ਫੈਕਟ ਸਮਾਚਾਰ ਸੇਵਾ
ਸ੍ਰੀ ਅਨੰਦਪੁਰ ਸਾਹਿਬ, ਮਈ 9
ਦੇਸ਼ ਅੰਦਰ ਜੰਗ ਵਰਗੇ ਬਣੇ ਹਾਲਾਤ ਤੋਂ ਬਾਅਦ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨੁੱਖਤਾ ਦੇ ਭਲੇ ਲਈ ਅਰਦਾਸ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਜੋ ਮੌਜੂਦਾ ਹਾਲਾਤ ਦੱਖਣੀ ਏਸ਼ੀਆ ਦੇ ਬਣੇ ਹੋਏ ਹਨ, ਉਹ ਬਹੁਤ ਹੀ ਮਾੜੇ ਹਨ। ਅਕਾਲ ਪੁਰਖ ਇਸ ਖਿੱਤੇ ਨੂੰ ਜੰਗ ਵਰਗੇ ਹਾਲਾਤ ਤੋਂ ਬਚਾਓ। ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਤੁਰੰਤ ਸ਼ਾਂਤੀ ਬਹਾਲ ਕਰਨ ਲਈ ਸੰਜੀਦਾ ਯਤਨ ਕਰਨੇ ਚਾਹੀਦੇ ਹਨ ਕਿਉਂਕਿ ਜੰਗਾਂ ਹਮੇਸ਼ਾ ਹੀ ਮਨੁੱਖਤਾ ਦਾ ਘਾਣ ਕਰਦੀਆਂ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ, ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।