View in English:
May 18, 2024 3:24 pm

ਮੰਡੀਆਂ ਵਿਚ ਝੋਨੇ ਦੀ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ਅਧਿਕਾਰੀ : ਕੁਲਦੀਪ ਧਾਲੀਵਾਲ

ਫੈਕਟ ਸਮਾਚਾਰ ਸੇਵਾ

ਹੁਸ਼ਿਆਰਪੁਰ, ਅਕਤੂਬਰ 26

ਪੰਜਾਬ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕਲਦੀਪ ਸਿੰਘ ਧਾਲੀਵਾਲ ਨੇ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨਾਲ ਜ਼ਿਲ੍ਹੇ ਦੀ ਗੜ੍ਹਸ਼ੰਕਰ ਅਤੇ ਸੈਲਾ ਖੁਰਦ ਦਾਣਾ ਮੰਡੀ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਫੂਡ ਸਪਲਾਈ ਵਿਭਾਗ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਸਪੱਸ਼ਟ ਹਦਾਇਤ ਦਿੰਦਿਆਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ’ਤੇ ਉਹ ਮੰਡੀਆਂ ਵਿਚ ਜਾ ਕੇ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈ ਰਹੇ ਹਨ, ਤਾਂ ਜੋ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਅਨੁਸਾਰ ਮੰਡੀਆਂ ਵਿਚ ਕਿਸਾਨਾਂ ਦਾ 12 ਘੰਟਿਆਂ ਅੰਦਰ ਝੋਨਾ ਚੁੱਕਣਾ ਅਤੇ 24 ਘੰਟਿਆਂ ਅੰਦਰ ਉਨ੍ਹਾਂ ਦੇ ਖਾਤਿਆਂ ਵਿਚ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇ। ਇਸ ਦੌਰਾਨ ਉਨ੍ਹਾਂ ਮੰਡੀਆਂ ਵਿਚ ਕਿਸਾਨਾਂ ਅਤੇ ਆੜਤੀਆਂ ਨਾਂਲ ਗੱਲਬਾਤ ਕਰਕੇ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਮੰਡੀਆਂ ਵਿਚ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁਦਰਤ ਦੀ ਮਿਹਰਬਾਨੀ ਅਤੇ ਪੰਜਾਬ ਸਰਕਾਰ ਦੀਆਂ ਸੁਹਿਰਦ ਕੋਸ਼ਿਸ਼ਾਂ ਸਦਕਾ ਝੋਨੇ ਦਾ ਇਹ ਸੀਜ਼ਨ ਸਫ਼ਲਤਾ ਪੂਰਵਕ ਨੇਪਰੇ ਚੜ੍ਹਨ ਜਾ ਰਿਹਾ ਹੈ।
ਉਨ੍ਹਾਂ ਨੇ ਕਿਸਾਨਾਂ ਨਾਂਲ ਗੱਲਬਾਤ ਕਰਦਿਆਂ ਖ਼ਰੀਦ ਪ੍ਰਬੰਧਾਂ, ਖ਼ਰੀਦ ਪ੍ਰਕਿਰਿਆ ਅਤੇ ਸੁਵਿਧਾਵਾਂ ਸਬੰਧੀ ਜਾਣਕਾਾਰੀ ਪ੍ਰਾਪਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹਾ ਹੁਸ਼ਿਆਰਪੁਰ ਵਿਚ 248839 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 248620 ਮੀਟ੍ਰਿਕ ਟਨ ਖ਼ਰੀਦ ਦੇ ਨਾਲ-ਨਾਲ 83 ਫੀਸਦੀ ਲਿਫਟਿੰਗ ਚੁੱਕੀ ਹੈ। ਉੁਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ 414.32 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਗੜ੍ਹਸ਼ੰਕਰ ਵਿਖੇ ਡਿਪਟੀ ਕਮਿਸ਼ਨਰ ਸੰਦੀਪ ਹੰਸ, ਐਸ. ਐਸ. ਪੀ ਸਰਤਾਜ ਸਿੰਘ ਚਾਹਲ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।

Leave a Reply

Your email address will not be published. Required fields are marked *

View in English