ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਨਵੰਬਰ 14
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ ਹੈ। ਪੰਜਾਬ ਯੂਨੀਵਰਸਿਟੀ ਵਿਖੇ ‘ਵਿਜ਼ਨ ਪੰਜਾਬ’ ਬਾਰੇ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਰਖੇਜ਼ ਧਰਤੀ ਹੈ ਜਿਸ ਨੂੰ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਵਿੱਤਰ ਧਰਤੀ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਦੀ ਨਾਕਾਰਤਮਕ ਅਤੇ ਉਦਾਸੀਨ ਪਹੁੰਚ ਕਾਰਨ ਵਿਕਾਸ ਦੀ ਰਫ਼ਤਾਰ ਪੱਖੋਂ ਪਛੜ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ ਪਰ ਕੇਂਦਰ ਵਿੱਚ ਸੱਤਾਧਾਰੀਆਂ ਦੀ ਬੇਰੁਖ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਕਿਸਾਨ ਅੱਜ ਅੰਨਦਾਤੇ ਵਜੋਂ ਜਾਣੇ ਜਾਂਦੇ ਹਨ, ਉਨ੍ਹਾਂ ਨੂੰ ਦੋ ਹਫਤਿਆਂ ਬਾਅਦ ਝੋਨੇ ਦੀ ਪਰਾਲੀ ਨੂੰ ਅੱਗ ਲਾਉਮ ਕਾਰਨ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਕਿਸਾਨਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨਾ ਇਸ ਸਮੱਸਿਆ ਨਾਲ ਨਜਿੱਠਣ ਦਾ ਹੱਲ ਨਹੀਂ ਹੈ ਕਿਉਂਕਿ ਇਸ ਵਿੱਚ ਸਮਾਜਿਕ ਤੌਰ ਉਤੇ ਨਾਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਝੋਨੇ ਦੀ ਪਰਾਲੀ ਸਾੜਨ ਦੇ ਪ੍ਰਬੰਧਨ ਲਈ ਸਥਾਈ ਵਿਧੀ ਵਿਕਸਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵੱਡੇ ਪੱਧਰ ‘ਤੇ ਦਾਅਵੇ ਕੀਤੇ ਜਾਣ ਦੇ ਬਾਵਜੂਦ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਅਜੇ ਤੱਕ ਕੋਈ ਠੋਸ ਹੱਲ ਨਹੀਂ ਲੱਭਿਆ ਜਾ ਸਕਿਆ।
ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਇਹ ਇਕੱਲੇ ਪੰਜਾਬ ਦਾ ਨਹੀਂ ਸਗੋਂ ਸਮੁੱਚੇ ਉੱਤਰੀ ਖੇਤਰ ਦਾ ਲੰਮੇ ਸਮੇਂ ਤੋਂ ਲਟਕਿਆ ਹੋਇਆ ਮਸਲਾ ਹੈ ਪਰ ਕਿਸਾਨਾਂ ਕੋਲ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਕੋਈ ਢੁਕਵੀਂ ਵਿਧੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀ ਹੁਣ ਪਰਾਲੀ ਨੂੰ ਅੱਗ ਨਹੀਂ ਲਾਉਣਾ ਚਾਹੁੰਦੇ ਕਿਉਂਕਿ ਸਭ ਤੋਂ ਪਹਿਲਾਂ ਇਸ ਦਾ ਖਮਿਆਜ਼ਾ ਕਿਸਾਨਾਂ ਦੇ ਪਰਿਵਾਰਾਂ ਨੂੰ ਹੀ ਭੁਗਤਣਾ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੂੰ ਪਰਾਲੀ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਆਪਸੀ ਸਹਿਯੋਗ ਨਾਲ ਸਾਂਝੀ ਕਾਰਜ ਯੋਜਨਾ ਤਿਆਰ ਕਰਨ ਦੀ ਲੋੜ ਹੈ।
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਰੰਟੀ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਪੰਜਾਬ ਨੇ ਪਾਣੀ ਅਤੇ ਜਰਖੇਜ਼ ਮਿੱਟੀ ਵਰਗੇ ਆਪਣੇ ਬੇਸ਼ਕੀਮਤੀ ਕੁਦਰਤੀ ਸਰੋਤ ਗੁਆਉਣ ਦਾ ਸੰਤਾਪ ਹੰਢਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਕਿੱਲੋ ਚੌਲ ਪੈਦਾ ਕਰਨ ਲਈ ਲਗਭਗ 3500 ਲੀਟਰ ਪਾਣੀ ਦੀ ਖਪਤ ਹੁੰਦੀ ਹੈ, ਜਿਸ ਕਾਰਨ ਸੂਬੇ ਦਾ ਪਾਣੀ ਖ਼ਤਰੇ ਦੀ ਕਗਾਰ ‘ਤੇ ਪਹੁੰਚ ਗਿਆ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਦੇ ਕਿਸਾਨ ਬਦਲਵੀਆਂ ਫਸਲਾਂ ਤਾਂ ਹੀ ਅਪਣਾ ਸਕਦੇ ਹਨ ਜੇਕਰ ਉਨ੍ਹਾਂ ਨੂੰ ਇਹਨਾਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਮਿਲਦਾ ਹੈ ਅਤੇ ਇਹਨਾਂ ਫਸਲਾਂ ਦਾ ਯਕੀਨਨ ਮੰਡੀਕਰਨ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਈ ਉਤਸ਼ਾਹਿਤ ਕਰ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਪੰਜਾਬ ਹੀ ਇੱਕ ਅਜਿਹਾ ਸੂਬਾ ਹੈ ਜਿਸ ਦੀ ਪੂਰੀ ਦੁਨੀਆ ਵਿੱਚ ਆਪਣੀ ਫ੍ਰੈਂਚਾਇਜ਼ੀ ਹੈ ਕਿਉਂਕਿ ਪੰਜਾਬੀਆਂ ਨੇ ਹਰੇਕ ਦੂਜੇ ਦੇਸ਼ ਅਤੇ ਹਰ ਖੇਤਰ ਵਿੱਚ ਵੱਡਾ ਨਾਮ ਕਮਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੁਭਾਅ ਤੋਂ ਹੀ ਮਿਹਨਤੀ ਹਨ, ਜਿਸ ਦੀ ਬਦੌਲਤ ਉਨ੍ਹਾਂ ਨੇ ਵਿਸ਼ਵ ਵਿੱਚ ਆਪਣਾ ਇੱਕ ਵੱਖਰੀ ਥਾਂ ਬਣਾਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਬੋਇੰਗ ਵਿੱਚ 45 ਫੀਸਦੀ ਇੰਜੀਨੀਅਰ ਜੀ.ਐਨ.ਈ., ਲੁਧਿਆਣਾ ਤੋਂ ਹਨ ਅਤੇ ਫਲਿੱਪਕਾਰਟ, ਓਲਾ, ਮਾਸਟਰਕਾਰਡ ਅਤੇ ਹੋਰਾਂ ਕੰਪਨੀਆਂ ਦੇ ਸੀ.ਈ.ਓ. ਵੀ ਪੰਜਾਬੀ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਵਿੱਚ ਹਰ ਖੇਤਰ ਵਿੱਚ ਮੱਲਾਂ ਮਾਰਨ ਦੀ ਅੰਦਰੂਨੀ ਸਮਰੱਥਾ ਹੈ ਅਤੇ ਇਨ੍ਹਾਂ ਦੀ ਕਾਬਲੀਅਤ ਦੀ ਸਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਹਵਾਈ ਜਹਾਜ਼ ਵਾਂਗ ਹੁੰਦੇ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਅਤੇ ਸੁਪਨਿਆਂ ਦੀ ਉਡਾਰੀ ਭਰਨ ਲਈ ਲਈ ਲਾਂਚਪੈਡ ਮੁਹੱਈਆ ਕਰਵਾਏਗੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ ਜਦੋਂ ਤੱਕ ਪੰਜਾਬ ਦੇ ਨੌਜਵਾਨ ਆਪਣੇ ਮਿੱਥੇ ਟੀਚੇ ਪ੍ਰਾਪਤ ਨਹੀਂ ਕਰ ਲੈਂਦੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਪ੍ਰਣਾਲੀ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਤੋਂ ਵਾਂਝਾ ਰੱਖਿਆ ਅਤੇ ਇਸ ਤਰ੍ਹਾਂ ਉਨ੍ਹਾਂ ਦੀ ਤਰੱਕੀ ਵਿੱਚ ਅੜਿੱਕੇ ਡਾਹੇ। ਇਸ ਦੇ ਉਲਟ ਭਗਵੰਤ ਸਿੰਘ ਮਾਨ ਦਾ ਉਦੇਸ਼ ਗਰੀਬ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਦਿਆਂ ਉਨ੍ਹਾਂ ਨੂੰ ਵੱਧ ਤੋਂ ਵੱਧ ਕਾਬਲ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਹਿਲੀ ਵਾਰ ਜੇ.ਈ.ਈ. ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਨਤੀਜੇ ਸਾਹਮਣੇ ਆਉਣਗੇ ਜਿਸ ਲਈ ਉਨ੍ਹਾਂ ਦੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਮੈਰਿਟ ਆਧਾਰ ‘ਤੇ 45000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ‘ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ‘ਤੇ ਬਿਠਾ ਕੇ ਦੇਸ਼ ਦੀ ਸੇਵਾ ਕਰਨ ਦੇ ਯੋਗ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤ ਅਤੇ ਅਮੀਰ ਵਿਰਾਸਤ ਦਾ ਹਿੱਸਾ ਹੈ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੇ ਖਿੱਤੇ ਦੀ ਨਾਮਵਰ ਵਿਦਿਅਕ ਸੰਸਥਾ ਹੈ ਅਤੇ ਉਨ੍ਹਾਂ ਨੂੰ ਯੂਨੀਵਰਸਿਟੀ ਵਿੱਚ ਹਰਿਆਣਾ ਦੇ ਹਿੱਸੇ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਯੂਨੀਵਰਸਿਟੀ ਤੋਂ ਮਾਨਤਾ ਦਿੱਤੀ ਜਾਵੇਗੀ ਅਤੇ ਨਾ ਹੀ ਯੂਨੀਵਰਸਿਟੀ ਦੀ ਸੈਨੇਟ ਵਿੱਚ ਪਿਛਲੇ ਦਰਵਾਜ਼ੇ ਤੋਂ ਦਾਖ਼ਲੇ ਲਈ ਹਰਿਆਣਾ ਦੇ ਕਿਸੇ ਵੀ ਯਤਨ ਨੂੰ ਕਾਮਯਾਬ ਹੋਣ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਯੂਨੀਵਰਸਿਟੀ ਦੇ ਸਰੂਪ ਨੂੰ ਬਦਲਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਵਿੱਚ ਅਜਿਹੀ ਕਿਸੇ ਨੂੰ ਕੋਸ਼ਿਸ਼ ਨੂੰ ਸਫ਼ਲ ਨਹੀਂ ਹੋਣ ਦੇਵੇਗੀ।
ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੰਜਾਬ ਪੱਖੀ ਅਤੇ ਵਿਕਾਸਮੁਖੀ ਰੁਖ਼ ਕਾਰਨ ਵਿਰੋਧੀ ਧਿਰ ਦੇ ਆਗੂ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਮੌਕਾ ਨਹੀਂ ਛੱਡਦੇ। ਉਨ੍ਹਾਂ ਕਿਹਾ ਕਿ ਇਹ ਆਲੋਚਨਾ ਪੂਰੀ ਤਰ੍ਹਾਂ ਤਰਕਹੀਣ ਹੈ ਅਤੇ ਵਿਰੋਧੀਆਂ ਦੇ ਮਨਘੜ੍ਹਤ ਤੇ ਗਲਤ ਨੀਅਤ ਵਾਲੇ ਮਨਸੂਬਿਆਂ ’ਤੇ ਆਧਾਰਿਤ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਵਿਰੋਧੀ ਧਿਰ ਦੀਆਂ ਅਜਿਹੀਆਂ ਕੋਝੀਆਂ ਚਾਲਾਂ ਨਾਲ ਉਹ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਪਿੱਛੇ ਨਹੀਂ ਹਟਣਗੇ, ਸਗੋਂ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਅਣਥੱਕ ਮਿਹਨਤ ਕਰਨਗੇ।