View in English:
July 18, 2025 4:25 pm

ਡਰਾਈਵਿੰਗ ਟੈਸਟ ਟਰੈਕ ’ਤੇ ਟੋਕਨ ਪ੍ਰਣਾਲੀ ਕੀਤੀ ਜਾਵੇਗੀ ਸ਼ੁਰੂ : ਮੋਹਿੰਦਰ ਭਗਤ

ਫੈਕਟ ਸਮਾਚਾਰ ਸੇਵਾ

ਜਲੰਧਰ, ਜੁਲਾਈ 18

ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਸਰਵਰ ਵਿੱਚ ਤਕਨੀਕੀ ਖ਼ਰਾਬੀ ਦਰਮਿਆਨ ਬਿਨੈਕਾਰਾਂ ਦੀ ਸਹੂਲਤ ਲਈ ਜਲੰਧਰ ਦੇ ਡਰਾਈਵਿੰਗ ਟੈਸਟ ਟਰੈਕ ’ਤੇ ਟੋਕਨ ਪ੍ਰਣਾਲੀ ਲਾਗੂ ਕਰਨ ਦਾ ਐਲਾਨ ਕੀਤਾ। ਇਸ ਕਦਮ ਨਾਲ ਬਿਨੈਕਾਰ ਧੁੱਪ ਵਿੱਚ ਲੰਬੀਆਂ ਲਾਈਨਾਂ ਵਿੱਚ ਖੜ੍ਹੇ ਹੋਣ ਬਜਾਏ ਉਡੀਕ ਘਰ ਵਿੱਚ ਆਰਾਮ ਨਾਲ ਬੈਠ ਕੇ ਆਪਣੀ ਵਾਰੀ ਦਾ ਇੰਤਜ਼ਾਰ ਕਰ ਸਕਣਗੇ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਰੀਜਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ ਸਮੇਤ ਸਰਵਰ ਵਿੱਚ ਕੋਈ ਤਕਨੀਕੀ ਨੁਕਸ ਆਉਣ ਕਾਰਨ ਬਿਨੈਕਾਰਾਂ ਨੂੰ ਦਰਪੇਸ਼ ਦਿੱਕਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜਦੋਂ ਤੱਕ ਤਕਨੀਕੀ ਮੁਰੰਮਤ ਚੱਲਦੀ ਹੈ, ਟੋਕਨ ਪ੍ਰਣਾਲੀ ਬਿਨੈਕਾਰਾਂ ਦੇ ਸਨਮਾਨ ਨੂੰ ਬਹਾਲ ਰੱਖਦਿਆਂ ਸੁਚਾਰੂ ਵਿਵਸਥਾ ਨੂੰ ਯਕੀਨੀ ਬਣਾਏਗੀ।

ਉਨ੍ਹਾਂ ਨੇ ਟਰੈਕ ’ਤੇ ਸਟਾਫ਼ ਦੀ ਕਮੀ ਨੂੰ ਦੂਰ ਕਰਨ ਲਈ ਤੁਰੰਤ ਐਕਸ਼ਨ ਲੈਂਦਿਆਂ ਸਟੇਟ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜਲਦ ਹੀ ਟਰੈਕ ’ਤੇ ਡਾਟਾ ਐਂਟਰੀ ਓਪਰੇਟਰ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਜਲੰਧਰ ਡਰਾਈਵਿੰਗ ਟਰੈਕ ’ਤੇ ਕੰਮ ਦੇ ਬੋਝ ਨੂੰ ਘਟਾਉਣ ਲਈ ਨਕੋਦਰ ਵਿਖੇ ਨਵਾਂ ਡਰਾਈਵਿੰਗ ਟਰੈਕ ਸਥਾਪਤ ਕੀਤਾ ਜਾਵੇਗਾ, ਜੋ ਨਕੋਦਰ, ਸ਼ਾਹਕੋਟ, ਮਹਿਤਪੁਰ ਅਤੇ ਮਲਸੀਆਂ ਦੇ ਬਿਨੈਕਾਰਾਂ ਨੂੰ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਇਸ ਦੇ ਲਈ ਪੂਰੀ ਸਰਗਰਮੀ ਨਾਲ ਢੁੱਕਵੇਂ ਸਥਾਨ ਦੀ ਤਲਾਸ਼ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਨਵਾਂ ਟਰੈਕ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਉਡੀਕ ਘਰ ਵਿੱਚ ਬਿਨੈਕਾਰਾਂ ਦੀ ਸਹੂਲਤ ਲਈ ਬੈਠਣ ਅਤੇ ਪੀਣ ਵਾਲੇ ਪਾਣੀ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਉਨ੍ਹਾਂ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ। ਇਸ ਮੌਕੇ ਉਨ੍ਹਾਂ ਟਰੈਕ ’ਤੇ ਬਿਨੈਕਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਸੁਣਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਕੀ ਸੁਧਾਰਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ‘ਸਰਕਾਰ ਤੁਹਾਡੇ ਦੁਆਰ’ ਵਰਗੀਆਂ ਅਨੇਕਾਂ ਪਹਿਲਕਦਮੀਆਂ ਪਹਿਲਾਂ ਹੀ ਕੀਤੀਆਂ ਗਈਆਂ ਹਨ।

Leave a Reply

Your email address will not be published. Required fields are marked *

View in English