View in English:
July 26, 2025 12:52 pm

ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸੰਬੰਧੀ ਭਾਸ਼ਾ ਵਿਭਾਗ ਦੇ ਸਮਾਗਮ ’ਚ ਮਰਿਆਦਾ ਦਾ ਉਲੰਘਣਾ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਜੁਲਾਈ 25

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸੈਮੀਨਾਰ ਦੌਰਾਨ ਨੱਚ-ਗਾ ਕੇ ਕੀਤੇ ਮਨੋਰੰਜਨ ਪ੍ਰਦਰਸ਼ਨਾਂ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਸਮਾਗਮ ਵਿਚ ਜਿਸ ਤਰ੍ਹਾਂ ਗੁਰੂ ਸਾਹਿਬ ਦੀ ਪਵਿੱਤਰ ਸ਼ਹਾਦਤ ਦੀ ਭਾਵਨਾ ਵਿਰੁੱਧ ਪੇਸ਼ਕਾਰੀਆਂ ਕੀਤੀਆਂ ਗਈਆਂ, ਉਸ ਨਾਲ ਸ਼ਹਾਦਤ ਦੇ ਸੰਕਲਪ ਦੇ ਨਾਲ ਨਾਲ ਗੁਰਮਤਿ ਮਰਿਆਦਾ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਭਾਰੀ ਸੱਟ ਵੱਜੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸਰਵਉੱਚ ਤੇ ਲਾਸਾਨੀ ਹੈ। ਇਸ ਲਈ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸੰਬੰਧੀ ਕਰਵਾਏ ਜਾਣ ਵਾਲੇ ਹਰ ਸਮਾਗਮ ਦੀ ਰੂਪਰੇਖਾ ਸਿੱਖ ਮਰਿਆਦਾ, ਸ਼ਰਧਾ, ਸੰਜਮ ਅਤੇ ਗੁਰਬਾਣੀ ਦੇ ਸਤਿਕਾਰ ਦੀ ਭਾਵਨਾ ਦੇ ਅਨੁਕੂਲ ਹੋਣੀ ਲਾਜ਼ਮੀ ਹੈ। ਪਰ ਭਾਸ਼ਾ ਵਿਭਾਗ ਪੰਜਾਬ ਨੇ ਇਸ ਮੌਕੇ ਨੂੰ ਮਨੋਰੰਜਨ ਦਾ ਸਾਧਨ ਬਣਾ ਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ’ਤੇ ਗਹਿਰੀ ਸੱਟ ਮਾਰੀ ਹੈ।

ਉਨ੍ਹਾਂ ਕਿਹਾ ਕਿ ਇਸੇ ਲਈ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਸਪੱਸ਼ਟ ਕੀਤਾ ਹੋਇਆ ਹੈ ਕਿ ਗੁਰੂ ਸਾਹਿਬਾਨ ਦੀਆਂ ਸ਼ਤਾਬਦੀਆਂ ਅਤੇ ਪੁਰਬ ਸਿੱਖ ਸੰਸਥਾਵਾਂ ਵਲੋਂ ਹੀ ਮਨਾਏ ਜਾਣੇ ਚਾਹੀਦੇ ਹਨ, ਕਿਉਂਕਿ ਸਰਕਾਰਾਂ ਅਤੇ ਸਰਕਾਰੀ ਅਦਾਰਿਆਂ ਲਈ ਗੁਰਮਤਿ ਮਰਿਆਦਾ ਦੀ ਸਹੀ ਪਾਲਣਾ ਔਖਾ ਕੰਮ ਹੈ। ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੀ ਤਾਜ਼ਾ ਹਰਕਤ ਨੇ ਸ਼੍ਰੋਮਣੀ ਕਮੇਟੀ ਦੇ ਖ਼ਦਸ਼ੇ ’ਤੇ ਮੋਹਰ ਲਗਾ ਦਿੱਤੀ ਹੈ, ਜਿਸ ਨੂੰ ਮੁੱਖ ਮੰਤਰੀ ਤੁਰੰਤ ਸਮਝਣ ਅਤੇ ਸਰਕਾਰੀ ਤੌਰ ’ਤੇ ਕੇਵਲ ਵਿਕਾਸ ਕਾਰਜਾਂ ਤੱਕ ਹੀ ਜ਼ਿੰਮੇਵਾਰੀ ਨਿਭਾਉਣ।

ਐਡਵੋਕੇਟ ਧਾਮੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖ ਗੁਰਪੁਰਬ ਕੋਈ ਸਾਧਾਰਣ ਜਸ਼ਨ ਜਾਂ ਮਨੋਰੰਜਨਕ ਤਿਉਹਾਰ ਨਹੀਂ, ਸਗੋਂ ਆਤਮਕ ਜਾਗਰੂਕਤਾ ਅਤੇ ਗੁਰਮਤਿ ਸਿਧਾਂਤਾਂ ਨੂੰ ਸਮਰਪਿਤ ਸਮਾਗਮ ਹਨ। ਇਨ੍ਹਾਂ ਵਿਚ ਸ਼ਬਦ ਕੀਰਤਨ, ਗੁਰਮਤਿ ਚਿੰਤਨ, ਗੁਰਬਾਣੀ ਪਾਠ, ਸੇਵਾ ਅਤੇ ਸਿਮਰਨ ਵਰਗੀਆਂ ਪਵਿੱਤਰ ਗਤੀਵਿਧੀਆਂ ਸ਼ਾਮਿਲ ਹੁੰਦੀਆਂ ਹਨ। ਨੱਚਣਾ ਗਾਉਣਾ ਜਾਂ ਹੋਰ ਮਨੋਰੰਜਨਕ ਪ੍ਰਦਰਸ਼ਨ ਨਾ ਸਿਰਫ਼ ਗੁਰਮਤਿ ਦੇ ਸਿਧਾਂਤਾਂ ਦੀ ਉਲੰਘਣਾ ਹਨ, ਸਗੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੀ ਬੇਅਦਬੀ ਵੀ ਹਨ।

ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਨੂੰ ਇਸ ਗੰਭੀਰ ਅਣ-ਗਹਿਲੀ ਲਈ ਜਨਤਕ ਮੁਆਫ਼ੀ ਮੰਗਣ ਲਈ ਆਖਦਿਆਂ ਕਿਹਾ ਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਪੱਸ਼ਟ ਅਤੇ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀਆਂ ਪਵਿੱਤਰ ਪਰੰਪਰਾਵਾਂ ਅਤੇ ਗੁਰੂ ਸਾਹਿਬਾਨ ਦੀ ਮਰਿਆਦਾ ਨਾਲ ਕਿਸੇ ਵੀ ਕਿਸਮ ਦੀ ਬੇਅਦਬੀ ਸਿੱਖ ਕੌਮ ਕਦੇ ਵੀ ਸਹਿਣ ਨਹੀਂ ਕਰੇਗੀ।

Leave a Reply

Your email address will not be published. Required fields are marked *

View in English