ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜਨਵਰੀ 13
ਭਾਰਤ ਮੌਸਮ ਵਿਭਾਗ ਨੇ ਉੱਤਰ-ਪੱਛਮੀ ਭਾਰਤ ਵਿੱਚ ਅਗਲੇ ਦੋ ਦਿਨਾਂ ਤੱਕ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ। ਉੱਤਰੀ ਅਤੇ ਮੱਧ ਭਾਰਤ ਦੇ ਲੋਕਾਂ ਨੂੰ ਕੜਾਕੇ ਦੀ ਠੰਢ ਤੋਂ ਰਾਹਤ ਨਹੀਂ ਮਿਲ ਰਹੀ ਹੈ। ਇੱਕ ਨਵੀਂ ਪੱਛਮੀ ਗੜਬੜੀ 14 ਜਨਵਰੀ ਦੀ ਰਾਤ ਤੋਂ ਮੌਸਮ ਨੂੰ ਪ੍ਰਭਾਵਿਤ ਕਰੇਗੀ। ਇਸ ਕਾਰਨ ਅਗਲੇ ਦੋ ਦਿਨ ਲੋਕਾਂ ਨੂੰ ਬਰਸਾਤ ਦੇ ਨਾਲ-ਨਾਲ ਠੰਢ ਦਾ ਸਾਹਮਣਾ ਕਰਨਾ ਪਵੇਗਾ। ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਅਗਲੇ 48 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਅੱਜ ਯਾਨੀ 13 ਜਨਵਰੀ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਸੰਘਣੀ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਦਿੱਲੀ ਵਿੱਚ 14 ਜਨਵਰੀ ਨੂੰ ਸੰਘਣੀ ਧੁੰਦ ਜਾਰੀ ਰਹੇਗੀ। ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਇਨ੍ਹੀਂ ਦਿਨੀਂ ਪੱਛਮੀ ਗੜਬੜੀ ਸਰਗਰਮ ਹੈ। 14 ਜਨਵਰੀ ਦੀ ਰਾਤ ਤੋਂ ਮੁੜ ਮੌਸਮ ਵਿੱਚ ਤਬਦੀਲੀ ਆਵੇਗੀ ਅਤੇ ਇਹ ਸਿਲਸਿਲਾ 16 ਜਨਵਰੀ ਤੱਕ ਜਾਰੀ ਰਹੇਗਾ। ਪੱਛਮੀ ਗੜਬੜੀ ਕਾਰਨ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਅਤੇ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਹਾੜੀ ਰਾਜਾਂ ਵਿੱਚ ਵੀ ਬਰਫ਼ਬਾਰੀ ਹੋਵੇਗੀ।
ਪਿਛਲੇ 24 ਘੰਟਿਆਂ ਦੌਰਾਨ ਪੱਛਮੀ ਗੜਬੜੀ ਕਾਰਨ ਜੰਮੂ-ਕਸ਼ਮੀਰ, ਪੰਜਾਬ, ਹਰਿਆਣਾ, ਉੱਤਰਾਖੰਡ, ਰਾਜਸਥਾਨ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਸੰਘਣੀ ਧੁੰਦ ਪਈ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਸੀ।
ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਤਿੰਨ ਦਿਨਾਂ ਤੱਕ ਤਾਪਮਾਨ 2-4 ਡਿਗਰੀ ਸੈਲਸੀਅਸ ਵਧ ਸਕਦਾ ਹੈ। ਜੇਕਰ ਪੱਛਮੀ ਭਾਰਤ ਦੀ ਗੱਲ ਕਰੀਏ ਤਾਂ ਅਗਲੇ 24 ਘੰਟਿਆਂ ‘ਚ ਘੱਟੋ-ਘੱਟ ਤਾਪਮਾਨ 2-3 ਡਿਗਰੀ ਸੈਲਸੀਅਸ ਹੇਠਾਂ ਆ ਜਾਵੇਗਾ।