ਫੈਕਟ ਸਮਾਚਾਰ ਸੇਵਾ
ਸ੍ਰੀ ਭੈਣੀ ਸਾਹਿਬ, ਫਰਵਰੀ 1
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਨਾਮਧਾਰੀ ਸੰਪਰਦਾ ਦੇ ਬਾਨੀ ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਫਰਵਰੀ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਭੈਣੀ ਸਾਹਿਬ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਐਸ.ਡੀ.ਐਮ. ਜਸਲੀਨ ਕੌਰ ਦੇ ਨਾਲ ਦੱਸਿਆ ਕਿ ਸਮਾਗਮ 2 ਫਰਵਰੀ ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਸਮਾਗਮ ਦੇ ਸੁਚਾਰੂ ਆਯੋਜਨ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਯੋਜਨਾਬੰਦੀ ਅਤੇ ਅਮਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇਹ ਵੀ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ ਅਤੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਆਉਣ ਦਿੱਤੀ ਜਾਵੇਗੀ।