View in English:
July 21, 2025 5:26 pm

ਪੰਜਾਬ ਦੇ ਰਾਜਪਾਲ ਵਿਸ਼ਵ ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ ਦੀਆਂ ਅੰਤਿਮ ਰਸਮਾਂ ’ਚ ਹੋਏ ਸ਼ਾਮਲ

ਫੈਕਟ ਸਮਾਚਾਰ ਸੇਵਾ

ਜਲੰਧਰ, ਜੁਲਾਈ 21

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਸ਼ਵ ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ। ਉਨ੍ਹਾਂ ਫੌਜਾ ਸਿੰਘ ਦੇ ਜੱਦੀ ਪਿੰਡ ਬਿਆਸ ਵਿਖੇ ਪਹੁੰਚ ਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

ਉਨ੍ਹਾਂ ਨੇ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਮ੍ਰਿਤਕ ਦੇਹ ’ਤੇ ਫੁੱਲ ਮਲਾਵਾਂ ਭੇਟ ਕੀਤੀਆਂ। ਫੌਜਾ ਸਿੰਘ ਦਾ 14 ਜੁਲਾਈ ਨੂੰ ਆਪਣੇ ਪਿੰਡ ਵਿੱਚ ਸੜਕ ਪਾਰ ਕਰਦੇ ਸਮੇਂ ਇਕ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਕਾਰਨ ਦੇਹਾਂਤ ਹੋ ਗਿਆ ਸੀ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ, ਹਲਕਾ ਇੰਚਾਰਜ ਆਦਮਪੁਰ ਪਵਨ ਕੁਮਾਰ ਟੀਨੂੰ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਧਾਰਮਿਕ, ਰਾਜਨੀਤਕ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਹਾਜ਼ਰ ਸਨ।

ਇਸ ਮੌਕੇ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਫੌਜਾ ਸਿੰਘ ਇਕ ਮਹਾਨ ਮੈਰਾਥਨ ਦੌੜਾਕ ਹੋਣ ਦੇ ਨਾਲ-ਨਾਲ ਵਿਲੱਖਣ ਹਿੰਮਤ ਅਤੇ ਦ੍ਰਿੜ ਸੰਕਲਪ ਦੇ ਪ੍ਰਤੀਕ ਸਨ, ਜਿਨ੍ਹਾਂ ਅੰਤਰ ਰਾਸ਼ਟਰੀ ਪੱਧਰ ’ਤੇ ਦੇਸ਼ ਦਾ ਸਨਮਾਨ ਵਧਾਇਆ। ਮੈਰਾਥਨ ਦੌੜਾਕ ਦੀਆਂ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਫੌਜਾ ਸਿੰਘ ਦੀ ਮਿਹਨਤ ਅਤੇ ਲਗਨ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।

ਉਨ੍ਹਾਂ ਨੇ ਦਸੰਬਰ 2024 ਵਿੱਚ ਜ਼ਿਲ੍ਹਾ ਜਲੰਧਰ ਵਿਖੇ ਪਿੰਡ ਬਿਆਸ ਤੋਂ ਸ਼ੁਰੂ ਹੋਈ ਦੋ ਦਿਨਾ ‘ਨਸ਼ਾ ਮੁਕਤ-ਰੰਗਲਾ ਪੰਜਾਬ’ ਪੈਦਲ ਯਾਤਰਾ ਦੌਰਾਨ ਮੈਰਾਥਨ ਦੌੜਾਕ ਨਾਲ ਬਿਤਾਏ ਪਲਾਂ ਨੂੰ ਯਾਦ ਕਰਦਿਆਂ ਕਿਹਾ ਕਿ 114 ਸਾਲ ਦੀ ਉਮਰ ਵਿੱਚ ਵੀ ਉਨ੍ਹਾਂ ਦਾ ਜਜ਼ਬਾ ਬੇਮਿਸਾਲ ਸੀ। ਉਹ ਨਾ ਸਿਰਫ਼ ਨੌਜਵਾਨਾਂ ਲਈ ਸਗੋਂ ਸਮਾਜ ਦੇ ਹਰ ਵਰਗ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਉਨ੍ਹਾਂ ਦਾ ਜੀਵਨ ਹਮੇਸ਼ਾ ਚਾਨਣ ਮੁਨਾਰੇ ਦਾ ਕੰਮ ਕਰਦਾ ਰਹੇਗਾ।

ਰਾਜਪਾਲ ਨੇ ਕਿਹਾ ਕਿ ਦੌੜਾਕ ਫੌਜਾ ਸਿੰਘ ਦੇ ਜਾਣ ਨਾਲ ਨਾ ਸਿਰਫ਼ ਪੰਜਾਬ, ਸਗੋਂ ਦੇਸ਼ ਅਤੇ ਵਿਦੇਸ਼ਾਂ ਵਿੱਚ ਬੈਠਾ ਹਰ ਪੰਜਾਬੀ ਅਤੇ ਖੇਡ ਪ੍ਰੇਮੀ ਸੋਗ ਵਿੱਚ ਡੁੱਬ ਗਿਆ ਹੈ। ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

ਮੈਰਾਥਨ ਦੌੜਾਕ ਫੌਜਾ ਸਿੰਘ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਫੌਜਾ ਸਿੰਘ ਦੇ ਜਾਣ ਨਾਲ ਪਰਿਵਾਰ ਦੇ ਨਾਲ-ਨਾਲ ਖੇਡ ਜਗਤ ਨੂੰ ਵੀ ਵੱਡਾ ਘਾਟਾ ਪਿਆ ਹੈ, ਜਿਸ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਫੌਜਾ ਸਿੰਘ ਨੇ ਮੈਰਾਥਨ ਦੌੜਾਂ ਰਾਹੀਂ ਪੰਜਾਬ ਅਤੇ ਦੁਨੀਆ ਦੇ ਸਿੱਖ ਭਾਈਚਾਰੇ ਦਾ ਨਾਂ ਰੌਸ਼ਨ ਕੀਤਾ। ਉਨ੍ਹਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਲਈ ਉਹ ਹਮੇਸ਼ਾ ਪ੍ਰੇਰਨਾ ਸਰੋਤ ਬਣੇ ਰਹਿਣਗੇ।

ਕੈਬਨਿਟ ਮੰਤਰੀ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਪਰਿਵਾਰ ਨੂੰ ਇਸ ਵੱਡੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਦੀ ਅਰਦਾਸ ਕੀਤੀ।

ਇਸ ਮੌਕੇ ਡੀ.ਆਈ.ਜੀ. ਜਲੰਧਰ ਰੇਂਜ ਨਵੀਨ ਸਿੰਗਲਾ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨੇ ਵੀ ਸਵ. ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।

Leave a Reply

Your email address will not be published. Required fields are marked *

View in English