ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਕਤੂਬਰ 22

ਸੂਬੇ ਦੇ ਨੌਜਵਾਨਾਂ ਵਿੱਚ ਸੱਚਾਈ ਦੇ ਮਾਰਗ ‘ਤੇ ਚੱਲਣ, ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀਆਂ ਕਦਰਾਂ-ਕੀਮਤਾਂ ਭਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੀਆਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ (ਵੀ.ਸੀਜ਼.) ਅਤੇ ਕਾਲਜ ਪ੍ਰਿੰਸੀਪਲਾਂ, ਜਿਨ੍ਹਾਂ ਵਿੱਚ ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸੰਸਥਾਵਾਂ ਵੀ ਸ਼ਾਮਲ ਹਨ, ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸ਼ਹਾਦਤ ਬਾਰੇ ਵਿਆਪਕ ਸੈਮੀਨਾਰ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਨਿਰਸਵਾਰਥ, ਸਮਾਨਤਾ ਅਤੇ ਮਨੁੱਖੀ ਅਧਿਕਾਰਾਂ ਬਾਰੇ ਗੁਰੂ ਸਾਹਿਬ ਜੀ ਦੇ ਫ਼ਲਸਫ਼ੇ ਨੂੰ ਉਜਾਗਰ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਸਾਰੇ ਵੀ.ਸੀਜ਼. ਅਤੇ ਪ੍ਰਿੰਸੀਪਲਾਂ ਨੂੰ 27 ਅਕਤੂਬਰ, 2025 ਤੋਂ 30 ਨਵੰਬਰ, 2025 ਤੱਕ ਇਸ ਸਬੰਧੀ ਆਪਣੀਆਂ ਸੰਸਥਾਵਾਂ ਵਿੱਚ ਸੈਮੀਨਾਰ ਅਤੇ ਹੋਰ ਪ੍ਰੋਗਰਾਮ ਕਰਵਾਉਣ ਲਈ ਪੱਤਰ ਲਿਖਿਆ ਹੈ।

ਸਿੱਖਿਆ ਸੰਸਥਾਵਾਂ ਵਿੱਚ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਧਾਰਮਿਕ ਮਰਿਆਦਾ ਬਰਕਰਾਰ ਰੱਖਣ ਦੇ ਨਿਰਦੇਸ਼ ਦਿੰਦਿਆਂ ਸਿੱਖਿਆ ਮੰਤਰੀ ਨੇ ਵੀ.ਸੀਜ਼. ਅਤੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉੱਘੇ ਸਿੱਖ ਵਿਦਵਾਨਾਂ ਨੂੰ ਸੈਮੀਨਾਰਾਂ ਲਈ ਸੱਦਾ ਦੇਣ ਤਾਂ ਜੋ ਵਿਦਿਆਰਥੀਆਂ ਨੂੰ ਨੌਵੇਂ ਪਾਤਸ਼ਾਹ, ਜਿਨ੍ਹਾਂ ਨੇ ਧਰਮ ਦੀ ਆਜ਼ਾਦੀ ਦੀ ਰਾਖੀ ਲਈ ਕੁਰਬਾਨੀ ਦਿੱਤੀ, ਦੀ ਮਹਾਨ ਸ਼ਹਾਦਤ ਬਾਰੇ ਜਾਗਰੂਕ ਕੀਤਾ ਜਾ ਸਕੇ। ਇਹ ਸੈਸ਼ਨ ਉਨ੍ਹਾਂ ਦੇ ਅਨਿੰਨ ਸੇਵਕਾਂ – ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ)- ਦੇ ਬੇਮਿਸਾਲ ਹੌਂਸਲੇ, ਦਲੇਰੀ ਅਤੇ ਅਟੁੱਟ ਵਿਸ਼ਵਾਸ ‘ਤੇ ਵੀ ਰੌਸ਼ਨੀ ਪਾਉਣਗੇ- ਜਿਨ੍ਹਾਂ ਦੀ ਗੁਰੂ ਜੀ ਪ੍ਰਤੀ ਸ਼ਰਧਾ ਦੇ ਕਿੱਸੇ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿੱਚ ਦਰਜ ਹਨ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੀ ਅਮੀਰ ਵਿਰਾਸਤ ਅਤੇ ਇਸਦੇ ਆਧੁਨਿਕ ਵਿਦਿਅਕ ਢਾਂਚੇ ਵਿਚਕਾਰਲੇ ਪਾੜੇ ਨੂੰ ਪੂਰਦਿਆਂ ਇਹ ਯਕੀਨੀ ਬਣਾਉਣਾ ਹੈ ਕਿ ਇਨ੍ਹਾਂ ਮਹਾਨ ਨਾਇਕਾਂ ਦੀ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਆਂ, ਸੱਚਾਈ ਦੇ ਰਾਹ ‘ਤੇ ਚੱਲਣ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕਰਦੀ ਰਹੇ।

Leave a Reply

Your email address will not be published. Required fields are marked *

View in English