ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕਰ ਰਹੀ ਹੈ ਕੰਮ : ਹਰਪਾਲ ਚੀਮਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਸਤੰਬਰ 14

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੋਈ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਉਨ੍ਹਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਉਸ ਦੀ ਪੂਰੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਸਾਰੇ ਕੈਬਨਿਟ ਮੰਤਰੀ ਅਤੇ ਸਮੁੱਚਾ ਪ੍ਰਸ਼ਾਸਨ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਜੁਟਿਆ ਹੋਇਆ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਆਮ ਹੋਣ ਤੱਕ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਪ੍ਰਕਾਰ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਰਾਮ ਸਿੰਘ ਭੈਣੀ ਸਮੇਤ ਲਗਭਗ 20 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਸ ਜ਼ਮੀਨ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ ਜਿੱਥੇ ਕੋਈ ਫਸਲ ਦੀ ਬਿਜਾਈ ਨਹੀਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ‘ਗਿਰਦਾਵਰੀ’ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 2 ਲੱਖ ਰੁਪਏ ਯੋਗਦਾਨ ਵੀ ਪਾਇਆ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਆਵਾਜਾਈ ਸਹੂਲਤਾਂ ਜਲਦ ਹੀ ਬਹਾਲ ਕਰ ਦਿੱਤੀਆਂ ਜਾਣਗੀਆਂ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਾਬਾ ਗੁਰਦਿੱਤਾ ਜੀ ਗੁਰਦੁਆਰਾ ਕੀਰਤਪੁਰ ਸਾਹਿਬ ਦੀ ਇਮਾਰਤ ਵੀ ਭਾਰੀ ਬਾਰਿਸ਼ ਕਾਰਨ ਢਹਿ ਗਈ ਹੈ ਅਤੇ ਅਰਦਾਸ ਉਪਰੰਤ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੀ ਇਮਾਰਤ ਦੇ ਆਲੇ-ਦੁਆਲੇ ਕੰਕਰੀਟ ਦੇ ਥੰਮ੍ਹ ਲਗਾਉਣ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਆਲੇ-ਦੁਆਲੇ ਦੇ ਖੇਤਰ ਨੂੰ ਚੌੜਾ ਕੀਤਾ ਜਾਵੇਗਾ ਅਤੇ ਉੱਥੇ ਵੱਡੀ ਪਾਰਕਿੰਗ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਨੇ ਨੰਗਲ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਵੀ ਦੌਰਾ ਕੀਤਾ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੰਗਰੂਰ ਦੇ ਲਹਿਰਾਗਾਗਾ ਵਿੱਚ ਘੱਗਰ ਦਰਿਆ ਦਾ ਦੌਰਾ ਵੀ ਕੀਤਾ।

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜ਼ਿਲ੍ਹਾ ਪਠਾਨਕੋਟ ਦੇ 25 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵਿਆਪਕ ਸਫ਼ਾਈ ਅਭਿਆਨ ਚਲਾਇਆ ਗਿਆ। ਇਹਨਾਂ ਪਿੰਡਾਂ ਵਿੱਚ ਤਾਸ, ਮੱਖਣਪੁਰ, ਬਰਮਲ ਜੱਟਾਂ, ਅਖਵਾਣਾ, ਮੰਜੀਰੀ ਜੱਟਾਂ, ਮਾਜਰੀ ਅਰਾਈਆਂ, ਸੇਖੂਪੁਰ ਮੰਜੀਰੀ, ਮੰਜੀਰੀ ਰਾਜਪੂਤ, ਪਹਾੜੀਪੁਰ, ਫਰਵਾਲ, ਬਮਿਆਲ, ਭਾਗਵਾਲ, ਦਤਿਆਲ, ਜੈਨਪੁਰ, ਝਰਕ, ਪੰਮਣ, ਕੋਹਲੀਆਂ, ਅਨਿਆਲ, ਕਿਲਪੁਰ, ਗਾਜ਼ੀਬਰਵਨ, ਚਾਰੋਲੀ, ਬਸਾਊ ਬਰਵਨ, ਆਦਮ ਬਰਵਨ, ਕਾਂਸੀ ਬਰਵਨ ਅਤੇ ਖੁਦਾਈਪੁਰ ਸ਼ਾਮਲ ਹਨ। ਇਸ ਸਫ਼ਾਈ ਅਭਿਆਨ ਦੌਰਾਨ ਗਲੀਆਂ-ਨਾਲੀਆਂ ਦੀ ਸਫ਼ਾਈ, ਗੰਦੇ ਪਾਣੀ ‘ਤੇ ਛਿੜਕਾਅ ਅਤੇ ਫੌਗਿੰਗ ਵੀ ਕਰਵਾਈ ਗਈ। ਇਸ ਦੌਰਾਨ ਲੋਕਾਂ ਨੂੰ ਸਫ਼ਾਈ ਅਭਿਆਨ ਲਈ ਪ੍ਰੇਰਿਤ ਵੀ ਕੀਤਾ ਗਿਆ।

Leave a Reply

Your email address will not be published. Required fields are marked *

View in English