ਡਾ. ਰਵਜੋਤ ਸਿੰਘ ਨੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ

ਫੈਕਟ ਸਮਾਚਾਰ ਸੇਵਾ

ਟਾਂਡਾ, ਅਗਸਤ 31


ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨਾਲ ਟਾਂਡਾ ਤੋਂ ਸ੍ਰੀ ਹਰਗੋਬਿੰਦਪੁਰ ਜਾਣ ਵਾਲੇ ਬਿਆਸ ਦਰਿਆ ਦੇ ਪੁਲ ‘ਤੇ ਬਣੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ ‘ਤੇ ਸਥਿਤੀ ਦਾ ਨਿਰੀਖਣ ਕਰਦਿਆਂ ਅਧਿਕਾਰੀਆਂ ਨੂੰ ਧੁੱਸੀ ਬੰਨ੍ਹ ਦੀ ਮਜ਼ਬੂਤੀ ਅਤੇ ਸੁਰੱਖਿਆ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।

ਇਸ ਤੋਂ ਬਾਅਦ ਡਾ. ਰਵਜੋਤ ਸਿੰਘ ਪਿੰਡ ਮਿਆਣੀ ਦੇ ਰਾਹਤ ਕੈਂਪ ਪਹੁੰਚੇ, ਜਿਥੇ ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਅਤੇ ਰਾਹਤ ਕਾਰਜਾਂ ਵਿਚ ਕੋਈ ਕਸਰ ਨਹੀਂ ਛੱਡ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ, ਖਾਣਾ, ਪੀਣ ਵਾਲਾ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਲਗਾਤਾਰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਡਾਕਟਰੀ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਸਿਹਤ ਸਬੰਧੀ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਨਾਲ ਹੀ ਪਸ਼ੂਆਂ ਲਈ ਚਾਰੇ ਅਤੇ ਦਵਾਈਆਂ ਦੇ ਵੀ ਢੁਕਵੇਂ ਪ੍ਰਬੰਧ ਕੀਤੇ ਗਏ ਹਨ।

ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਪੂਰੇ ਜੋਰ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਰਾਹਤ ਅਤੇ ਪੁਨਰਵਾਸ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਮਿਲ ਸਕੇ।

ਇਸ ਮੌਕੇ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ, ਐਸ.ਡੀ.ਐਮ ਪਰਮਪ੍ਰੀਤ ਸਿੰਘ, ਡੀ.ਐਸ.ਪੀ ਦਵਿੰਦਰ ਸਿੰਘ ਬਾਜਵਾ, ਤਹਿਸੀਲਦਾਰ ਮਨਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *

View in English