View in English:
May 12, 2024 4:03 pm

ਭਗਵੰਤ ਮਾਨ ਨੇ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ ‘ਚ ਕੀਤਾ ਰੋਡ ਸ਼ੋਅ

ਫੈਕਟ ਸਮਾਚਾਰ ਸੇਵਾ

ਫ਼ਿਰੋਜ਼ਪੁਰ, ਅਪ੍ਰੈਲ 28

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਿਰੋਜ਼ਪੁਰ ‘ਚ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ। ਮਾਨ ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਕਾਕਾ ਬਰਾੜ ਨੂੰ ਜਿਤਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਸੁਖਬੀਰ ਬਾਦਲ ‘ਤੇ ਜੰਮ ਕੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਹਾਰ ਦੇ ਡਰੋਂ ਮੈਦਾਨ ਛੱਡ ਕੇ ਭੱਜ ਗਏ ਹਨ। ਉਹ ਜਾਣਦੇ ਹਨ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਮੁੜ ਕਦੇ ਮੌਕਾ ਨਹੀਂ ਦੇਣਗੇ। ਇਸ ਲਈ ਉਨ੍ਹਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਅਕਾਲੀ ਦਲ ਦੇ ਨੁਮਾਇੰਦਿਆਂ ਵਜੋਂ ਕਈ ਵਾਰ ਕੇਂਦਰ ਸਰਕਾਰ ਦਾ ਹਿੱਸਾ ਰਿਹਾ ਹੈ ਪਰੰਤੂ ਇਨ੍ਹਾਂ ਲੋਕਾਂ ਨੇ ਕਦੇ ਵੀ ਪੰਜਾਬ ਦੇ ਹੱਕਾਂ ਲਈ ਕੋਈ ਆਵਾਜ਼ ਨਹੀਂ ਉਠਾਈ। ਇਨ੍ਹਾਂ ਨੇ ਹਮੇਸ਼ਾ ਆਪਣਾ ਫ਼ਾਇਦਾ ਹੀ ਦੇਖਿਆ ਅਤੇ ਪੰਜਾਬ ਦੇ ਹੱਕਾਂ ਨੂੰ ਅਣਗੌਲਿਆ ਕੀਤਾ। ਇਸ ਲਈ ਜਨਤਾ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਅਸਲ ਜਗ੍ਹਾ ਦਿਖਾ ਦਿੱਤੀ ਹੈ। ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਲੋਕਾਂ ਨੂੰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ ਦਿਖਾਉਂਦੇ ਹੋਏ ਕਿਹਾ ਕਿ ਭਾਜਪਾ ਬਾਬਾ ਸਾਹਿਬ ਦੇ ਲਿਖੇ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਚੋਣ ਸਿਰਫ਼ ਪ੍ਰਧਾਨ ਮੰਤਰੀ ਅਤੇ ਸੰਸਦ ਮੈਂਬਰ ਚੁਣਨ ਲਈ ਨਹੀਂ ਹੈ। ਇਹ ਚੋਣ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਹੈ। ਜੇਕਰ ਭਾਜਪਾ ਇਸ ਵਾਰ ਜਿੱਤ ਜਾਂਦੀ ਹੈ ਤਾਂ ਦੇਸ਼ ਵਿੱਚ ਮੁੜ ਕਦੇ ਚੋਣਾਂ ਨਹੀਂ ਹੋਣਗੀਆਂ। ਉਹ ਰੂਸ ਅਤੇ ਚੀਨ ਵਰਗੇ ਦੇਸ਼ਾਂ ਦੀ ਤਰਾਂ ਇੱਥੇ ਵੀ ਇੱਕ ਪਾਰਟੀ ਸਿਸਟਮ ਲਾਗੂ ਕਰ ਦੇਵੇਗੀ ਅਤੇ ਤੁਹਾਡੇ ਵੋਟ ਦੇ ਅਧਿਕਾਰ ਨੂੰ ਖੋਹ ਲਵੇਗੀ। ਇਸ ਲਈ ਇਸ ਵਾਰ ਭਾਜਪਾ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵਾਲੇ ਦੇਸ਼ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ, ਜਦਕਿ ਪੰਜਾਬ ਆਪਸੀ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਇੱਥੇ ਲੋਕ ਗੁਰਪੁਰਬ, ਈਦ ਅਤੇ ਰਾਮ ਨੌਮੀ ਇਕੱਠੇ ਹੋ ਕੇ ਮਨਾਉਂਦੇ ਹਨ। ਇੱਥੋਂ ਦੇ ਲੋਕ ਕਦੇ ਵੀ ਨਫ਼ਰਤ ਦੀ ਰਾਜਨੀਤੀ ਨੂੰ ਸਵੀਕਾਰ ਨਹੀਂ ਕਰਦੇ। ਇਸ ਵਾਰ ਵੀ ਪੰਜਾਬ ਦੇ ਲੋਕ ਨਫਰਤ ਦੀ ਰਾਜਨੀਤੀ ਨੂੰ ਨਕਾਰ ਕੇ ਕੰਮ ਦੀ ਰਾਜਨੀਤੀ ਨੂੰ ਹੀ ਚੁਣਨਗੇ।

ਉਨ੍ਹਾਂ ਨੇ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਤੋਂ ਬਹੁਤ ਡਰੀ ਹੋਈ ਹੈ। ਇਸ ਲਈ ਉਨ੍ਹਾਂ ਨੇ ਇੱਕ ਸਾਜ਼ਿਸ਼ ਦੇ ਤਹਿਤ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਗ੍ਰਿਫਤਾਰ ਕਰ ਲਿਆ ਹੈ। ਉਹ ਸੋਚਦੇ ਹਨ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਕੇ ਉਹ ਆਮ ਆਦਮੀ ਪਾਰਟੀ ਨੂੰ ਖਤਮ ਕਰ ਦੇਣਗੇ, ਪਰੰਤੂ ਇਹ ਉਨ੍ਹਾਂ ਦੀ ਗਲਤ ਫਹਿਮੀ ਹੈ, ਕਿਉਂਕਿ ਕੇਜਰੀਵਾਲ ਇਕ ਵਿਅਕਤੀ ਹੀ ਨਹੀਂ ਹਨ, ਬਲਕਿ ਉਹ ਇਕ ਵਿਚਾਰ ਹਨ। ਉਹ ਅਰਵਿੰਦ ਕੇਜਰੀਵਾਲ ਦੇ ਸਰੀਰ ਨੂੰ ਗ੍ਰਿਫਤਾਰ ਕਰ ਸਕਦੇ ਹਨ ਪਰ ਉਨ੍ਹਾਂ ਦੀ ਸੋਚ ਨੂੰ ਕਿਵੇਂ ਗ੍ਰਿਫਤਾਰ ਕਰਨਗੇ?

ਸਰਹੱਦੀ ਖੇਤਰ ਦੇ ਕਿਸਾਨਾਂ ‘ਤੇ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਦੇ ਹਰ ਕੋਨੇ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਕੱਟ ਲੱਗ-ਲੱਦ ਕੇ 8 ਘੰਟੇ ਹੀ ਬਿਜਲੀ ਮਿਲਦੀ ਸੀ, ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ 11 ਘੰਟੇ ਬਿਜਲੀ ਦੇਣ ਅਤੇ ਉਹ ਵੀ ਦਿਨ ਦੇ ਸਮੇਂ ਤਾਂ ਕਿ ਉਨ੍ਹਾਂ ਦਾ ਸਮਾਂ ਅਤੇ ਊਰਜਾ ਬਰਬਾਦ ਨਾ ਹੋਵੇ।

ਉਨ੍ਹਾਂ ਨੇ ਕਿਹਾ ਕਿ ਦੋ ਗੇੜ ਦੀ ਵੋਟਿੰਗ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਇਸ ਵਾਰ ਕੇਂਦਰ ਵਿੱਚ ਇੰਡੀਆ ਗੱਠਜੋੜ ਦੀ ਹੀ ਸਰਕਾਰ ਬਣਨ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਉਸ ਸਰਕਾਰ ਦੀ ਅਹਿਮ ਭਾਈਵਾਲ ਹੋਵੇਗੀ। ਇਸ ਲਈ ਸਾਨੂੰ ਮਜ਼ਬੂਤ ਕਰਨ ਲਈ ਮੈਨੂੰ 13 ਹੋਰ ਹੱਥ ਦਿਓ। ਸਾਡੇ ਸਾਰੇ ਸੰਸਦ ਮੈਂਬਰ ਲੋਕ ਸਭਾ ਵਿੱਚ ਪੰਜਾਬ ਦੇ ਹੱਕਾਂ ਨੂੰ ਉਠਾਉਂਦੇ ਹੋਏ ਆਪਣੀ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਵੀ ਸਾਡੇ ਗੱਠਜੋੜ ਦੀ ਹੋਵੇਗੀ, ਫਿਰ ਪੰਜਾਬ ਦੇ ਫ਼ੰਡਾਂ ਦਾ ਇੱਕ ਰੁਪਿਆ ਵੀ ਨਹੀਂ ਰੋਕਿਆ ਜਾਵੇਗਾ।

Leave a Reply

Your email address will not be published. Required fields are marked *

View in English