View in English:
May 6, 2024 3:45 am

ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ

ਫੈਕਟ ਸਮਾਚਾਰ ਸੇਵਾ

ਮੋਗਾ, ਅਪ੍ਰੈਲ 24

ਜ਼ਿਲ੍ਹਾ ਮੋਗਾ ਵਿੱਚ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਆਈ.ਏ.ਐਸ. ਵੱਲੋਂ ਮੋਗਾ ਮੰਡੀ ਦਾ ਸਪੈਸ਼ਲ ਦੌਰਾ ਕੀਤਾ। ਉਨ੍ਹਾਂ ਵੱਲੋਂ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਲ੍ਹਾ ਮੋਗਾ ਵਿੱਚ ਖ੍ਰੀਦ ਦੇ ਪ੍ਰਬੰਧਾਂ ਉੱਪਰ ਉਨ੍ਹਾਂ ਵੱਲੋਂ ਸੰਤੁਸ਼ਟੀ ਪ੍ਰਗਟਾਈ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਸਾਰੀਆਂ ਮੰਡੀਆਂ ਖ੍ਰੀਦ ਦੇ ਵਿੱਚ ਯੋਗ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਜ਼ਿਲ੍ਹਾ ਮੈਨੇਜਰ ਮਾਰਕਫੈਡ ਬਲਦੀਪ ਸਿੰਘ, ਸਹਾਇਕ ਖੁਰਾਕ ਸਪਲਾਈ ਅਫ਼ਸਰ ਗੁਰਲਾਲ ਸਿੰਘ, ਨਿਰੀਖਕ ਜਗਦੀਪ ਸਿੰਘੂ, ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ ਅਮਨਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ 155 ਮੰਡੀਆਂ ਵਿੱਚ ਪੁਖਤਾ ਖ੍ਰੀਦ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵੱਲੋਂ ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਵੀ ਖ੍ਰੀਦ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਵੱਲੋਂ ਅਜੀਤਵਾਲ ਤੇ ਡਾਲਾ ਦਾਣਾ ਮੰਡੀਆਂ ਦਾ ਵੀ ਦੌਰਾ ਕੀਤਾ। ਡਿਪਟੀ ਕਮਿਸ਼ਨਰ ਵੱਲੋਂ ਰਬੀ ਸੀਜ਼ਨ 2024-25 ਦੇ ਸਬੰਧ ਵਿੱਚ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਹੈਕਟੇਅਰ 54 ਕੁਇੰਟਲ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 49 ਕੁਇੰਟਲ ਦਰਜ ਕੀਤੀ ਗਈ ਸੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਦੀਆਂ ਕੁੱਲ 155 ਮੰਡੀਆਂ ਵਿੱਚ ਅੰਦਾਜ਼ਨ 693201 ਮੀਟਰਕ ਟਨ ਕਣਕ ਆਮਦ ਆਉਣ ਦੀ ਸੰਭਾਵਨਾ ਹੈ। ਜਿਸ ਲਈ ਸਮੂਹ ਖਰੀਦ ਏਜੰਸੀਆਂ ਵਿਚਕਾਰ ਇਹਨਾਂ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ। ਸਮੂਹ ਖਰੀਦ ਏਜੰਸੀਆਂ ਨੂੰ 24331 ਗੱਠਾਂ ਦੀ ਜਰੂਰਤ ਹੈ ਤੇ ਏਜੰਸੀਵਾਈਜ਼ ਇਹ ਬਾਰਦਾਨਾ / ਗੱਠਾਂ ਉਪਲੱਬਧ ਹਨ। ਵਿਭਾਗ ਵੱਲੋਂ 2275 ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ।
ਸਹਾਇਕ ਖੁਰਾਕ ਅਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 125084 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 100479 ਮੀਟ੍ਰਿਕ ਟਨ ਭਾਵ 80 ਫੀਸਦੀ ਕਣਕ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ। ਲਿਫ਼ਟਿੰਗ ਦਾ ਕੰਮ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਕਣਕ ਦੀ ਸਰਕਾਰੀ ਖਰੀਦ ਲਈ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *

View in English