View in English:
June 1, 2025 11:51 pm

ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਥਲੈਟਿਕਸ ਮੀਟ

ਫੈਕਟ ਸਮਾਚਾਰ ਸੇਵਾ

ਬਟਾਲਾ, ਮਈ 30

ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ, ਬਟਾਲਾ ਵਿਖੇ ਐਥਲੈਟਿਕਸ ਮੀਟ ਕਰਵਾਈ ਗਈ, ਜਿਸ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।

ਇਸ ਮੌਕੇ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਮਾਜਿਕ ਬੁਰਾਈ ਨਸ਼ਾ ਭਿਆਨਕ ਰੂਪ ਅਖਤਿਆਰ ਕਰ ਚੁੱਕਾ ਹੈ ਅਤੇ ਸਮੂਹਿਕ ਯਤਨਾਂ ਨਾਲ ਇਸ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰ ਇੱਕ ਵਿਅਕਤੀ, ਜਿਸ ਵੀ ਖੇਤਰ ਵਿੱਚ ਵਿਚਰ ਰਿਹਾ, ਉਸਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੀ ਆਉਣ ਵਾਲੀ ਪੀੜੀ ਨੂੰ ਵਧੀਆ ਸਮਾਜ ਦੇ ਕੇ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ, ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਨਾਲ ਨਿਭਾ ਰਹੀ ਹੈ ਅਤੇ ਲੋਕਾਂ ਦੇ ਸਾਥ ਨਾਲ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਪੁਲਿਸ ਵਲੋਂ ਲਗਾਤਾਰ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਖੇਡਾਂ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਉਣ ਦੇ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਖ ਵੱਖ ਪੱਧਰ ’ਤੇ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਅੱਜ ਐਥਲੈਟਿਕਸ ਮੀਟ ਕਰਵਾਈ ਗਈ ਹੈ, ਜਿਸ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਤੇ ਲਗਨ ਨਾਲ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬਟਾਲਾ ਪੁਲਿਸ ਵਲੋਂ 21 ਜਨਵਰੀ ਨੂੰ ਵੀ ਐਂਟੀ ਡਰੱਗ ਅਵੈਰਨੈੱਸ ਡੇਅ ਅਤੇ ਐਥਲੈਟਿਕਸ ਮੀਟ ਕਰਵਾਈ ਗਈ ਸੀ।

ਉਨਾਂ ਅੱਗੇ ਦੱਸਿਆ ਕਿ ਐਥਲੈਟਿਕਸ ਮੀਟ ਕਰਵਾਉਣ ਦਾ ਮੁੱਖ ਮੰਤਵ ਸਮਾਜਿਕ ਬੁਰਾਈ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਹੈ। ਉਨਾਂ ਕਿਹਾ ਕਿ ਬਟਾਲਾ ਪੁਲਿਸ ਵਲੋਂ ਵਿੱਦਿਅਕ ਸੰਸਥਾਵਾਂ, ਸਮਾਜ ਸੇਵੀ ਸੇਵੀ ਸੰਸਥਾਵਾਂ, ਮੈਡੀਕਲ ਐਸੋਸੀਏਸ਼ਨਾਂ, ਬਾਰ ਕੌਂਸਲਾਂ ਸਮੇਤ ਵੱਖ ਵੱਖ ਸਖਸ਼ੀਅਤਾਂ ਰਾਹੀਂ ਨਸ਼ਿਆਂ ਵਿਰੁੱਧ ਅਭਿਆਨ ਵਿੱਢਿਆ ਗਿਆ ਹੈ, ਜਿਸ ਨੂੰ ਹਾਂ ਪੱਖੀ ਹੁੰਗਾਰਾ ਮਿਲਿਆ ਹੈ।

ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਦੀ ਜਾਣਕਾਰੀ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਕਰਨ ਜਾਂ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਈਨ ਨੰਬਰ ‘97791-00200’ ’ਤੇ ਸੂਚਿਤ ਕੀਤਾ ਜਾਵੇ ਅਤੇ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਇਸ ਮੌਕੇ ਐਸ.ਐਸ.ਪੀ ਬਟਾਲਾ ਅਤੇ ਪ੍ਰਮੁੱਖ ਸਖਸ਼ੀਅਤਾਂ ਵਲੋਂ ਐਥਲੈਟਿਕਸ ਮੀਟ ਵਿੱਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦੋੜਾਂ, ਛਲਾਂਗ ਤੇ ਰੱਸਾ ਕੱਸੀ ਸਮੇਤ ਵੱਖ-ਵੱਖ ਖੇਡਾਂ ਕਰਵਾਈਆਂ ਗਈਆਂ ਸਨ।

ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਜਸਵੰਤ ਕੌਰ ਐਸ.ਪੀ (ਐੱਚ) , ਤੇਜਿੰਦਰਪਾਲ ਸਿੰਘ, ਡੀ. ਐਸ. ਪੀ (ਹੈੱਡਕੁਆਰਟਰ) ਬਟਾਲਾ,
ਵੀ. ਐਮ ਗੋਇਲ, ਪ੍ਰਧਾਨ ਲਾਇਨਜ਼ ਕਲੱਬ ਬਟਾਲਾ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ ਸਮੇਤ ਵੱਖ-ਵੱਖ ਸਖਸੀਅਤਾਂ ਮੌਜੂਦ ਸਨ।

Leave a Reply

Your email address will not be published. Required fields are marked *

View in English