ਡਾ. ਬਲਬੀਰ ਸਿੰਘ ਨੇ ਪਿੰਡ ਪੱਧਰ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਜਾਰੀ ਕੀਤੇ ਸਖ਼ਤ ਨਿਰਦੇਸ਼

ਫੈਕਟ ਸਮਾਚਾਰ ਸੇਵਾ

ਪਟਿਆਲਾ, ਨਵੰਬਰ 19

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਿੰਡਾ ਦੇ ਵਿਕਾਸ ਕਾਰਜਾਂ ਦੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪਿੰਡ ਪੱਧਰ ‘ਤੇ ਆ ਰਹੀਆਂ ਮੁੱਖ ਸਮੱਸਿਆਵਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਦੌਰਾਨ ਉਹਨਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਆਰ ਟੀ ਓ ਬਬਨਦੀਪ ਸਿੰਘ ਵਾਲੀਆ, ਪੀ ਡੀ ਏ ਦੇ ਏ ਸੀ ਏ ਜਸ਼ਨਪ੍ਰੀਤ ਕੌਰ ਗਿੱਲ, ਐਸ ਡੀ ਐਮ ਇਸਮਤ ਵਿਜੈ ਸਿੰਘ , ਐਸ ਡੀ ਐਮ ਹਰਜੋਤ ਕੌਰ ਮੌਜੂਦ ਸਨ।

ਸਿਹਤ ਮੰਤਰੀ ਨੇ ਪਿੰਡਾਂ ਵਿੱਚ ਛੱਪੜਾਂ ਦੀ ਸਫਾਈ, ਥਾਪਰ ਤੇ ਸੀਚੇਵਾਲ ਮਾਡਲ ਲਾਗੂ ਕਰਨ, ਸੜਕਾਂ ਦੀ ਮਰੰਮਤ, ਪੀਣ ਵਾਲੇ ਪਾਣੀ ਦੀ ਗੁਣਵੱਤਾ, ਸਟਰੀਟ ਲਾਈਟਾਂ ਦੀ ਸਹੂਲਤ, ਬਰਸਾਤੀ ਪਾਣੀ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਆ ਅਤੇ ਨਹਿਰੀ ਪਾਣੀ ਦੀ ਵਰਤੋਂ ਵਰਗੇ ਮੁੱਦਿਆਂ ‘ਤੇ ਵਿਭਾਗਾਂ ਨੂੰ ਸਮਾਂਬੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਡਾ. ਬਲਬੀਰ ਸਿੰਘ ਨੇ ਪਿੰਡ ਵਾਸੀਆਂ ਤੋਂ ਵਿਕਾਸ ਕਾਰਜਾਂ ਨੂੰ ਹੋਰ ਸੁਧਾਰਨ ਲਈ ਸੁਝਾਅ ਵੀ ਮੰਗੇ। ਉਸੇ ਦੌਰਾਨ ਬਰਸਾਤੀ ਪਾਣੀ ਦੀ ਸਮੱਸਿਆ ਦੇ ਹੱਲ ਅਤੇ ਨਵੀਆਂ ਕਾਲੋਨੀਆਂ ਵਿੱਚ ਪਾਣੀ ਤੇ ਸੀਵਰੇਜ ਨਾਲ ਸੰਬੰਧਤ ਮੁੱਦਿਆਂ ਨੂੰ ਜਲਦ ਸੁਲਝਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ।

ਇਸ ਮੌਕੇ ਵੱਖ ਵੱਖ ਪਿੰਡਾਂ ਦੇ ਨੁਮਾਇੰਦੇ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *

View in English