ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਜਨਵਰੀ 4
ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ। ਸੁੰਦਰ ਪਾਲਕੀ ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨਾਂ ਲਈ ਸ਼ਹਿਰ ਦੀਆਂ ਸੰਗਤਾਂ ਉਮੜੀਆਂ ਹਨ। ਪਾਲਕੀ ਸਾਹਿਬ ਦੇ ਨਾਲ ਗੱਤਕਾ ਪਾਰਟੀਆਂ, ਬੈਂਡ ਪਾਰਟੀਆਂ, ਸਕੂਲੀ ਬੱਚੇ, ਸ਼ਬਦ ਚੌਕੀ ਜਥੇ ਤੇ ਸੰਗਤਾਂ ਨੇ ਨਾਲ ਚੱਲ ਕੇ ਹਾਜਰੀ ਭਰੀ।
ਵੱਖ ਵੱਖ ਥਾਵਾਂ ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਸੰਗਤਾਂ ਲਈ ਵਿਸ਼ੇਸ਼ ਪ੍ਰਕਾਰ ਦੇ ਲੰਗਰ ਵਰਤਾਏ ਜਾ ਰਹੇ ਹਨ। ਨਗਰ ਕੀਰਤਨ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਤਨਾਮ ਸਿੰਘ ਰਿਆੜ, ਇਕਬਾਲ ਸਿੰਘ ਮੁਖੀ, ਨਰਿੰਦਰ ਸਿੰਘ ਮਥਰੇਵਾਲ ਆਦਿ ਸ਼ਾਮਿਲ ਸਨ।