View in English:
December 25, 2024 11:04 pm

ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : CM ਮਾਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਦਸੰਬਰ 25

ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਥੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਠੋਸ ਯਤਨਾਂ ਸਦਕਾ ਹੁਣ ਤੱਕ 86,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋ ਗਿਆ ਹੈ, ਜਿਸ ਨਾਲ ਸੂਬੇ ਦੇ ਲਗਭਗ 3.92 ਲੱਖ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ।

ਇਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗੀਕਰਨ ਨੂੰ ਵੱਡੇ ਪੱਧਰ ‘ਤੇ ਹੁਲਾਰਾ ਦੇ ਕੇ ਸੂਬੇ ਨੂੰ ਵਿਕਾਸ ਦੇ ਸਿਖ਼ਰਾਂ ‘ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਸ਼ਾਸਨਕਾਲ ਦੇ ਸਿਰਫ 30 ਮਹੀਨਿਆਂ ਵਿੱਚ ਹੀ ਉਦਯੋਗੀਕਰਨ ਨੂੰ ਵੱਡਾ ਹੁਲਾਰਾ ਦਿੱਤਾ ਹੈ, ਜਿਸ ਦੇ ਸਿੱਟੇ ਵਜੋਂ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਦਿੱਗਜ਼ ਕੰਪਨੀਆਂ ਸੂਬੇ ਵਿੱਚ ਨਿਵੇਸ਼ ਲਈ ਤਿਆਰ ਖੜ੍ਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਵਾਲਾ ਮਾਹੌਲ ਹੈ, ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਦਾ ਮੁੱਖ ਕਾਰਕ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਆਉਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਸਤੇ ਖੁੱਲ੍ਹ ਰਹੇ ਹਨ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਇਨ੍ਹਾਂ ਪ੍ਰਾਜੈਕਟਾਂ ਵਿੱਚ ਸਿਰਫ਼ ਸਥਾਨਕ ਨੌਜਵਾਨਾਂ ਨੂੰ ਹੀ ਨੌਕਰੀਆਂ ਮਿਲਣ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੇ ਚਾਹਵਾਨ ਨਿਵੇਸ਼ਕਾਂ ਅੱਗੇ ਇਹੀ ਇੱਕੋ ਇੱਕ ਸ਼ਰਤ ਹੀ ਰੱਖੀ ਜਾ ਰਹੀ ਹੈ ਤਾਂ ਜੋ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਕੰਪਨੀਆਂ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਸੂਬੇ ਦੇ ਬਿਹਤਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਬਿਹਤਰੀਨ ਉਦਯੋਗਿਕ ਸੱਭਿਆਚਾਰ ਅਤੇ ਕੰਮ ਲਈ ਅਨੁਕੂਲ ਮਾਹੌਲ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਪੰਜਾਬ ਸੂਬੇ ਵਿੱਚ ਨਿਵੇਸ਼ ਕਰਕੇ ਉੱਦਮੀਆਂ ਨੂੰ ਵੱਡਾ ਫਾਇਦਾ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ, ਨਵੀਨ ਖੋਜਾਂ ਅਤੇ ਉਪਰਾਲਿਆਂ ਲਈ ਹਮੇਸ਼ਾ ਤਿਆਰ ਹੈ।

Leave a Reply

Your email address will not be published. Required fields are marked *

View in English