ਫੈਕਟ ਸਮਾਚਾਰ ਸੇਵਾ
ਅਮਰਗੜ੍ਹ , ਜੁਲਾਈ 24
ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰੋਜੈਕਟ ਜੀਵਨਜੋਤ 2.0 ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ, ਵਿਰਾਜ ਐੋਸ. ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ਹੇਠ ਟਾਸਕ ਟੀਮ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਮਾਲੇਰਕੋਟਲਾ ਅਤੇ ਅਮਰਗੜ੍ਹ ਵਿਖੇ ਵਿਸ਼ੇਸ਼ ਚੈਕਿੰਗਾਂ ਕੀਤੀਆਂ ਗਈਆਂ। ਛਾਪੇਮਾਰੀ ਦੌਰਾਨ ਮਾਲੇਰਕੋਟਲਾ ‘ਚ ਭੀਖ ਮੰਗਦੇ 03 ਬੱਚੇ ਰੈਸਕਿਊ ਕੀਤੇ ਗਏ।
ਇਹ ਜਾਣਕਾਰੀ ਸਾਂਝੀ ਕਰਦਿਆਂ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਦੱਸਿਆ ਕਿ ਬਾਲ ਭਿਖਿਆ ਦੇ ਖਾਤਮੇ ਸਬੰਧੀ ਬਣਾਈ ਗਈ ਇੱਕ ਵਿਸ਼ੇਸ਼ ਟੀਮ, ਜਿਸ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਬਾਲ ਵਿਕਾਸ ਤੇ ਪ੍ਰੋਜੈਕਟ ਅਫਸਰ, ਪੁਲਿਸ ਵਿਭਾਗ, ਸਿਹਤ ਵਿਭਾਗ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਹਨ, ਦੁਆਰਾ ਜ਼ਿਲ੍ਹੇ ਦੇ ਹੌਟ ਸਪਾਟ ਸਥਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਮਾਲੇਰਕੋਟਲਾ ਵਿਖੇ ਭੀਖ ਮੰਗਦੇ ਹੋਏ 03 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਸਹਾਇਕ ਕਮਿਸ਼ਨਰ ਨੇ ਕਿਹਾ ਕਿ ਪ੍ਰਾਜੈਕਟ ਜੀਵਨਜੋਤ 2.0 ਨੂੰ ਲਾਗੂ ਕਰਨ ਸਮੇਤ ਜ਼ਿਲ੍ਹੇ ਨੂੰ ਭੀਖ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਅੰਦਰ ਬੱਚਿਆਂ ਦੀ ਤਸਕਰੀ ਨੂੰ ਰੋਕਣ ਲਈ ਭੀਖ ਮੰਗਦੇ ਫੜੇ ਗਏ ਸ਼ੱਕੀ ਬੱਚਿਆਂ ਦੇ ਡੀ.ਐਨ.ਏ. ਟੈਸਟ ਵੀ ਕਰਵਾਏ ਜਾਣਗੇ ਅਤੇ ਬਾਲ ਭਿੱਖਿਆ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਤਿੰਨੇ ਰੈਸਕਿਊ ਕੀਤੇ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਗਿਆ ਅਤੇ ਬੱਚਿਆਂ ਦੇ ਮਾਤਾ ਪਿਤਾ ਦੀ ਕਾਊਂਸਲਿੰਗ ਕਰਨ ਉਪਰੰਤ ਉਨ੍ਹਾਂ ਦੇ ਮਾਪਿਆਂ ਨੂੰ ਸੌਂਪਿਆ ਗਿਆ ਅਤੇ ਸਖਤ ਹਦਾਇਤਾਂ ਦਿੱਤੀਆਂ ਗਈਆਂ ਕਿ ਜੇਕਰ ਬੱਚਾ ਮੁੜ ਭੀਖ ਮੰਗਦਾ ਮਿਲਿਆ ਤਾਂ ਮਾਪਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਮਰਗੜ੍ਹ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਕੋਈ ਵੀ ਬਾਲ ਭਿਖਾਰੀ ਭੀਖ ਮੰਗਦਾ ਨਹੀਂ ਪਾਇਆ ਗਿਆ।
ਹਰਪ੍ਰੀਤ ਕੌਰ ਨੇ ਦੱਸਿਆ ਕਿ ਜੇਕਰ ਕਿਤੇ ਵੀ ਕੋਈ ਵਿਅਕਤੀ ਬੱਚੇ ਸਮੇਤ ਭੀਖ ਮੰਗਦਾ ਪਾਇਆ ਗਿਆ ਤਾਂ ਉਹਨਾਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਬੱਚੇ ਨਾਲ ਵਿਅਕਤੀ ਦਾ ਸਬੰਧ ਸਾਬਿਤ ਨਾ ਹੋਣ ਦੀ ਸੂਰਤ ਵਿੱਚ ਵਿਅਕਤੀ ਅਤੇ ਬੱਚੇ ਦੋਨਾਂ ਦਾ ਡੀ.ਐਨ.ਏ. ਟੈਸਟ ਕੀਤਾ ਜਾਵੇਗਾ ਅਤੇ ਜੂਵਿਨਾਇਲ ਜਸਟਿਸ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।