View in English:
September 20, 2024 12:56 am

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਆਉਂਦੇ ਖਰੀਫ਼ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ

ਫੈਕਟ ਸਮਾਚਾਰ ਸੇਵਾ

ਪਟਿਆਲਾ, ਸਤੰਬਰ 19


ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਆਉਂਦੇ ਖਰੀਫ਼ ਸੀਜ਼ਨ ਦੌਰਾਨ 14.04 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ, ਜਿਸ ਲਈ ਬਾਰਦਾਨਾ, ਟ੍ਰਾਂਸਪੋਰਟ, ਭੰਡਾਰਨ ਸਮੇਤ ਲੋੜੀਂਦੇ ਪ੍ਰਬੰਧ ਤੇਜ਼ੀ ਨਾਲ ਮੁਕੰਮਲ ਕੀਤੇ ਜਾਣ ਦੇ ਆਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਬੰਧਤ ਵਿਭਾਗਾਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ‘ਚ ਆਪਣੀ ਜਿਣਸ ਲੈਕੇ ਆਉਣ ਵਾਲੇ ਕਿਸਾਨ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ 109 ਮੰਡੀਆਂ ਖਰੀਦ ਕੇਂਦਰਾਂ ਵਜੋਂ ਅਧਿਸੂਚਿਤ ਕਰ ਦਿੱਤੀਆਂ ਗਈਆਂ ਹਨ ਅਤੇ ਆਰਜ਼ੀ ਖਰੀਦ ਕੇਂਦਰਾਂ ਦੀ ਸਥਾਪਤੀ ਨੂੰ ਅੰਤਮ ਰੂਪ ਦਿੱਤਾ ਜਾ ਰਿਹਾ ਹੈ, ਜੋ ਲੋੜ ਮੁਤਾਬਕ ਜਨਤਕ ਸਥਾਨਾਂ ‘ਤੇ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸੀਜ਼ਨ ਦੌਰਾਨ ਆਮ ਲੋਕਾਂ ਨੂੰ ਆਵਾਜਾਈ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ‘ਚ ਹਾਜ਼ਰ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਨੂੰ ਖਰੀਦ ਸੀਜ਼ਨ ਤੋਂ ਪਹਿਲਾਂ ਮੰਡੀਆਂ ‘ਚ ਸਫ਼ਾਈ, ਪਾਣੀ, ਤਰਪਾਲਾਂ, ਲਾਈਟਾਂ ਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਉਹ ਨਿਜੀ ਤੌਰ ‘ਤੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ, ਇਸ ਲਈ ਮੰਡੀਆਂ ‘ਚ ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਬਾਥਰੂਮਾਂ ਦੀ ਸਫ਼ਾਈ, ਲਾਈਟਾਂ ਆਦਿ ਦੇ ਪ੍ਰਬੰਧ ਹੁਣੇ ਤੋਂ ਹੀ ਯਕੀਨੀ ਬਣਾਏ ਜਾਣ। ਉਨ੍ਹਾਂ ਨੇ ਨਮੀ ਮਾਪਕ ਯੰਤਰਾਂ ਦੀ ਵਿਸ਼ੇਸ਼ ਤੌਰ ‘ਤੇ ‘ਕੈਲੀਬ੍ਰੇਸ਼ਨ’ ਕਰਨ ਲਈ ਆਖਿਆ ਤਾਂ ਜੋ ਮੰਡੀਆਂ ‘ਚ ਆਉਣ ਵਾਲੀ ਜਿਣਸ ‘ਚ ਨਮੀ ਤੈਅ ਮਿਆਰਾਂ ਤੋਂ ਵੱਧ ਨਾ ਹੋਵੇ।
ਇਸ ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਐਸ.ਡੀ.ਐਮ. ਅਰਵਿੰਦ ਕੁਮਾਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਰਵਿੰਦਰਪਾਲ ਸਿੰਘ ਚੱਠਾ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਸ਼ਾਮਲ ਸਨ।

Leave a Reply

Your email address will not be published. Required fields are marked *

View in English