾਨਾਂ ਨੂੰ ਇਸ ਤੋਂ ਬਚਾਅ ਲਈ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਕੰਟਰੋਲ ਉਪਾਵਾਂ ਬਾਰੇ ਮਾਰਗਦਰਸ਼ਨ ਕਰਨ ਲਈ ਵੀ ਕਿਹਾ।

ਫਾਜ਼ਿਲਕਾ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਮੀਂਹ ਦੇ ਪਾਣੀ ਦੇ ਖੇਤਾਂ ਵਿੱਚ ਭਰਨ ਉੱਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਭਾਵਿਤ ਖੇਤਾਂ ਦਾ ਨਿਯਮਤ ਨਿਰੀਖਣ ਕਰਨ ਅਤੇ ਹੋਰ ਵਿਭਾਗਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਤਾਂ ਵਿੱਚੋਂ ਪਾਣੀ ਦੀ ਤੁਰੰਤ ਨਿਕਾਸੀ ਨੂੰ ਯਕੀਨੀ ਬਣਾਉਣ ਅਤੇ ਫਸਲਾਂ ਨੂੰ ਬਚਾਉਣ ਲਈ ਯਤਨ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਹਰ ਸਥਿਤੀ ਵਿੱਚ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਅਤੇ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਫੀਲਡ ਸਟਾਫ ਨੂੰ ਖਾਦ ਡੀਲਰਾਂ ‘ਤੇ ਚੌਕਸੀ ਰੱਖਣ ਅਤੇ ਜਮ੍ਹਾਂਖੋਰੀ ਨੂੰ ਰੋਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਯੂਰੀਆ ਦੀ ਵਰਤੋਂ ਸਿਰਫ਼ ਖੇਤੀਬਾੜੀ ਉਦੇਸ਼ਾਂ ਲਈ ਕੀਤੀ ਜਾਵੇ ਅਤੇ ਕਿਸੇ ਵੀ ਹਾਲ ਵਿੱਚ ਯੂਰੀਆ ਦੀ ਉਦਯੋਗਿਕ ਖੇਤਰ ਵਿੱਚ ਨਾ ਹੋਣ ਦਿੱਤੀ ਜਾਵੇ।

ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਗੁਰਮੀਤ ਸਿੰਘ ਖੁੱਡੀਆਂ ਨੂੰ ਦੱਸਿਆ ਕਿ ਫਾਜ਼ਿਲਕਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਨਰਮੇ ਦੇ ਖੇਤਾਂ ਵਿੱਚ ਕੀੜਿਆਂ ਦੇ ਹਮਲੇ ਦੇ ਅੱਠ ਹੌਟਸਪੌਟਸ ਦੀ ਪਛਾਣ ਕੀਤੀ ਗਈ ਹੈ। ਵਿਭਾਗ ਦੇ ਅਧਿਕਾਰੀਆਂ ਵੱਲੋਂ ਇਨ੍ਹਾਂ ਖੇਤਰਾਂ ਦੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕੀੜਿਆਂ ਦਾ ਇਹ ਹਮਲਾ ਪੂਰੀ ਤਰ੍ਹਾਂ ਕੰਟਰੋਲ ਅਧੀਨ ਹੈ ਅਤੇ ਆਰਥਿਕ ਸੀਮਾ ਤੋਂ ਹੇਠਾਂ ਹੈ।

Leave a Reply

Your email address will not be published. Required fields are marked *

View in English