View in English:
March 1, 2025 8:34 pm

ਪਟਿਆਲਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਟਿਆਲਾ ਜ਼ਿਲ੍ਹੇ ‘ਚ ਵਿਆਪਕ ਤਲਾਸ਼ੀ ਮੁਹਿੰਮ

ਫੈਕਟ ਸਮਾਚਾਰ ਸੇਵਾ

ਪਟਿਆਲਾ, ਮਾਰਚ 1

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦਾ ਪੂਰਨ ਖਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਪਟਿਆਲਾ ਜ਼ਿਲ੍ਹੇ ‘ਚ ਡੀ.ਆਈ.ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਅਤੇ ਐਸ.ਐਸ.ਪੀ. ਪਟਿਆਲਾ ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਸ਼ੱਕੀ ਸਥਾਨਾਂ ‘ਤੇ ਵੱਡੀ ਤਲਾਸ਼ੀ ਮੁਹਿੰਮ ਚਲਾਈ ਗਈ। ਪਟਿਆਲਾ ਸ਼ਹਿਰ ਸਮੇਤ ਜ਼ਿਲ੍ਹੇ ਦੀਆਂ ਪਾਤੜਾਂ, ਸਮਾਣਾ, ਨਾਭਾ, ਰਾਜਪੁਰਾ, ਘਨੌਰ ਤੇ ਘੱਗਾ ਆਦਿ ਅੱਠ ਸਥਾਨਾਂ ਵਿਖੇ ਜੰਗੀ ਪੱਧਰ ‘ਤੇ ਤਲਾਸ਼ੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋ ਸਥਾਨਕ ਵਸਨੀਕਾਂ ਨੇ ਅੱਗੇ ਆ ਕੇ ਪੁਲਿਸ ਅਧਿਕਾਰੀਆਂ ਨੂੰ ਸ਼ੱਕੀ ਤਸਕਰਾਂ ਦੇ ਘਰਾਂ ਦੀ ਜਾਣਕਾਰੀ ਦੇਣ ਦੀ ਪਹਿਲਕਦਮੀ ਕੀਤੀ।
ਇਸ ਮੌਕੇ ਡੀ.ਆਈ.ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਇਸ ਵਾਰ ਤਲਾਸ਼ੀ ਮੁਹਿੰਮ ਵਿੱਚ ਲੋਕਾਂ ਵੱਲੋਂ ਵੀ ਪੂਰਨ ਸਹਿਯੋਗ ਕੀਤਾ ਗਿਆ ਹੈ, ਜੋ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਨਸ਼ਾ ਤਸਕਰ ਦੇ ਘਰ ‘ਤੇ ਪੀਲਾ ਪੰਜਾ ਚਲਾਉਣ ਦੀ ਕਾਰਵਾਈ ਨੇ ਲੋਕਾਂ ਵਿੱਚ ਵੀ ਹਾਂ ਪੱਖੀ ਸੰਦੇਸ਼ ਦਿੱਤਾ ਹੈ, ਜਿਸ ਸਦਕਾ ਹੁਣ ਲੋਕ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਦਾ ਸਹਿਯੋਗ ਇਸੇ ਤਰ੍ਹਾਂ ਮਿਲਦਾ ਰਿਹਾ ਤਾਂ ਨਸ਼ਿਆਂ ਦੇ ਕੋਹੜ ਦਾ ਖਾਤਮਾ ਇਕ ਮਹੀਨੇ ਵਿੱਚ ਹੋ ਜਾਵੇਗਾ।
ਮਨਦੀਪ ਸਿੰਘ ਸਿੱਧੂ ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਲੋਕਾਂ ਦੇ ਘਰ ਬਰਬਾਦ ਕਰਕੇ ਨਸ਼ੇ ਦੇ ਕਾਰੋਬਾਰ ਨਾਲ ਬਣਾਈਆਂ ਗਈਆਂ ਜਾਇਦਾਦ ‘ਤੇ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਚ ਆਮ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਮ ਲੋਕਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ।
ਇਸ ਮੌਕੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਜ਼ਿਲ੍ਹੇ ‘ਚ 100 ਦੇ ਕਰੀਬ ਸ਼ੱਕੀ ਘਰਾਂ ਦੀ ਤਲਾਸ਼ੀ ਕੀਤੀ ਗਈ ਹੈ ਤੇ 10 ਐਫ.ਆਈ.ਆਰਜ਼ ਦਰਜ਼ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 35 ਵਾਹਨ ਤੇ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨਸ਼ਾ ਵੀ ਫੜਿਆ ਗਿਆ ਹੈ ਤੇ 25 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਇਸ ਦੌਰਾਨ ਐਸ.ਪੀ. ਵੈਭਵ ਚੌਧਰੀ, ਐਸ.ਪੀ. ਯੋਗੇਸ਼ ਕੁਮਾਰ, ਐਸ.ਪੀ. ਰਾਜੇਸ਼ ਛਿੱਬਰ, ਡੀ.ਐਸ.ਪੀ. ਮਨੋਜ ਗੋਰਸੀ, ਡੀ.ਐਸ.ਪੀ. ਸਤਨਾਮ ਸਿੰਘ ਸੰਧੂ ਤੋਂ ਇਲਾਵਾ ਬਾਕੀ ਸਬ-ਡਵੀਜ਼ਨਾਂ ਵਿਖੇ ਡੀ.ਐਸ.ਪੀਜ਼ ਤੇ ਹੋਰ ਅਧਿਕਾਰੀਆਂ ਨੇ ਤਲਾਸ਼ੀ ਮੁਹਿੰਮ ਦੀ ਕਮਾਨ ਸੰਭਾਲੀ।

Leave a Reply

Your email address will not be published. Required fields are marked *

View in English