ਪੰਜਾਬ ਪੁਲਿਸ, ਐਨਡੀਆਰਐਫ, ਐਸਡੀਆਰਐਫ ਅਤੇ ਭਾਰਤੀ ਫੌਜ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਿਲ ਕੇ ਕੰਮ ਕਰ ਰਹੀਆਂ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਗਸਤ 30

ਭਾਰੀ ਮੀਂਹ ਦੇ ਚਲਦਿਆਂ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ‘ਚ ਪਾੜ ਪੈਣ ਜਾਂ ਪਾਣੀ ਦੇ ਓਵਰਫਲੋਅ ਕਾਰਨ ਬਣੀ ਹੜ੍ਹਾਂ ਵਰਗੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਪੁਲਿਸ, ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ), ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਮਿਲ ਕੇ ਕੰਮ ਕਰ ਰਹੀਆਂ ਹਨ ਅਤੇ ਹੁਣ ਤੱਕ 7689 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ।

ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ, ਜੋ ਕਿ ਸੂਬੇ ਵਿੱਚ ਬਣੇ ਹਾਲਾਤਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਪੰਜਾਬ ਪੁਲਿਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕੈਂਪ ਸਥਾਪਤ ਕੀਤੇ ਹਨ ਜਿੱਥੇ ਲੋਕਾਂ ਲਈ ਭੋਜਨ ਅਤੇ ਦਵਾਈਆਂ ਦੇ ਲੰਗਰ ਲਾਏ ਗਏ ਹਨ ਅਤੇ ਇਸਦੇ ਨਾਲ ਹੀ ਪਸ਼ੂਆਂ ਲਈ ਚਾਰਾ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਲੋਕਾਂ ਨੂੰ ਕੱਢਣ ਅਤੇ ਖਾਣੇ ਦੇ ਪੈਕੇਟ ਤੇ ਹੋਰ ਜ਼ਰੂਰੀ ਚੀਜ਼ਾਂ ਪਹੁੰਚਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕੱਢਣ ਅਤੇ ਸੁਰੱਖਿਅਤ ਥਾਵਾਂ ‘ਤੇ ਲਿਜਾਣ ਲਈ ਭਾਰਤੀ ਫੌਜ ਦੇ 20 ਹੈਲੀਕਾਪਟਰ ਰਾਜ ਵਿੱਚ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਫੀਲਡ ਵਿੱਚ ਰਹਿਣ ਅਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿਯਮਿਤ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਐਸਐਸਪੀਜ਼ ਰਾਹਤ ਕਾਰਜਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ।

ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਚਾਰ ਦਿਨਾਂ ਦਾ ਅਲਰਟ ਜਾਰੀ ਕੀਤੇ ਜਾਣ ਦੇ ਨਾਲ ਪੰਜਾਬ ਪੁਲਿਸ ਨੂੰ ਹੜ੍ਹ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਅਲਰਟ ‘ਤੇ ਰੱਖਿਆ ਗਿਆ ਹੈ।

Leave a Reply

Your email address will not be published. Required fields are marked *

View in English