View in English:
April 8, 2025 8:15 pm

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਹੇਠ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ : ਡਾ. ਬਲਜੀਤ ਕੌਰ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਪ੍ਰੈਲ 6

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦ੍ਰਿਸ਼ਟੀਕੋਣ ਅਧੀਨ, ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਰਾਹੀਂ ਵਿੱਤੀ ਸਾਲ 2024-2025 ਦੌਰਾਨ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਦੇ ਤਹਿਤ 20,136 ਲਾਭਪਾਤਰੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ। ਆਸ਼ੀਰਵਾਦ ਸਕੀਮ ਅਧੀਨ, ਪੰਜਾਬ ਸਰਕਾਰ ਵੱਲੋਂ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਆਗਾਹ ਕਰਦੇ ਹੋਏ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਲੋੜਵੰਦ ਬਿਨੈਕਾਰ ਦਾ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਲਾਜ਼ਮੀ ਹੈ। ਉਸ ਦਾ ਪਰਿਵਾਰ ਅਨੁਸੂਚਿਤ ਜਾਤੀ, ਪਛੜੀਆਂ ਸ੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜੋਰ ਵਰਗ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਇਨ੍ਹਾਂ ਸ਼ਰਤਾਂ ਨੂੰ ਪੂਰਾ ਕਰਦੇ ਪਰਿਵਾਰਾਂ ਦੀਆਂ ਦੋ ਧੀਆਂ ਤੱਕ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਰਕਮ ਸਿੱਧਾ ਡੀਬੀਟੀ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ, ਜਿਸ ਨਾਲ ਪੂਰੀ ਪਾਰਦਰਸ਼ਤਾ ਅਤੇ ਤੁਰੰਤ ਲਾਭ ਯਕੀਨੀ ਬਣਾਇਆ ਜਾਂਦਾ ਹੈ।

ਉਨ੍ਹਾਂ ਨੇ ਆਖ਼ਿਰ ‘ਚ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਤਰੱਕੀ, ਖੁਸ਼ਹਾਲੀ ਅਤੇ ਆਤਮਨਿਰਭਰਤਾ ਨੂੰ ਯਕੀਨੀ ਬਣਾਉਣ ਵੱਲ ਤੇਜ਼ੀ ਨਾਲ ਕਦਮ ਚੁੱਕ ਰਹੀ ਹੈ।

Leave a Reply

Your email address will not be published. Required fields are marked *

View in English