ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖਰੀਦ ਦਾ ਜਾਇਜ਼ਾ ਮੰਡੌੜ ਮੰਡੀ ਦਾ ਦੌਰਾ

ਫੈਕਟ ਸਮਾਚਾਰ ਸੇਵਾ

ਪਟਿਆਲਾ, ਅਕਤੂਬਰ 22

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਣ ਲਈ ਮੰਡੌੜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਨੇ ਖਰੀਦ ਪ੍ਰਕ੍ਰਿਆ ‘ਤੇ ਤਸੱਲੀ ਪ੍ਰਗਟਾਉਂਦਿਆਂ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ‘ਚ ਕੋਈ ਮੁਸ਼ਕਿਲ ਨਹੀਂ ਅਤੇ ਉਨ੍ਹਾਂ ਨੂੰ ਨਾਲ-ਨਾਲ ਅਦਾਇਗੀ ਵੀ ਹੋ ਗਈ ਹੈ। ਕਿਸਾਨਾਂ ਨੇ ਇਸ ਗੱਲ ਦੀ ਵੀ ਸ਼ਲਾਘਾ ਕੀਤੀ ਕਿ ਮੰਡੀ ‘ਚ ਝੋਨੇ ਦੀਆਂ ਬੋਰੀਆਂ ਦੀ ਨਾਲੋ-ਨਾਲ ਚੁਕਾਈ ਵੀ ਹੋ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਵਧਾਈ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੀ ਜਾ ਰਹੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਖਰੀਦਿਆ ਜਾ ਰਿਹਾ ਹੈ।

ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ‘ਚ 6 ਲੱਖ 3994 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ‘ਚੋਂ 5 ਲੱਖ 95 ਹਜ਼ਾਰ 728 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਲਈ ਕਿਸਾਨਾਂ ਨੂੰ 100 ਫੀਸਦੀ ਖਰੀਦ ਦੀ 1240 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।

ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਏ.ਡੀ.ਸੀ. ਨਵਰੀਤ ਕੌਰ ਸੇਖੋਂ, ਡੀ.ਟੀ.ਓ. ਬਬਨਦੀਪ ਸਿੰਘ ਵਾਲੀਆ, ਡੀ.ਐਫ.ਐਸ.ਸੀ. ਰਵਿੰਦਰ ਕੌਰ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਵੀ ਕੀਤੀ।

ਇਸੇ ਦੌਰਾਨ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਬਾਹਰਲੇ ਰਾਜਾਂ ਨਾਲ ਲੱਗਦੀਆਂ ਹੱਦਾਂ ‘ਤੇ ਲਗਾਏ ਜਾ ਰਹੇ ਨਾਕਿਆਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਮੌਜੂਦਾ ਝੋਨੇ ਦੀ ਖਰੀਦ ਦੇ ਸੀਜਨ ਦੌਰਾਨ ਝੋਨੇ ਜਾਂ ਚੌਲਾਂ ਦੀ ਬੋਗਸ ਖਰੀਦ/ ਗ਼ੈਰ ਕਾਨੂੰਨੀ ਰੀਸਾਇਕਲਿੰਗ ਨਾ ਕਰ ਸਕੇ। ਜਿਸ ਲਈ ਸਾਰੇ ਨਾਕਿਆਂ ‘ਤੇ ਪੰਜਾਬ ਤੋਂ ਬਾਹਰੋਂ ਆ ਰਹੇ ਟਰੱਕਾਂ ਦੇ ਬਿਲ ਬਿਲਟੀਆਂ ਆਦਿ ਦੀ ਚੈਕਿੰਗ ਕਰਕੇ ਡਿਟੇਲ ਨੋਟ ਕਰਨ ‘ਚ ਕੋਈ ਢਿੱਲ ਨਾ ਵਰਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਦੂਜੇ ਰਾਜਾਂ ਤੋਂ ਘੱਟ ਰੇਟ ‘ਤੇ ਝੋਨਾ/ਚਾਵਲ ਖਰੀਦ ਕੇ ਪੰਜਾਬ ਵਿੱਚ ਵੇਚਣ ਲਈ ਲਿਆਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਅਣਅਧਿਕਾਰਤ ਆਉਣ ਵਾਲੇ ਝੋਨੇ ਜਾਂ ਚਾਵਲ ਦੀ ਆਮਦ ਅਤੇ ਗ਼ੈਰ ਕਾਨੂੰਨੀ ਗਤੀਵਿਧੀਆਂ ਰੋਕਣ ਲਈ ਟੀਮਾਂ ਪੂਰੀ ਮੁਸਤੈਦੀ ਵਰਤਣ ਅਤੇ ਇਸ ਮਾਮਲੇ ‘ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗ਼ੈਰ ਕਾਨੂੰਨੀ ਝੋਨੇ ਅਤੇ ਚਾਵਲ ਦੇ ਪਾਏ ਜਾਣ ਵਾਲੇ ਟਰੱਕ ਜਾਂ ਗੁਦਾਮ ਜਬਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

Leave a Reply

Your email address will not be published. Required fields are marked *

View in English