View in English:
October 21, 2024 12:42 am

ਡੀ ਸੀ ਉਮਾ ਸ਼ੰਕਰ ਗੁਪਤਾ ਵਲੋਂ ਕਾਦੀਆਂ ਦਾਣਾ ਮੰਡੀ ‘ਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਫੈਕਟ ਸਮਾਚਾਰ ਸੇਵਾ

ਕਾਦੀਆਂ, ਅਕਤੂਬਰ 20

ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਖਰੀਦ ਤੇ ਚੁਕਾਈ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਵਲੋਂ ਮੰਡੀਆਂ ਵਿੱਚ ਜਾ ਕੇ ਖੁਦ ਜਾਇਜ਼ਾ ਲਿਆ ਜਾ ਰਿਹਾ ਹੈ।

ਅੱਜ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ, ਦਾਣਾ ਮੰਡੀ ਕਾਦੀਆਂ ਵਿਖੇ ਪਹੁੰਚ ਤੇ ਅਧਿਕਾਰੀਆਂ ਕੋਲੇ ਖਰੀਦ, ਚੁਕਾਈ ਤੇ ਅਦਾਇਗੀ ਬਾਰੇ ਜਾਣਕਾਰੀ ਲਈ। ਇਸ ਤੋਂ ਪਹਿਲਾਂ ਉਨ੍ਹਾਂ ਦਾਣਾ ਮੰਡੀ ਕਾਹਨੂੰਵਾਨ ਵਿਖੇ ਜਾ ਕੇ ਵੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ, ਅਧਿਕਾਰੀਆਂ ਵਲੋਂ ਫਸਲ ਦੀ ਚੈੱਕ ਕੀਤੀ ਜਾ ਰਹੀ ਨਮੀ ਦੀ ਸਮੁੱਚੀ ਪ੍ਰਕਿਰਿਆ ਵੀ ਵੇਖੀ। ਇਸ ਮੌਕੇ ਸੁਖਜਿੰਦਰ ਸਿੰਘ, ਡੀਐਫਐਸਸੀ ਗੁਰਦਾਸਪੁਰ, ਖਰੀਦ ਏਜੰਸੀਆਂ ਦੇ ਨੁਮਾਇੰਦੇ, ਕਿਸਾਨ ਅਤੇ ਆੜਤੀ ਵੀ ਮੋਜੂਦ ਸਨ।

ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ, ਕਿਸਾਨਾਂ ਨਾਲ ਖੜਾ ਹੈ। ਝੋਨੇ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਅਤੇ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਚੁਕਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਲਿਆਉਣ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਆੜਤੀਆਂ ਨਾਲ ਵੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਫਸਲ ਦੀ ਖਰੀਦ ਦੇ ਨਾਲ ਫਸਲ ਦੀ ਚੁਕਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉੱਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ। ਉਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰ ਨਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ। ਪਰਾਲੀ ਪਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।

ਦੱਸਣਯੋਗ ਹੈ ਕਿ ਬੀਤੇ ਦਿਨ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 77611 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿਚੋਂ 70299 ਮੀਟਰਿਕ ਟਨ ਝੋਨੇ ਦੀ ਖ਼ਰੀਦ ਕਰ ਲਈ ਗਈ ਹੈ।ਪਨਗਰੇਨ ਵਲੋਂ 25161 ਮੀਟਰਕ ਟਨ, ਮਾਰਕਫੈੱਡ ਵਲੋਂ 16521 ਮੀਟਰਕ ਟਨ, ਪਨਸਪ ਵਲੋਂ 19529 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 9088 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਮੰਡੀਆਂ ਵਿੱਚ ਕਰੀਬ 42 ਫੀਸਦ ਫਸਲ ਦੀ ਚੁਕਾਈ ਕੀਤੀ ਜਾ ਚੁੱਕੀ ਹੈ।

Leave a Reply

Your email address will not be published. Required fields are marked *

View in English