View in English:
May 10, 2024 2:11 pm

ਮੁੱਖ ਮੰਤਰੀ ਵੱਲੋਂ ਦੁਸਹਿਰੇ ਮੌਕੇ ਲੋਕਾਂ ਨੂੰ ਅਪੀਲ

ਫੈਕਟ ਸਮਾਚਾਰ ਸੇਵਾ

ਹੁਸ਼ਿਆਰਪੁਰ, ਅਕਤੂਬਰ 25

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ‘ਤੇ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ।

ਇੱਥੇ ਸ੍ਰੀ ਰਾਮ ਲੀਲਾ ਕਮੇਟੀ ਵੱਲੋਂ ਮਨਾਏ ਗਏ ਦੁਸਹਿਰੇ ਦੇ ਤਿਉਹਾਰ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਤਿਉਹਾਰ ਨੂੰ ਮਨਾਉਣ ਲਈ ਇੱਥੇ ਡੇਢ ਲੱਖ ਤੋਂ ਵੱਧ ਲੋਕ ਇਕੱਠੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਪ੍ਰਸ਼ਾਸਨ ਨੂੰ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਤਿਉਹਾਰ ਨੂੰ ਹੋਰ ਵੱਡੇ ਪੱਧਰ ‘ਤੇ ਮਨਾਉਣ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਦੁਸਹਿਰਾ ਗਰਾਊਂਡ ਵਜੋਂ ਜਾਣੇ ਜਾਂਦੇ ਸਥਾਨ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਵੱਡਾ ਬਣਾਉਣਾ ਚਾਹੀਦਾ ਹੈ, ਜਿਸ ਲਈ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਖੇ ਨਿਰਮਾਣ ਅਧੀਨ ਮੈਡੀਕਲ ਕਾਲਜ ਆਉਣ ਵਾਲੇ ਸਾਲ ਤੋਂ ਚਾਲੂ ਹੋ ਜਾਵੇਗਾ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ ਹੋਰ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਸ਼ਹਿਰ ਦੀ ਨੁਹਾਰ ਬਦਲੇਗੀ।

ਆਪਣੇ ਪਿਛਲੇ ਦਿਨਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਦੁਸਹਿਰੇ ਦਾ ਤਿਉਹਾਰ ਮਨਾਉਣ ਲਈ ਸੁਨਾਮ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਨਹੀਂ, ਸਗੋਂ ਭਗਵਾਨ ਸ੍ਰੀ ਰਾਮ ਦੇ ਨਿਮਾਣੇ ਸ਼ਰਧਾਲੂ ਵਜੋਂ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੇ ਅਸਲ ਮੁੱਖ ਮਹਿਮਾਨ ਭਗਵਾਨ ਰਾਮ ਹਨ, ਜਿਨ੍ਹਾਂ ਨੇ ਯੁੱਗਾਂ ਤੋਂ ਸਮੁੱਚੀ ਮਾਨਵਤਾ ਨੂੰ ਆਸ਼ੀਰਵਾਦ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆਂ ਭਰ ’ਚ ਮਸ਼ਹੂਰ ਹੁਸ਼ਿਆਰਪੁਰ ਦੇ ਦੁਸਹਿਰੇ ਦਾ ਹਿੱਸਾ ਬਣਨਾ ਬੜੀ ਖੁਸ਼ੀ ਤੇ ਮਾਣ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਦੁਸਹਿਰੇ ਦਾ ਹਿੱਸਾ ਬਣ ਕੇ ਉਹ ਖੁਦ ਨੂੰ ਸੁਭਾਗਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਗੱਲ ਹੈ ਕਿ ਹੁਸ਼ਿਆਰਪੁਰ ਸ਼ਹਿਰ ਵਿਚ ਇਕਜੁੱਟ ਹੋ ਕੇ ਲੋਕਾਂ ਵੱਲੋਂ ਇੱਕੋ ਹੀ ਦੁਸਹਿਰਾ ਮਨਾਇਆ ਜਾ ਰਿਹਾ ਹੈ ਜਦਕਿ ਇਹ ਬੜਾ ਮੰਦਭਾਗਾ ਹੈ ਕਿ ਅਜਿਹੀ ਇੱਕਜੁਟਤਾ ਹੋਰ ਸ਼ਹਿਰਾਂ ਵਿੱਚ ਘੱਟ ਹੀ ਦੇਖਣ ਨੂੰ ਮਿਲਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਅਡੋਲ ਰਹਿਣ, ਆਪਣੇ ਗੁੱਸੇ ’ਤੇ ਕਾਬੂ ਰੱਖਣ ਅਤੇ ਨਫ਼ਰਤ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿੰਨੇ ਕਾਰਕ ਸਭ ਤੋਂ ਬੁੱਧੀਮਾਨ ਵਿਅਕਤੀ ਲਈ ਵੀ ਪਤਨ ਦਾ ਕਾਰਨ ਬਣਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਿਉਹਾਰ ਸਾਨੂੰ ਆਪਸੀ ਭਾਈਚਾਰਕ ਸਾਂਝ ਰੱਖਣ ਦਾ ਉਪਦੇਸ਼ ਵੀ ਦਿੰਦੇ ਹਨ ਅਤੇ ਉਨ੍ਹਾਂ ਨੇ ਲੋਕਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ‘ ਨੇਕੀ ਦੀ ਬਦੀ ’ ਉੱਤੇ ਜਿੱਤ ਦਾ ਪ੍ਰਤੀਕ ਇਹ ਤਿਉਹਾਰ ਸਾਨੂੰ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਦੀ ਯਾਦ ਦਿਵਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਇਸ ਤਿਉਹਾਰ ਨੂੰ ਮਨਾਉਣ ਦੀ ਪਰੰਪਰਾ ਸਦੀਆਂ ਪੁਰਾਣੀ ਹੈ, ਜੋ ਸਮਾਜ ਵਿੱਚ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਪ੍ਰਫੁੱਲਿਤ ਕਰਨ ਦੇ ਨਾਲ-ਨਾਲ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਕੇ ਆਦਰਸ਼ ਜੀਵਨ ਜਿਉਣ ਲਈ ਸੇਧ ਦੇਣ ਬਾਰੇ ਮੋਹਰੀ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਖੁਸ਼ੀ ਦੇ ਮੌਕੇ ਨੂੰ ਸੂਬੇ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਵਧਾਉਣ ਲਈ ਖੁਦ ਨੂੰ ਸਮਰਪਿਤ ਕਰਕੇ ਸੁਹਿਰਦਤਾ ਨਾਲ ਤਿਉਹਾਰ ਮਨਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਤਿਉਹਾਰ ਨੂੰ ਜਾਤ-ਪਾਤ, ਨਸਲ ਅਤੇ ਰੰਗ ਦੇ ਭੇਦਭਾਵ ਤੋਂ ਉਪਰ ਉਠ ਕੇ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਏਕਤਾ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ ਅਤੇ ਇਸ ਦਿਨ ਸਾਨੂੰ ਸਾਰੀਆਂ ਸਮਾਜਿਕ ਬੁਰਾਈਆਂ ਤੋਂ ਛੁਟਕਾਰਾ ਪਾ ਕੇ ਆਪਣੇ ਸੂਬੇ ਨੂੰ ਦੇਸ਼ ਦਾ ਮੋਹਰੀ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਅਸਲ ਮਹੱਤਵ ਪਿਆਰ ਅਤੇ ਧਰਮ ਨਿਰਪੱਖਤਾ ਨਾਲ ਅਨਿਆਂ, ਬੁਰਾਈ ਅਤੇ ਹਉਮੈ ਵਿਰੁੱਧ ਲੜਨ ਵਿੱਚ ਹੈ।

ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ,ਵਿਧਾਇਕ ਰਵਜੋਤ ਸਿੰਘ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਡਾ. ਰਵਜੋਤ ਸਿੰਘ,
ਵਿਧਾਇਕ ਕਰਮਵੀਰ ਸਿੰਘ ਘੁੰਮਣ, ਸੀਨੀਅਰ ਵਧੀਕ ਐਡਵੋਕੇਟ ਜਨਰਲ ਇੰਦਰਪਾਲ ਸਿੰਘ ਧੰਨਾ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਸਾਬਕਾ ਸੰਸਦ ਮੈਂਬਰ ਕਮਲ ਚੌਧਰੀ, ਡੀ.ਆਈ.ਜੀ ਜਲੰਧਰ ਰੇਂਜ ਸਵਪਨ ਸ਼ਰਮਾ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ, ਐਸ.ਐਸ.ਪੀ ਸਰਤਾਜ ਸਿੰਘ ਚਾਹਲ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ, ਚੇਅਰਮੈਨ ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਲੋਕ ਸਭਾ ਇੰਚਾਰਜ ਡਾ: ਹਰਵਿੰਦਰ ਸਿੰਘ ਬਖਸ਼ੀ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, .ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ.ਐਸ ਮੁਲਤਾਨੀ, ਰਾਮ ਲੀਲਾ ਕਮੇਟੀ ਦੇ ਪ੍ਰਧਾਨ ਗੋਪੀ ਚੰਦ ਕਪੂਰ ਅਤੇ ਚੇਅਰਮੈਨ ਸ਼ਿਵ ਸੂਦ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Leave a Reply

Your email address will not be published. Required fields are marked *

View in English