View in English:
November 14, 2024 9:30 am

ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਨਵੰਬਰ 12

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚਕ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ, ਵਧੀਕ ਡਿਪਟੀ ਕਮਿਸ਼ਨਰ, ਪਟਿਆਲਾ, ਮੋਹਾਲੀ, ਜਲੰਧਰ, ਅੰਮ੍ਰਿਤਸਰ, ਪਠਾਨਕੋਟ ਅਤੇ ਤਰਨਤਾਰਨ ਤੋਂ ਇਲਾਵਾ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਰਾਜਾਸਾਂਸੀ, ਨਰੋਟ ਜੈਮਲ ਸਿੰਘ, ਖੇਮਕਰਨ, ਤਰਨਤਾਰਨ, ਸਨੋਰ, ਦੇਵੀਗੜ੍ਹ, ਘਨੋਰ, ਘੱਗਾ, ਭਾਦਸੋਂ, ਘੜੂੰਆ, ਗੋਰਾਇਆ, ਸ਼ਾਹਕੋਟ, ਭੋਗਪੁਰ ਅਤੇ ਬਿਲਗਾ ਦੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਚਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।

ਮੀਟਿੰਗ ਦੀ ਸ਼ੁਰੂਆਤ ਵਿੱਚ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਪਾਸੋਂ ਵੱਖ ਵੱਖ ਸਕੀਮਾਂ ਜਿਵੇਂ ਸਵੱਛ ਭਾਰਤ ਮਿਸ਼ਨ, ਅਮਰੁਤ ਮਿਸ਼ਨ, 15 ਵੇਂ ਵਿੱਤ ਕਮਿਸ਼ਨ ਆਦਿ ਸਕੀਮਾਂ ਅਧੀਨ ਚੱਲ ਰਹੇ ਪ੍ਰਾਜੈਕਟਾਂ ਸਬੰਧੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣਾ ਯਕੀਨੀ ਬਣਾਈ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਦਾ ਡੀ.ਪੀ.ਆਰ. ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਉਨ੍ਹਾਂ ਦੀ ਟੈਂਡਰ ਕਾਲ ਕਰਨ ਸਬੰਧੀ ਪ੍ਰਕਿਰਿਆ ਜਲਦ ਤੋਂ ਜਲਦ ਖ਼ਤਮ ਕਰਕੇ ਅਗਲੇਰੇ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਕੇ ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਪੰਚਾਇਤੀ ਜਗ੍ਹਾ ਦੀ ਸ਼ਨਾਖਤ ਜਲਦੀ ਤੋਂ ਜਲਦੀ ਕਰਵਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਤੇ ਪੰਚਾਇਤੀ ਜਗ੍ਹਾ ਉਪਲੱਬਧ ਨਾ ਹੋਵੇ ਤਾਂ ਉਨ੍ਹਾਂ ਕੇਸਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਪ੍ਰਾਈਵੇਟ ਜਗ੍ਹਾ ਦੀ ਸ਼ਨਾਖਤ ਕਰਕੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਗ੍ਹਾ ਦਾ ਰੇਟ ਨਿਸ਼ਚਿਤ ਕਰਵਾਇਆ ਜਾਵੇ।

ਉਨ੍ਹਾਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸੂਬੇ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਕੀਤਾ ਜਾਵੇ। ਇਸ ਲਈ ਉਨ੍ਹਾਂ ਨੇ ਖੇਤਰੀ ਅਧਿਕਾਰੀਆਂ ਨੂੰ ਸਖ਼ਤੀ ਨਾਲ ਨਿਰਦੇਸ਼ ਦਿੱਤੇ ਹਨ ਕਿ ਕਿਸੇ ਵੀ ਥਾਂ ‘ਤੇ ਕੂੜੇ ਦੇ ਢੇਰ ਨਹੀਂ ਲੱਗੇ ਹੋਣੇ ਚਾਹੀਦੇ। ਇਸ ਲਈ ਡੋਰ ਟੂ ਡੋਰ ਕੂੜਾ ਇੱਕਤਰ ਕਰਨ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਕੂੜੇ ਦਾ ਸਹੀ ਢੰਗ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।

ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਰੋਜ਼ਾਨਾ ਆਪਣੇ ਖੇਤਰ ਅਧੀਨ ਸਾਫ਼-ਸਫ਼ਾਈ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸੀਵਰੇਜ਼ ਦੀ ਸਾਫ਼-ਸਫ਼ਾਈ ਵੀ ਸਮੇਂ ਸਮੇਂ ‘ਤੇ ਲੋੜ ਅਨੁਸਾਰ ਕਰਵਾਈ ਜਾਵੇ ਤਾਂ ਜੋ ਸੀਵਰੇਜ ਦਾ ਗੰਦਾ ਪਾਣੀ ਉਵਰਫਲੋ ਹੋ ਕੇ ਸੜਕਾਂ ਅਤੇ ਗਲੀਆਂ ਵਿੱਚ ਨਾ ਆਵੇ। ਇਸ ਤੋਂ ਇਲਾਵਾ ਪੀਣ ਵਾਲਾ ਸਾਫ਼ ਪਾਣੀ ਵੀ ਸ਼ਹਿਰ ਵਾਸੀਆਂ ਨੂੰ ਮੁਹੱਈਆ ਕਰਵਾਇਆ ਜਾਵੇ। ਉਹਨਾਂ ਨੇ ਸਟਰੀਟ ਲਾਈਟਾਂ ਨੂੰ ਚਾਲੂ ਹਾਲਤ ਵਿੱਚ ਰੱਖਣਾ ਅਤੇ ਛੱਪੜਾ ਦੀ ਸਫ਼ਾਈ ਅਤੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ।

ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ ਕਿ ਵਿਕਾਸ ਕਾਰਜਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਹੋਰ ਕਾਰਜਾਂ ਲਈ ਵੀ ਜੇਕਰ ਕਿਸੇ ਸ਼ਹਿਰੀ ਸਥਾਨਕ ਇਕਾਈਆਂ ਨੂੰ ਫੰਡਾਂ ਦੀ ਜ਼ਰੂਰਤ ਹੋਵੇ ਤਾਂ ਇਸਦੀ ਮੁਕੰਮਲ ਤਜਵੀਜ਼ ਤਿਆਰ ਕਰਕੇ ਮੁੱਖ ਦਫ਼ਤਰ ਨੂੰ ਭੇਜੀ ਜਾਵੇ।

ਇਸ ਮੌਕੇ ਮੀਟਿੰਗ ਵਿੱਚ ਵਿਧਾਇਕਾਂ ਵਿੱਚ ਐਸ. ਐਸ. ਆਹਲੂਵਾਲੀਆ, ਗੁਰਦੇਵ ਸਿੰਘ ਮਾਨ, ਗੁਰਲਾਲ ਘਨੌਰ, ਅਜੀਤ ਪਾਲ ਸਿੰਘ ਕੋਹਲੀ, ਡਾ. ਚਰਨਜੀਤ ਸਿੰਘ, ਇੰਦਰਜੀਤ ਕੌਰ ਮਾਨ, ਰਮਨ ਅਰੋੜਾ, ਜੀਵਨ ਜੋਤ ਕੌਰ, ਦਲਬੀਰ ਸਿੰਘ ਟੌਂਗ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੀ.ਐਮ. ਆਈ.ਡੀ.ਸੀ ਦੇ ਸੀ.ਈ.ਓ. ਦੀਪਤੀ ਉੱਪਲ, ਵਿਭਾਗ ਦੇ ਹੋਰ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Leave a Reply

Your email address will not be published. Required fields are marked *

View in English