ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਕਤੂਬਰ 22

ਭ੍ਰਿਸ਼ਟਾਚਾਰ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਨੂੰ ਹਾਲ ਹੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਸੂਬਾ ਸਰਕਾਰ ਦੀਆਂ ਨੈਤਿਕ ਕਦਰਾਂ ਕੀਮਤਾਂ ਦਾ ਮੂਲ ਹੈ, ਜੋ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਦੀਆਂ ਕਾਰਵਾਈਆਂ ਤੋਂ ਸਾਫ਼ ਝਲਕਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ੀ ਪਾਏ ਗਏ ਕਿਸੇ ਵੀ ਵਿਅਕਤੀ ਨੂੰ ਨਾ ਬਖਸ਼ ਕੇ ਜ਼ੀਰੋ-ਟੌਲਰੈਂਸ ਪਹੁੰਚ ਨੂੰ ਬਰਕਰਾਰ ਰੱਖਿਆ ਹੈ। ਸੀਐਮ ਮਾਨ ਨੇ ਕਿਹਾ ਕਿ ਇਸ ਨੀਤੀ ਤਹਿਤ ਹਾਲ ਹੀ ਵਿੱਚ ਇੱਕ ਕੇਂਦਰੀ ਏਜੰਸੀ ਦੁਆਰਾ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਆਈ.ਪੀ.ਐਸ. ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਵਾਈ ਜਨਤਕ ਸੇਵਾ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਕਾਰਵਾਈਆਂ ਨਾਲ ਜਨਤਾ ਦੇ ਵਿਸ਼ਵਾਸ ਨੂੰ ਖੋਰਾ ਲੱਗਦਾ ਹੈ ਅਤੇ ਦੇਸ਼ ਦੀ ਤਰੱਕੀ ਵਿੱਚ ਖੜੋਤ ਆਉਂਦੀ ਹੈ। ਇਸ ਲਈ ਸਰਕਾਰ ਨੇ ਇਸ ਖ਼ਤਰੇ ਨੂੰ ਖਤਮ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 16 ਅਕਤੂਬਰ, 2025 ਤੋਂ ਮੁਅੱਤਲ ਮੰਨਿਆ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ ਭਾਵੇਂ ਉਸ ਦਾ ਕੋਈ ਵੀ ਅਹੁਦਾ ਜਾਂ ਪ੍ਰਭਾਵ ਹੋਵੇ, ਸਮਾਜ ਵਿਰੁੱਧ ਇਸ ਗੰਭੀਰ ਅਪਰਾਧ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਦੀ ਕਾਰਵਾਈ ਇੱਕ ਵਾਰ ਫਿਰ ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਕਿਸੇ ਮੁਲਜ਼ਮ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਕੰਮਾਂ ਵਿੱਚ ਸ਼ਾਮਲ ਲੋਕਾਂ ਨਾਲ ਕੋਈ ਨਰਮੀ ਨਹੀਂ ਦਿਖਾਈ ਜਾਵੇਗੀ। ਸੀਐਮ ਮਾਨ ਨੇ ਕਿਹਾ ਕਿ 2022 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਨਿਰੰਤਰ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤੋਂ ਪੰਜਾਬ ਵਿੱਚ ਸਾਫ਼ ਅਤੇ ਪਾਰਦਰਸ਼ੀ ਸ਼ਾਸਨ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਹੁੰਦੀ ਹੈ।

Leave a Reply

Your email address will not be published. Required fields are marked *

View in English