ਫੈਕਟ ਸਮਾਚਾਰ ਸੇਵਾ
ਮਾਨਸਾ, ਜਨਵਰੀ 5
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮਾਨਸਾ ਜ਼ਿਲ੍ਹੇ ਦੇ ਤਿੰਨੋਂ ਹਲਕਿਆਂ ਤੋਂ ਬੱਸਾਂ ਰਵਾਨਾ ਹੋਈਆਂ ਜਿੰਨ੍ਹਾਂ ਵਿਚ 120 ਸ਼ਰਧਾਲੂਆਂ ਦਾ ਜਥਾ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਗਿਆ।
ਹਲਕਾ ਮਾਨਸਾ ਦੇ ਪਿੰਡ ਅਕਲੀਆ ਤੋਂ 40, ਸਰਦੂਲਗੜ੍ਹ ਦੇ ਮੂਸਾ ਤੋਂ 38 ਅਤੇ ਬੁਢਲਾਡਾ ਦੇ ਗੁੜੱਦੀ ਤੋਂ 42 ਸ਼ਰਧਾਲੂ ਇਸ ਯਾਤਰਾ ਲਈ ਗਏ ਹਨ।ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਇਹ ਯੋਜਨਾ ਹਰ ਪੀੜੀ ਖਾਸਕਰ ਬਜੁਰਗਾਂ ਲਈ ਬੜੀ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਖਰਚ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਖਾਣਾ, ਰਹਿਣ- ਸਹਿਣ ਆਦਿ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫਤ ਦਿੱਤੀਆਂ ਜਾ ਰਹੀਆਂ ਹਨ।
ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਵਿੱਤਰ ਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ।
ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਵਿਸਤ੍ਰਿਤ ਪ੍ਰਬੰਧ ਕੀਤਾ ਹੋਇਆ ਹੈ।







