View in English:
October 21, 2024 5:05 pm

ਪੀਐੱਮ ਮੋਦੀ ਦੀ ਡਿਗਰੀ ਨੂੰ ਲੈ ਕੇ ਟਿੱਪਣੀ ਕਰਨ ਦਾ ਮਾਮਲਾ : ਕੇਜਰੀਵਾਲ ਦੀ ਪਟੀਸ਼ਨ ਖਾਰਜ

ਗੁਜਰਾਤ ਦੀ ਅਦਾਲਤ ‘ਚ ਹੋਣਾ ਪਵੇਗਾ ਪੇਸ਼
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੇ ਮਾਮਲੇ ‘ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਹੇਠਲੀ ਅਦਾਲਤ ਨੇ ਗੁਜਰਾਤ ਯੂਨੀਵਰਸਿਟੀ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਕੇਜਰੀਵਾਲ ਖ਼ਿਲਾਫ਼ ਸੰਮਨ ਜਾਰੀ ਕੀਤਾ ਸੀ। ਸਾਬਕਾ ਮੁੱਖ ਮੰਤਰੀ ਨੇ ਇਸ ਨੂੰ ਰੱਦ ਕਰਵਾਉਣ ਲਈ ਪਹਿਲਾਂ ਹਾਈ ਕੋਰਟ ਅਤੇ ਫਿਰ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।

ਜਸਟਿਸ ਰਿਸ਼ੀਕੇਸ਼ ਰਾਏ ਅਤੇ ਐਸਵੀਐਨ ਭਾਟੀ ਦੇ ਬੈਂਚ ਨੇ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਅਜਿਹੀ ਹੀ ਇੱਕ ਪਟੀਸ਼ਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੱਲੋਂ ਵੀ ਦਾਇਰ ਕੀਤੀ ਗਈ ਸੀ ਅਤੇ ਇਸ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ ਸੀ। ਬਾਰ ਐਂਡ ਬੈਂਚ ਦੀ ਰਿਪੋਰਟ ਮੁਤਾਬਕ ਗੁਜਰਾਤ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਅਦਾਲਤ ਨੇ ਕਿਹਾ, ‘ਅਸੀਂ ਦਖਲ ਦੇਣ ਦੇ ਇੱਛੁਕ ਨਹੀਂ ਹਾਂ, ਇਕ ਪਟੀਸ਼ਨਰ ਸਾਡੇ ਕੋਲ ਆਇਆ ਸੀ ਅਤੇ ਉਸ ਨੂੰ ਖਾਰਜ ਕਰ ਦਿੱਤਾ ਗਿਆ।’ ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਲੀਲ ਦਿੱਤੀ ਕਿ ਸੰਜੇ ਸਿੰਘ ਵੱਲੋਂ ਦਿੱਤਾ ਗਿਆ ਬਿਆਨ ਵੱਖਰਾ ਸੀ, ਪਰ ਬੈਂਚ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ।
ਇਸ ਤੋਂ ਪਹਿਲਾਂ ਗੁਜਰਾਤ ਹਾਈ ਕੋਰਟ ਨੇ ਫਰਵਰੀ ‘ਚ ਸੰਮਨ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ। ਹਾਈ ਕੋਰਟ ਤੋਂ ਨਿਰਾਸ਼ ਹੋ ਕੇ ਸਾਬਕਾ ਸੀਐਮ ਨੇ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਹੁਣ ਇੱਥੋਂ ਵੀ ਰਾਹਤ ਨਾ ਮਿਲਣ ‘ਤੇ ਉਨ੍ਹਾਂ ਨੂੰ ਗੁਜਰਾਤ ਦੀ ਅਦਾਲਤ ‘ਚ ਪੇਸ਼ ਹੋਣਾ ਪਵੇਗਾ।
ਕੇਜਰੀਵਾਲ ਅਤੇ ਸੰਜੇ ਸਿੰਘ ਦੇ ਖਿਲਾਫ ਦਰਜ ਮਾਣਹਾਨੀ ਦੇ ਮਾਮਲੇ ‘ਚ ਦੋਸ਼ ਲਗਾਇਆ ਗਿਆ ਹੈ ਕਿ ਦੋਵਾਂ ਨੇਤਾਵਾਂ ਨੇ ਪੀਐੱਮ ਮੋਦੀ ਦੀ ਡਿਗਰੀ ਨੂੰ ਲੈ ਕੇ ਗੁਜਰਾਤ ਯੂਨੀਵਰਸਿਟੀ ਖਿਲਾਫ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ। ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਵੱਲੋਂ ਪਿਛਲੇ ਸਾਲ ਅਪਰੈਲ ਵਿੱਚ ਦੋਵਾਂ ਖ਼ਿਲਾਫ਼ ਸੰਮਨ ਜਾਰੀ ਕੀਤੇ ਗਏ ਸਨ। ਦੋਵਾਂ ਆਗੂਆਂ ਨੇ ਹਾਈਕੋਰਟ ਵਿੱਚ ਦਲੀਲ ਦਿੱਤੀ ਸੀ ਕਿ ਪਟੀਸ਼ਨ ਇਸ ਲਈ ਵਿਚਾਰਨਯੋਗ ਨਹੀਂ ਹੈ ਕਿਉਂਕਿ ਉਨ੍ਹਾਂ ਨੇ ਯੂਨੀਵਰਸਿਟੀ ਬਾਰੇ ਕੋਈ ਬਿਆਨ ਨਹੀਂ ਦਿੱਤਾ ਸੀ। ਗੁਜਰਾਤ ਯੂਨੀਵਰਸਿਟੀ ਦੀ ਤਰਫੋਂ ਕਿਹਾ ਗਿਆ ਕਿ ਉਸ ਦੀ ਛਵੀ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ ਅਤੇ ਇਸ ਦੇ ਲਈ ਉਸ ਨੂੰ ਮੁਕੱਦਮੇ ਦਾ ਸਾਹਮਣਾ ਕਰਨਾ ਚਾਹੀਦਾ ਹੈ।

Leave a Reply

Your email address will not be published. Required fields are marked *

View in English