ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ, ਦਸੰਬਰ 20
ਪਾਕਿਸਤਾਨ ਦੀ ਇਕ ਵਿਸ਼ੇਸ਼ ਅਦਾਲਤ ਨੇ ਅੱਜ ਤੋਸ਼ਾਖਾਨਾ-2 ਮਾਮਲੇ ਵਿਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਸੰਸਥਾਪਕ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 17 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਸੰਘੀ ਜਾਂਚ ਏਜੰਸੀ (ਐਫਆਈਏ) ਦੀ ਇਕ ਵਿਸ਼ੇਸ਼ ਅਦਾਲਤ ਨੇ ਸੁਣਾਇਆ ਹੈ।
ਦੋਵਾਂ ਨੂੰ 16.4 ਕਰੋੜ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ। ਇਹ ਮਾਮਲਾ ਬਹੁਤ ਘੱਟ ਕੀਮਤ ‘ਤੇ ਇਕ ਮਹਿੰਗੀ ਬੁਲਗਾਰੀ ਘੜੀ ਸੈੱਟ ਖਰੀਦਣ ਨਾਲ ਸੰਬੰਧਿਤ ਹੈ। ਇਹ ਫ਼ੈਸਲਾ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿਚ ਹੋਈ ਸੁਣਵਾਈ ਦੌਰਾਨ ਵਿਸ਼ੇਸ਼ ਜੱਜ ਸੈਂਟਰਲ ਸ਼ਾਹਰੁਖ ਅਰਜੁਮੰਡ ਨੇ ਸੁਣਾਇਆ। ਇਮਰਾਨ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਅਗਸਤ 2023 ਤੋਂ ਅਦਿਆਲਾ ਜੇਲ੍ਹ ਵਿਚ ਬੰਦ ਹੈ।







