View in English:
May 19, 2025 4:26 pm

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਮਈ 19

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦੇ ਤਿੰਨ ਕਾਰਕੁਨਾਂ ਨੂੰ 10.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਆਕਾਸ਼ਦੀਪ ਸਿੰਘ (22) ਅਤੇ ਆਕਾਸ਼ ਉਰਫ਼ ਮੋਟਾ (19) ਦੋਵੇਂ ਵਾਸੀ ਚੀਮਾ ਕਲਾਂ, ਤਰਨਤਾਰਨ ਅਤੇ ਸੰਦੀਪ ਸਿੰਘ (30) ਵਾਸੀ ਕੋਟਲੀ ਵਸਾਵਾ ਸਿੰਘ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ ਜਿਨ੍ਹਾਂ ਦੀ ਵਰਤੋਂ ਹੈਰੋਇਨ ਦੀ ਡਿਲੀਵਰੀ ਕਰਨ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਕਾਸ਼ਦੀਪ ਸਿੰਘ ਅਤੇ ਸੰਦੀਪ ਸਿੰਘ ਪਿਛਲੇ 6 ਸਾਲਾਂ ਤੋਂ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਇਹ ਪਾਕਿਸਤਾਨੀ ਤਸਕਰ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ ਅਤੇ ਇਸ ਖੇਪ ਨੂੰ ਅੱਗੇ ਵੰਡਣ ਲਈ ਵੱਖ-ਵੱਖ ਥਾਵਾਂ ‘ਤੇ ਡਿਲੀਵਰ ਕੀਤਾ ਜਾਂਦਾ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ, ਡੀਸੀਪੀ ਡਿਟੈਕਟਿਵ ਰਵਿੰਦਰਪਾਲ ਸਿੰਘ, ਏਡੀਸੀਪੀ ਡਿਟੈਕਟਿਵ ਜਗਬਿੰਦਰ ਸਿੰਘ ਅਤੇ ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਅਤੇ ਇੰਚਾਰਜ ਸੀਆਈਏ ਸਟਾਫ-1 ਅਮੋਲਕਦੀਪ ਸਿੰਘ ਦੀ ਅਗਵਾਈ ਵਿੱਚ ਇੱਕ ਟੀਮ ਨੇ ਮੁਲਜ਼ਮ ਅਕਾਸ਼ਦੀਪ ਸਿੰਘ ਅਤੇ ਅਕਾਸ਼ ਉਰਫ਼ ਮੋਟਾ ਨੂੰ ਗੁਰੂਦੁਆਰਾ ਬੋਹੜੀ ਸਾਹਿਬ ਰੋਡ ਤੋਂ 1.01 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਲਿਆ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਕੀਤੀ ਪੁੱਛਗਿੱਛ ਦੇ ਆਧਾਰ ‘ਤੇ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਸਾਥੀ ਸੰਦੀਪ ਸਿੰਘ ਨੂੰ ਝਬਾਲ ਰੋਡ ਤੋਂ 9.2 ਕਿਲੋਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਸੀਪੀ ਨੇ ਦੱਸਿਆ ਕਿ ਦੋਸ਼ੀ ਸੰਦੀਪ 2018-19 ਤੋਂ ਹੈਰੋਇਨ ਦੀ ਸਪਲਾਈ ਕਰ ਰਿਹਾ ਸੀ ਅਤੇ ਸ਼ੱਕ ਹੈ ਕਿ ਉਸ ਨੇ ਹੁਣ ਤੱਕ 200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਤਸਕਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਤੋਂ ਪੁੱਛਗਿੱਛ ਕਰਨ ਅਤੇ ਉਨ੍ਹਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰਬਰ 127 ਮਿਤੀ 16-05-2025 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 23 ਅਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਦਰਜ ਕੀਤੀ ਗਈ ਹੈ।

Leave a Reply

Your email address will not be published. Required fields are marked *

View in English