View in English:
June 26, 2024 3:45 pm

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ : ਮੀਤ ਹੇਅਰ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜੂਨ 13

ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ ਅਤੇ ਨਵੀਂ ਨੀਤੀ ਤਹਿਤ ਓਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ। ਓਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮ਼ਗਾ ਜੇਤੂ ਪੰਜਾਬੀ ਖਿਡਾਰੀ ਨੂੰ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ ਮਿਲਣਗੇ। ਇਹ ਗੱਲ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ।

ਮੀਤ ਹੇਅਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਖੇਡ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਓਲੰਪਿਕਸ ਜਾਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਤਿਆਰੀ ਰਾਸ਼ੀ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਛੇ ਨਿਸ਼ਾਨੇਬਾਜ਼ਾਂ ਦੀ ਓਲੰਪਿਕਸ ਲਈ ਚੋਣ ਹੋ ਚੁੱਕੀ ਹੈ ਜਦੋਂ ਕਿ ਹਾਕੀ, ਨਿਸ਼ਾਨੇਬਾਜ਼ੀ ਅਤੇ ਅਥਲੈਟਿਕਸ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਪੰਜਾਬੀ ਖਿਡਾਰੀਆਂ ਦੀ ਚੋਣ ਕੀਤੀ ਜਾਣੀ ਰਹਿੰਦੀ ਹੈ ਕਿਉਂਕਿ ਹਾਲੇ ਤੱਕ ਸਾਰੀਆਂ ਕੌਮੀ ਟੀਮਾਂ ਦਾ ਐਲਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਪੰਜਾਬੀ ਖਿਡਾਰੀਆਂ ਵੱਲੋਂ ਤਮਗ਼ੇ ਜਿੱਤਣ ਅਤੇ ਹਿੱਸਾ ਲੈਣ ਦੇ ਬਣਾਏ ਰਿਕਾਰਡ ਵਾਂਗ ਇਸ ਵਾਰ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਜਾਣ ਵਾਲੇ ਪੰਜਾਬੀ ਖਿਡਾਰੀਆਂ ਦਾ ਵੀ ਰਿਕਾਰਡ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਮੁੜ ਖੇਡਾਂ ਵਿੱਚ ਦੇਸ਼ ਦਾ ਮੋਢੀ ਸੂਬਾ ਬਣੇਗਾ।

ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖੇਡ ਨਰਸਰੀਆਂ ਦੀ ਸਥਾਪਨਾ ਦਾ ਕੰਮ ਚੱਲ ਰਿਹਾ ਸੀ ਜੋ ਕਿ ਚੋਣ ਜ਼ਾਬਤਾ ਲੱਗਣ ਕਰਕੇ ਆਰਜ਼ੀ ਤੌਰ ਉਤੇ ਰੁਕਿਆ ਹੋਇਆ ਸੀ। ਇਸੇ ਤਰ੍ਹਾਂ ਸੂਬੇ ਦੇ ਪਿੰਡਾਂ-ਸ਼ਹਿਰਾਂ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਖੇਡ ਢਾਂਚੇ ਦੇ ਨਿਰਮਾਣ ਦਾ ਕੰਮ ਵੀ ਪ੍ਰਗਤੀ ਅਧੀਨ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ, ਐਕਸੀਅਨ ਸੰਜੇ ਮਹਾਜਨ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਤੇ ਸਹਾਇਕ ਡਾਇਰੈਕਟਰ ਰਣਬੀਰ ਸਿੰਘ ਭੰਗੂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

View in English