View in English:
May 12, 2025 11:25 am

ਮੁੱਖ ਮੰਤਰੀ ਵੱਲੋਂ ਜਮ੍ਹਾਂਖੋਰੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਈ 11

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ ਹੈ ਅਤੇ ਲੋਕ ਸੰਕਟ ਦੀ ਇਸ ਘੜੀ ਵਿੱਚ ਘਬਰਾਹਟ ‘ਚ ਆ ਕੇ ਲੋੜ ਤੋਂ ਵੱਧ ਖਰੀਦਦਾਰੀ ਤੋਂ ਗੁਰੇਜ਼ ਕਰਨ।

ਇਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਕਿਸੇ ਵੀ ਚੀਜ਼ ਬਾਰੇ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸਾਰੀਆਂ ਜ਼ਰੂਰੀ ਵਸਤਾਂ ਲਈ ਵਿਸਥਾਰਤ ਪ੍ਰਬੰਧ ਕੀਤੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਚੀਜ਼ ਦੀ ਕੋਈ ਕਮੀ ਨਹੀਂ ਹੈ, ਇਸ ਲਈ ਲੋਕ ਘਬਰਾਹਟ ‘ਚ ਆ ਕੇ ਲੋੜ ਤੋਂ ਵੱਧ ਖਰੀਦਦਾਰੀ ਨਾ ਕਰਨ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਜ਼ਰੂਰੀ ਵਸਤਾਂ ਦੀ ਘਾਟ ਪੈਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਸਖ਼ਤੀ ਨਾਲ ਨਜਿੱਠਦਿਆਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਲੋਕਾਂ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ।

ਉਨ੍ਹਾਂ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਰਿਪੋਰਟਿੰਗ ਦੌਰਾਨ ਸੰਜਮ ਵਰਤਦਿਆਂ ਇਹ ਯਕੀਨੀ ਬਣਾਉਣ ਕਿ ਇਸ ਨਾਲ ਤਣਾਅ ਵਧਣ ਜਾਂ ਸਥਿਤੀ ਦੇ ਹੋਰ ਵਿਗੜਨ ਵਰਗੇ ਹਾਲਾਤ ਪੈਦਾ ਨਾ ਹੋਣ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਦਾ ਨੈਤਿਕ ਫਰਜ਼ ਬਣਦਾ ਹੈ ਕਿ ਅਸੀਂ ਇਹ ਯਕੀਨੀ ਬਣਾਈਏ ਅਤੇ ਖਾਸ ਕਰਕੇ ਇਨ੍ਹਾਂ ਔਖੇ ਸਮਿਆਂ ਦੌਰਾਨ ਜਨਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਘਬਰਾਹਟ, ਭੰਬਲਭੂਸਾ ਜਾਂ ਗਲਤ ਜਾਣਕਾਰੀ ਨਾ ਫੈਲੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਸਰਹੱਦੀ ਖੇਤਰਾਂ ਦੇ ਮੰਤਰੀਆਂ ਨੂੰ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਆਪੋ-ਆਪਣੇ ਇਲਾਕਿਆਂ ਵਿੱਚ ਪੱਕੇ ਤੌਰ ‘ਤੇ ਤਾਇਨਾਤ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਦੇ ਹੋਰ ਸਾਥੀ ਵੀ ਰੋਟੇਸ਼ਨ (ਵਾਰੋ-ਵਾਰੀ) ਦੇ ਆਧਾਰ ‘ਤੇ ਇਨ੍ਹਾਂ ਸਰਹੱਦੀ ਕਸਬਿਆਂ ਦਾ ਦੌਰਾ ਕਰਨਗੇ ਤਾਂ ਜੋ ਐਮਰਜੈਂਸੀ ਦੀ ਇਸ ਸਥਿਤੀ ਵਿੱਚ ਲੋਕਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਜਾ ਸਕੇ। ਸੀਐਮ ਮਾਨ ਨੇ ਕਿਹਾ ਕਿ ਕੈਬਨਿਟ ਮੰਤਰੀ ਫਾਇਰ ਸਟੇਸ਼ਨਾਂ, ਹਸਪਤਾਲਾਂ, ਰਾਸ਼ਨ ਡਿਪੂਆਂ ਅਤੇ ਹੋਰ ਥਾਵਾਂ ਦਾ ਦੌਰਾ ਕਰਨਗੇ ਤਾਂ ਜੋ ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਹ ਬਚਾਅ ਕਾਰਜਾਂ ਦੀ ਨਿਗਰਾਨੀ ਕਰਦਿਆਂ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕਰਨਾ ਯਕੀਨੀ ਬਣਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਦੇਸ਼ ਸਰਹੱਦੀ ਇਲਾਕਿਆਂ ਵਿੱਚ ਵਸਦੇ ਇਨ੍ਹਾਂ ਨਾਗਰਿਕਾਂ ਦਾ ਰਿਣੀ ਹੈ ਕਿਉਂਕਿ ਇਨ੍ਹਾਂ ਲੋਕਾਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦੌਰਾਨ ਕਈ ਸਮੱਸਿਆਵਾਂ ਵਿੱਚੋਂ ਗੁਜ਼ਰਨਾ ਪੈਂਦਾ ਹੈ ਅਤੇ ਉਹ ਨਿਡਰਤਾ ਨਾਲ ਇਸ ਦਾ ਸਾਹਮਣਾ ਕਰਦੇ ਹਨ। ਲੋਕਾਂ ਨੂੰ ਸੰਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੰਦਿਆਂ ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਵਾਸੀ ਸੱਚੇ ਦੇਸ਼ ਭਗਤ ਹਨ ਅਤੇ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ/ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਜੰਗ ਅਤੇ ਅੱਤਵਾਦੀ ਗਤੀਵਿਧੀਆਂ ਦੇ ਪੀੜਤਾਂ ਨੂੰ ਤੁਰੰਤ ਡਾਕਟਰੀ ਇਲਾਜ ਮੁਹੱਈਆ ਕਰਵਾਉਣ, ਕੀਮਤੀ ਜਾਨਾਂ ਬਚਾਉਣ ਅਤੇ ਆਮ ਲੋਕਾਂ ਨੂੰ ਜੰਗ ਅਤੇ ਅੱਤਵਾਦੀ ਗਤੀਵਿਧੀਆਂ ਦੇ ਪੀੜਤਾਂ ਨੂੰ ਜਲਦ ਤੋਂ ਜਲਦ ਨਜ਼ਦੀਕੀ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲ ਵਿੱਚ ਪਹੁੰਚਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਫਰਿਸ਼ਤੇ ਸਕੀਮ 2024 ਦਾ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਜੰਗ ਅਤੇ ਅੱਤਵਾਦੀ ਗਤੀਵਿਧੀਆਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਸਮੇਂ ਸਿਰ ਵਿਆਪਕ ਸਹਾਇਤਾ ਅਤੇ ਰਾਹਤ ਮਿਲਣਾ ਯਕੀਨੀ ਬਣਾਏਗਾ। ਸੀਐਮ ਮਾਨ ਨੇ ਕਿਹਾ ਕਿ ਇਸ ਵਿਸਥਾਰ ਦਾ ਉਦੇਸ਼ ਇਸ ਔਖੀ ਘੜੀ ਵਿੱਚ ਅਸਾਧਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਅਤੇ ਰਾਹਤ ਯਕੀਨੀ ਬਣਾਉਣ ਹੈ, ਜੋ ਸੂਬਾ ਸਰਕਾਰ ਦੀ ਵਚਨਬੱਧਤਾ ਦੀ ਪ੍ਰੋੜ੍ਹਤਾ ਕਰਦਾ ਹੈ।

Leave a Reply

Your email address will not be published. Required fields are marked *

View in English