View in English:
July 16, 2025 10:47 pm

ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ : ਸੌਂਦ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜੁਲਾਈ 16

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਨਸ਼ਿਆਂ ਖਿਲਾਫ ਬਹਿਸ ਵਿੱਚ ਹਿੱਸਾ ਲੈਂਦਿਆਂ ਪਿਛਲੀਆਂ ਸਰਕਾਰਾਂ ਨੂੰ ਪੰਜਾਬ ਵਿੱਚ ਨਸ਼ਾ ਫੈਲਾਉਣ ਲਈ ਦੋਸ਼ੀ ਦੱਸਿਆ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰਕੇ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਨੇ ਸੂਬੇ ਦੀ ਨੌਜਵਾਨੀ ਨੂੰ ਨਸ਼ਿਆਂ ‘ਤੇ ਲਾਇਆ।

ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਉਨ੍ਹਾਂ ਅਖਬਾਰੀ ਖਬਰਾਂ ਨੂੰ ਵੀ ਪੜ੍ਹ ਕੇ ਸੁਣਾਇਆ ਜਿਨ੍ਹਾਂ ਵਿੱਚ ਖੰਨਾ ‘ਚ ਨਾਜਾਇਜ਼ ਸ਼ਰਾਬ ਫੈਕਟਰੀ ਅਤੇ ਪਾਇਲ ਹਲਕੇ ਦੇ ਡਰੱਗ ਡੀਲਰ ਗੁਰਦੀਪ ਰਾਣੂੰ ਦੀ ਗ੍ਰਿਫਤਾਰੀ ਬਾਬਤ ਵਿਸਥਾਰ ਵਿੱਚ ਜ਼ਿਕਰ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਦੋਵੇਂ ਮਾਮਲੇ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਸਮਿਆਂ ਦੌਰਾਨ ਨਸ਼ਾ ਵਪਾਰੀਆਂ ਨੂੰ ਸੁਰੱਖਿਆ ਦਿੱਤੀ ਅਤੇ ਪੰਜਾਬ ਵਿੱਚ ਨਸ਼ਾ ਫੈਲਾਇਆ।

ਉਨ੍ਹਾਂ ਕਿਹਾ ਕਿ 2007 ਤੋਂ ਪਹਿਲਾਂ ਪੰਜਾਬ ਵਿੱਚ ਸਿੰਥੈਟਿਕ ਡਰੱਗ ਦਾ ਨਾਂ ਵੀ ਨਹੀਂ ਸੁਣਿਆਂ ਸੀ ਪਰ ਉਸ ਤੋਂ ਬਾਅਦ ਤੇਜ਼ੀ ਨਾਲ ਚਿੱਟੇ ਵਰਗੇ ਨਸ਼ੇ ਨੇ ਪੰਜਾਬ ਦੀ ਜਵਾਨੀ ਬਰਬਾਦ ਕਰਕੇ ਰੱਖ ਦਿੱਤੀ। ਉਨ੍ਹਾਂ ਕਿਹਾ ਕਿ ਇੱਕ ਸਾਬਕਾ ਮੁੱਖ ਮੰਤਰੀ ਨੇ ਤਾਂ ਨਸ਼ੇ ਖਤਮ ਕਰਨ ਦੀ ਝੂਠੀ ਸਹੁੰ ਵੀ ਚੁੱਕੀ ਸੀ ਪਰ ਇਸ ਬਾਬਤ ਡੱਕਾ ਵੀ ਨਹੀਂ ਤੋੜਿਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ‘ਚ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਇਸ ਮੁਹਿੰਮ ਨੇ ਨਸ਼ਾ ਤਸਕਰਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਪੰਜਾਬ ਛੱਡ ਕੇ ਭੱਜ ਰਹੇ ਹਨ। ਸੌਂਦ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 7 ਹਜ਼ਾਰ ਦੇ ਕਰੀਬ ਪਿੰਡਾਂ ਵਿੱਚ ਕੈਂਪ ਲਗਾ ਕੇ ਨਸ਼ੇ ਛੱਡਣ ਦੀ ਸਹੁੰ ਚੁਕਾਈ ਗਈ ਅਤੇ 4500 ਤੋਂ ਜ਼ਿਆਦਾ ਪਿੰਡ ਖੁਦ ਨੂੰ ਨਸ਼ਾ ਮੁਕਤ ਐਲਾਨ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਸ਼ਹਿਰਾਂ ਦੇ ਵਾਰਡਾਂ ਵਿੱਚ ਵੀ ਨਸ਼ਿਆਂ ਖਿਲਾਫ ਜਾਗਰੂਕਤਾ ਕੈਂਪ ਲਗਾਏ ਜਾਣਗੇ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਗਲੇ 6 ਮਹੀਨਿਆਂ ‘ਚ ਤਿੰਨ ਹਜ਼ਾਰ ਤੋਂ ਵੱਧ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਮਾਡਲ ਖੇਡ ਮੈਦਾਨ ਹੋਣਗੇ ਤਾਂ ਜੋ ਮੁੰਡੇ-ਕੁੜੀਆਂ ਉੱਥੇ ਖੇਡ ਸਕਣ ਅਤੇ ਆਮ ਲੋਕ ਸਵੇਰੇ-ਸ਼ਾਮ ਸੈਰ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਮਾਨ ਸਰਕਾਰ ਦੇ ਸਾਰੇ ਵਿਧਾਇਕ, ਮੰਤਰੀ ਅਤੇ ਵਾਲੰਟੀਅਰ ਦਿਨ-ਰਾਤ ਮਿਹਨਤ ਕਰ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ।

Leave a Reply

Your email address will not be published. Required fields are marked *

View in English