ਫੈਕਟ ਸਮਾਚਾਰ ਸੇਵਾ
ਸ੍ਰੀਨਗਰ , ਦਸੰਬਰ 19
ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਅੱਜ ਤੜਕੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਫ਼ੌਜ ਦੇ ਜਵਾਨਾਂ ਨੇ ਮੁਕਾਬਲੇ ‘ਚ ਪੰਜ ਅੱਤਵਾਦੀਆਂ ਨੂੰ ਮਾਰ ਦਿੱਤਾ। ਫ਼ੌਜੀ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਸੁਰੱਖਿਆ ਬਲਾਂ ਨੇ ਸ਼ੱਕੀ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਬੁੱਧਵਾਰ ਰਾਤ ਨੂੰ ਜ਼ਿਲੇ ਦੇ ਬੇਹੀਬਾਗ ਖੇਤਰ ਦੇ ਕੱਦਾਰ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਕੁਝ ਸਮੇਂ ਬਾਅਦ ਤਲਾਸ਼ੀ ਮੁਹਿੰਮ ਮੁੱਠਭੇੜ ਵਿੱਚ ਬਦਲ ਗਈ। ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਫ਼ੌਜ ਦੇ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ।
ਜਿੱਥੇ ਜਵਾਨਾਂ ਨੇ 5 ਅੱਤਵਾਦੀਆਂ ਨੂੰ ਮਾਰ ਦਿੱਤਾ। ਉੱਥੇ ਹੀ ਆਪਰੇਸ਼ਨ ‘ਚ ਸੁਰੱਖਿਆ ਬਲਾਂ ਦੇ ਦੋ ਜਵਾਨ ਜ਼ਖ਼ਮੀ ਹੋ ਗਏ। ਅਧਿਕਾਰੀ ਨੇ ਦੱਸਿਆ ਕਿ 5 ਅੱਤਵਾਦੀਆਂ ਦੀਆਂ ਲਾਸ਼ਾਂ ਬਾਗਾਂ ‘ਚ ਪਈਆਂ ਸਨ। ਭਾਰਤੀ ਫ਼ੌਜ ਦੀ ਚਿਨਾਰ ਕੋਰ ਨੇ ਆਪਣੇ ਅਧਿਕਾਰਤ ਬਿਆਨ ‘ਚ ਕਿਹਾ ਕਿ ਅੱਤਵਾਦੀਆਂ ਦੀ ਮੌਜੂਦਗੀ ਦੇ ਸਬੰਧ ‘ਚ ਖਾਸ ਖ਼ੁਫ਼ੀਆ ਸੂਚਨਾ ਦੇ ਆਧਾਰ ‘ਤੇ ਭਾਰਤੀ ਫ਼ੌਜ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਇਕ ਸੰਯੁਕਤ ਆਪ੍ਰੇਸ਼ਨ ਸ਼ੁਰੂ ਕੀਤਾ ਸੀ, ਜਿਸ ਤੋਂ ਬਾਅਦ ਅੱਤਵਾਦੀਆਂ ਨੇ ਅੰਨ੍ਹੇਵਾਹ ਹਮਲਾ ਕੀਤਾ ਤੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ।