View in English:
February 28, 2025 10:47 pm

ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਮਿੱਥੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਫਰਵਰੀ 28

ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਆਦੇਸ਼ ਦਿੱਤੇ ਹਨ। ਅੱਜ ਇੱਥੇ ਪੰਜਾਬ ਭਵਨ ਵਿਖੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੌਰਾਨ ਵਿਚਾਰ-ਚਰਚਾ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਪਲ ਹੈ ਕਿਉਂਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕਿਸੇ ਵੀ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਇਸ ਲਾਹਨਤ ਦੇ ਖਿਲਾਫ਼ ਵਿਆਪਕ ਜੰਗ ਸ਼ੁਰੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਵੱਖ-ਵੱਖ ਚੁਣੌਤੀਆਂ ਨਾਲ ਨਜਿੱਠਣ ਦਾ ਲੰਮਾ ਅਤੇ ਸ਼ਾਨਦਾਰ ਇਤਿਹਾਸ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਪੁਲਿਸ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ ਅਤੇ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੇ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਅਤੇ ਮੁਲਜ਼ਮਾਂ ਨੂੰ ਦੋਸ਼ੀ ਠਹਿਰਾਉਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਦਾ ਗਠਨ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਇਸ ਨੇਕ ਕਾਰਜ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਇਸ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ ਤਾਂ ਜੋ ਸਾਡੇ ਨੌਜਵਾਨ ਇਸ ਦੀ ਲਪੇਟ ਵਿੱਚ ਨਾ ਆਉਣ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜ ਦੇਣ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਵੀ ਯਕੀਨੀ ਬਣਾਏਗੀ ਕਿ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਬਿਜਲੀ, ਪਾਣੀ ਤੇ ਹੋਰ ਸਹੂਲਤਾਂ ਵਿੱਚ ਕੋਈ ਸਬਸਿਡੀ ਨਾ ਦਿੱਤੀ ਜਾਵੇ ਤਾਂ ਕਿ ਅਪਰਾਧੀਆਂ ਨਾਲ ਕਰੜੇ ਹੱਥੀਂ ਨਿਪਟਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਐਨ.ਡੀ.ਪੀ.ਐਸ. ਐਕਟ ਵਿੱਚ ਕੋਈ ਹੋਰ ਸੋਧ ਦੀ ਲੋੜ ਪਵੇਗੀ ਤਾਂ ਉਹ ਇਸ ਮਸਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਜਨਤਕ ਅਤੇ ਸਮਾਜਿਕ ਮੁਹਿੰਮ ਵਿੱਚ ਬਦਲਣਾ ਚਾਹੀਦਾ ਹੈ ਜਿਸ ਲਈ ਅਧਿਕਾਰੀਆਂ ਨੂੰ ਵਿਆਪਕ ਕਾਰਵਾਈ ਲਈ ਢੁਕਵੀਂ ਵਿਉਂਤਬੰਦੀ ਕਰਨੀ ਚਾਹੀਦੀ ਹੈ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਨਾਰੰਗਵਾਲ ਪਿੰਡ ਦੀ ਮਿਸਾਲ ਦਿੱਤੀ ਜਿੱਥੇ ਵੀਰਵਾਰ ਸ਼ਾਮ ਨੂੰ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਢਾਹ ਦਿੱਤੀ ਗਈ ਸੀ। ਉਨ੍ਹਾਂ ਇਹ ਵੀ ਕਿਹਾ ਕਿ ਜਿਸ ਸ਼ਾਮਲਾਤ ਜ਼ਮੀਨ ‘ਤੇ ਬਣਾਏ ਗਏ ਇਸ ਘਰ ਨੂੰ ਢਾਹਿਆ ਗਿਆ ਹੈ, ਉਸ ਥਾਂ ਉਤੇ ਹੁਣ ਲਾਇਬ੍ਰੇਰੀ ਬਣਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਥਾਂ ਤੋਂ ਨਸ਼ੇ ਵੇਚੇ ਜਾਂਦੇ ਸਨ, ਉਸ ਥਾਂ ਨੂੰ ‘ਗਿਆਨ ਦੇ ਕੇਂਦਰ’ ਵਿੱਚ ਬਦਲਿਆ ਜਾਵੇਗਾ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਸਮੱਸਿਆ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਨੇ ਫੀਲਡ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਮੌਕੇ ਕਾਰਵਾਈ ਦੌਰਾਨ ਅਧਿਕਾਰੀਆਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਸੀਐਮ ਨੇ ਕਿਹਾ ਕਿ ਪੰਜਾਬ ਨੇ ਬੀਤੇ ਸਮੇਂ ਵਿੱਚ ਵੀ ਅੱਤਵਾਦ ਦੇ ਖਿਲਾਫ਼ ਜੰਗ ਜਿੱਤੀ ਸੀ ਅਤੇ ਹੁਣ ਸਾਰੇ ਅਧਿਕਾਰੀ ਨਸ਼ਿਆਂ ਦੀ ਲਾਹਨਤ ਦਾ ਖੁਰਾ-ਖੋਜ ਮਿਟਾ ਦੇਣ ਲਈ ਵੱਡੀ ਭੂਮਿਕਾ ਨਿਭਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਹੇਠਲੇ ਪੱਧਰ ‘ਤੇ ਠੋਸ ਯੋਜਨਾਬੰਦੀ ਅਤੇ ਅਮਲ ਰਾਹੀਂ ਜਿੱਤਣਾ ਹੋਵੇਗਾ ਜਿਸ ਲਈ ਅਧਿਕਾਰੀਆਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਠੋਸ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਕ ਅਸਾਧਾਰਨ ਜੰਗ ਹੈ ਅਤੇ ਸਰਕਾਰ ਨੂੰ ਖਾਸ ਤੌਰ ਉਤੇ ਹਰੇਕ ਅਧਿਕਾਰੀ ਨੂੰ ਲੀਹੋਂ ਹਟਵੇਂ ਵਿਚਾਰਾਂ ਨੂੰ ਅਮਲ ਵਿੱਚ ਲਿਆਉਣ ਅਤੇ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ।
ਮੁੱਖ ਮੰਤਰੀ ਨੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕਿਹਾ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਤਿੰਨ ਮਹੀਨਿਆਂ ਦੇ ਅੰਦਰ ਨਸ਼ਿਆਂ ਦੀ ਮੌਜੂਦਗੀ ਬਿਲਕੁਲ ਖਤਮ ਹੋਣੀ ਚਾਹੀਦੀ ਹੈ। ਇਕ ਮਹੀਨੇ ਬਾਅਦ ਹਰੇਕ ਐਸ.ਐਸ.ਪੀ. ਵੱਲੋਂ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਪ੍ਰੋਗਰਾਮ ਦੀ ਪ੍ਰਗਤੀ ਦਾ ਮੁਲਾਂਕਣ ਕਰਕੇ ਕਾਰਗੁਜ਼ਾਰੀ ਨਾ ਦਿਖਾਉਣ ਵਾਲਿਆਂ ਖਿਲਾਫ਼ ਸਖਤੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਖਿਲਾਫ਼ ਕੇਸ ਦਰਜ ਕੀਤੇ ਜਾਣੇ ਚਾਹੀਦੇ ਹਨ ਜਿਸ ਲਈ ਏ.ਐਨ.ਟੀ.ਐਫ. ਵੱਲੋਂ ਪਹਿਲਾਂ ਹੀ ਸੂਚੀ ਮੁਹੱਈਆ ਕਰਵਾ ਦਿੱਤੀ ਗਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਡੀ/ਦਰਮਿਆਨੀ ਮਾਤਰਾ ਵਿੱਚ ਨਸ਼ਿਆਂ ਦੀ ਬਰਾਮਦਗੀ ਦੇ ਮਾਮਲਿਆਂ ਵਿੱਚ ਗ੍ਰਿਫਤਾਰ ਦੋਸ਼ੀਆਂ ਦੀਆਂ ਜ਼ਮਾਨਤਾਂ ਰੱਦ ਕਰਨ ਵਿੱਚ ਪੂਰੀ ਵਾਹ ਲਾ ਦਿੱਤੀ ਜਾਵੇ।
ਮੁੱਖ ਮੰਤਰੀ ਨੇ ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਸਮੇਂ ਸਿਰ ਚਲਾਨ ਪੇਸ਼ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਕੈਮੀਕਲ ਰਿਪੋਰਟਾਂ ਵੀ ਸਮੇਂ ਉਤੇ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਵਿੱਚ ਨਸ਼ੇ ਦੀ ਓਵਰਡੋਜ਼ ਦੇ ਸਾਰੇ ਮਾਮਲਿਆਂ ਵਿੱਚ ਵਿਆਪਕ ਜਾਂਚ ਅਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਲਈ ਦਿਨ-ਰਾਤ ਵਾਹਨਾਂ ਦੀ ਸਖਤੀ ਨਾਲ ਜਾਂਚ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
ਇਕ ਹੋਰ ਮੁੱਦੇ ਨੂੰ ਉਠਾਉਂਦਿਆਂ ਮੁੱਖ ਮੰਤਰੀ ਨੇ ਨਸ਼ਿਆਂ ਦੀ ਖਪਤ ਜਾਂ ਨਸ਼ਿਆਂ ਨੂੰ ਉਤਸ਼ਾਹਤ ਕਰਨ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਖਿਲਾਫ਼ ਮਿਸਾਲੀ ਕਾਰਵਾਈ ਕਰਨ ਦੇ ਹੁਕਮ ਦਿੱਤੇ। ਇਸੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰੀ ਦੇ ਦੋਸ਼ੀਆਂ ਦੀ ਜਾਇਦਾਦ ਤੁਰੰਤ ਪ੍ਰਭਾਵ ਨਾਲ ਜ਼ਬਤ ਕੀਤੀ ਜਾਣੀ ਚਾਹੀਦੀ ਹੈ ਅਤੇ ਵਪਾਰਕ ਮਾਤਰਾ ਵਾਲੇ ਨਸ਼ਿਆਂ ਦੀ ਬਰਾਮਦਗੀ ਵਾਲੇ ਮਾਮਲਿਆਂ ਵਿੱਚ ਜਾਇਦਾਦ ਨੂੰ 100 ਫੀਸਦੀ ਜ਼ਬਤ ਕਰ ਲੈਣਾ ਚਾਹੀਦਾ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਪਾਰਕ ਮੰਤਵ ਵਾਲੇ ਨਸ਼ਿਆਂ ਦੀ ਬਰਾਮਦਗੀ ਵਾਲੇ ਮਾਮਲਿਆਂ ਵਿੱਚ ਗੈਰ-ਕਾਨੂੰਨੀ ਜਾਇਦਾਦਾਂ ਨੂੰ ਸੌ ਫੀਸਦੀ ਢਾਹ ਦੇਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕਿਹਾ ਕਿ ਨਸ਼ਿਆਂ ਤੋਂ ਵੱਧ ਪ੍ਰਭਾਵਿਤ ਥਾਵਾਂ (ਹੌਟਸਪੌਟ) ਦੀ ਤਹਿ ਤੱਕ ਜਾ ਕੇ ਸ਼ਨਾਖਤ ਕੀਤੀ ਜਾਣੀ ਚਾਹੀਦੀ ਹੈ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਹਰ ਪੰਦਰਵਾੜੇ ਹਰੇਕ ਪ੍ਰਭਾਵਿਤ ਇਲਾਕੇ ਵਿੱਚ ਅਤੇ ਹਰੇਕ ਹਫ਼ਤੇ ਜੇਲ੍ਹਾਂ ਵਿੱਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਚਲਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਦਿਨ-ਰਾਤ ਵਿਆਪਕ ਪੱਧਰ ਉਤੇ ਸਖ਼ਤੀ ਨਾਲ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ, ਜਿਸ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਨਸ਼ਾ ਤਸਕਰ ਪੁਲਿਸ ਨਾਲ ਦੁਰਵਿਵਹਾਰ ਕਰਦਾ ਹੈ ਤਾਂ ਉਸ ਨਾਲ ਬਹੁਤ ਕਰੜੇ ਹੱਥੀਂ ਨਜਿੱਠਿਆ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀ. ਨੂੰ ਨਸ਼ਾ ਛੁਡਾਊ ਤੇ ਰੋਕਥਾਮ ਦੀਆਂ ਰਣਨੀਤੀਆਂ ਨੂੰ ਲਾਗੂ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਅਤੇ ਓ.ਓ.ਏ.ਟੀ. ਕੇਂਦਰਾਂ ਦਾ ਸਰਕਾਰੀ ਅਤੇ ਨਿੱਜੀ, ਦੋਵਾਂ ਦਾ ਰੈਗੂਲਰ ਤੌਰ ਉਤੇ ਨਿਰੀਖਣ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਨੂੰ ਲੋੜੀਂਦੀ ਮਨੁੱਖੀ ਸ਼ਕਤੀ (ਮਨੋਚਿਕਿਤਸਕ ਤੇ ਕੌਂਸਲਰ ਆਦਿ ਸਮੇਤ) ਅਤੇ ਟੈਸਟਿੰਗ ਕਿੱਟਾਂ, ਦਵਾਈਆਂ, ਸੁਰੱਖਿਆ (ਸੁਰੱਖਿਆ ਸਟਾਫ/ਸੀ.ਸੀ.ਟੀ.ਵੀ.), ਸਫਾਈ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਲੈਸ ਹੋਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਮਰੀਜ਼ਾਂ ਦੀ ਵਧਦੀ ਗਿਣਤੀ ਕਾਰਨ ਪੈਦਾ ਹੋਣ ਵਾਲੀਆਂ ਜ਼ਰੂਰਤਾਂ ਲਈ ਤਿਆਰੀ ਕਰਨੀ ਚਾਹੀਦੀ ਹੈ ਅਤੇ ਕੈਮਿਸਟ ਦੁਕਾਨਾਂ ਦੀ ਨਿਰੰਤਰ ਜਾਂਚ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਐਸ.ਡੀ.ਐਮ./ਫੀਲਡ ਅਧਿਕਾਰੀ ਨਸ਼ੇ ਦੇ ਆਦੀਆਂ ਖਾਸ ਕਰਕੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਜਾਣ ਦੇ ਮਾਮਲੇ ਵਿੱਚ ਪੀੜਤਾਂ ਦੇ ਘਰ ਜਾਣ ਤਾਂ ਜੋ ਇਸ ਸਮੱਸਿਆ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਨੇ ਸਕੂਲ ਸਿਲੇਬਸ ਵਿੱਚ ਨਸ਼ੇ ਦੀ ਸਮੱਸਿਆ ਵਿਰੁੱਧ ਕੋਰਸ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਜਿਸ ਲਈ ਸਿੱਖਿਆ ਵਿਭਾਗ ਵੱਲੋਂ ਲੋੜੀਂਦੇ ਕਦਮ ਚੁੱਕੇ ਜਾਣਗੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਦੇ ਹਰੇਕ ਮਾਮਲੇ ਵਿੱਚ ਮੁੱਖ ਮੰਤਰੀ ਰਾਹਤ ਫੰਡ ਤੋਂ ਢੁਕਵੀਂ ਰਾਹਤ ਦਿੱਤੀ ਜਾਵੇ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਨਸ਼ੇ ਦੇ ਆਦੀਆਂ ਦੇ ਪਰਿਵਾਰਾਂ ਨੂੰ ਲੋੜੀਂਦੀ ਸਲਾਹ ਅਤੇ ਸਹਾਇਤਾ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਵਿਆਪਕ ਪੱਧਰ ਉਤੇ ਲੋਕਾਂ ਕੋਲ ਪਹੁੰਚ ਕਰਨ ਅਤੇ ਜਨ ਸੰਪਰਕ ਪ੍ਰੋਗਰਾਮ ਸ਼ੁਰੂ ਕਰਨ ਲਈ ਵੀ ਕਿਹਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਪੂਰੀ ਤਰ੍ਹਾਂ ਨਿਜਾਤ ਪਾਉਣ ਲਈ ਜ਼ਿਲ੍ਹਾ ਪੱਧਰ ਉਤੇ ਸਕੂਲ ਸਿੱਖਿਆ, ਖੇਡਾਂ, ਸਿਹਤ, ਰੋਜ਼ਗਾਰ ਤੇ ਹੁਨਰ ਵਿਕਾਸ ਵਿਭਾਗਾਂ ਵਿੱਚ ਆਪਸੀ ਤਾਲਮੇਲ ਬਿਠਾਉਣ ਲਈ ਕਿਹਾ। ਡਿਪਟੀ ਕਮਿਸ਼ਨਰਾਂ ਨੂੰ ਜਨਤਕ ਮੀਟਿੰਗਾਂ, ਕੈਪਾਂ, ਸੈਮੀਨਾਰ, ਸਾਈਕਲ ਰੈਲੀਆਂ, ਮਨੁੱਖੀ ਲੜੀਆਂ, ਖੇਡ ਸਮਾਗਮਾਂ, ਹੁਨਰ ਵਿਕਾਸ ਦੇ ਪ੍ਰਗੋਰਾਮਾਂ ਦੇ ਰੂਪ ਵਿੱਚ ਹਰੇਕ ਮਹੀਨੇ ਜਨ ਸੰਪਰਕ ਪ੍ਰੋਗਰਾਮਾਂ ਨੂੰ ਯਕੀਨੀ ਬਣਾਉਣ ਲਈ ਆਖਿਆ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਬੀਰ ਸਿੰਘ, ਤਰੁਣਪ੍ਰੀਤ ਸਿੰਘ ਸੌਂਦ ਅਤੇ ਲਾਲਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

View in English