View in English:
July 26, 2025 12:53 am

ਰਾਜਪੁਰਾ ‘ਚ ਭੀਖ ਮੰਗਦੇ 8 ਬੱਚੇ ਬਚਾਏ, ਪਟਿਆਲਾ ਵਿਖੇ ਵੀ ਕੀਤੀ ਛਾਪਾਮਾਰੀ : ਡਾ. ਪ੍ਰੀਤੀ ਯਾਦਵ

ਫੈਕਟ ਸਮਾਚਾਰ ਸੇਵਾ

ਰਾਜਪੁਰਾ, ਜੁਲਾਈ 24

ਬਾਲ ਭਿੱਖਿਆ ਦੇ ਖਾਤਮੇ ਲਈ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਵਿਖੇ ਛਾਪਾਮਾਰੀ ਕੀਤੀ ਗਈ ਹੈ, ਇਸ ਦੌਰਾਨ ਰਾਜਪੁਰਾ ਤੋਂ 8 ਬੱਚੇ ਭੀਖ ਮੰਗਦੇ ਫੜੇ ਗਏ, ਜਿਨ੍ਹਾਂ ਨੂੰ ਬਚਾਇਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੀ ਰਾਜ ਨੂੰ ਭੀਖ ਮੁਕਤ ਕਰਨ ਲਈ ਚਲਾਈ ਮੁਹਿੰਮ ਤਹਿਤ ਕੀਤੀ ਗਈ ਇਸ ਕਾਰਵਾਈ ਦੇ ਅਧੀਨ ਦੋ ਦਿਨਾਂ ਅੰਦਰ ਬਾਲ ਭਲਾਈ ਕਮੇਟੀ ਦੇ ਸਨਮੁੱਖ ਪੇਸ਼ ਕਰਕੇ 5 ਬੱਚੇ ਉਨ੍ਹਾਂ ਦੇ ਪਰਿਵਾਰਾਂ ਦੇ ਸਪੁਰਦ ਵੀ ਕੀਤੇ ਗਏ ਹਨ ਅਤੇ ਇਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਹੈ, ਕਿ ਜੇਕਰ ਅੱਗੇ ਤੋਂ ਇਹ ਬੱਚੇ ਦੁਬਾਰਾ ਭੀਖ ਮੰਗਦੇ ਪਾਏ ਗਏ ਤਾਂ ਇਸ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ ਪਟਿਆਲਾ ਵਿਖੇ ਸਹਾਇਕ ਕਮਿਸ਼ਨਰ ਰਿਚਾ ਗੋਇਲ, ਐਸਡੀਐਮ ਮੇਜਰ (ਰਿਟਾ.) ਹਰਜੋਤ ਕੌਰ, ਬਾਲ ਸੁਰੱਖਿਆ ਵਿਭਾਗ ਦੇ ਲੀਗਲ ਪ੍ਰੋਬੇਸ਼ਨਰ ਅਫ਼ਸਰ ਰਣਜੀਤ ਕੌਰ, ਪੁਲਿਸ ਇੰਸਪੈਕਟਰ ਮਨਪ੍ਰੀਤ ਕੌਰ ਤੂਰ ਦੀ ਟੀਮ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਸਮੇਤ ਰੇਲਵੇ ਸਟੇਸ਼ਨ, ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਅਤੇ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਨੇੜੇ ਛਾਪਾਮਾਰੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਸੰਤੁਸ਼ਟੀ ਵਾਲੀ ਗੱਲ ਹੈ ਕਿ ਇਨ੍ਹਾਂ ਥਾਵਾਂ ਵਿਖੇ ਕੋਈ ਵੀ ਬੱਚਾ ਭੀਖ ਮੰਗਦਾ ਸਾਹਮਣੇ ਨਹੀਂ ਆਇਆ, ਪਰੰਤੂ ਫਿਰ ਵੀ ਟੀਮ ਵੱਲੋਂ ਅਜਿਹੀ ਪੜਤਾਲ ਲਗਾਤਾਰ ਜਾਰੀ ਰਹੇਗੀ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸੇ ਦੌਰਾਨ ਰਾਜੁਪਰਾ ਦੇ ਐਸਡੀਐਮ ਅਵਿਕੇਸ਼ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ, ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਵੱਲੋਂ ਰਾਜਪੁਰਾ ਵਿਖੇ ਕਈ ਹਾਟ-ਸਪਾਟ ਇਲਾਕਿਆਂ ਵਿੱਚ ਛਾਪਾਮਾਰੀ ਕੀਤੀ। ਇਸ ਦੌਰਾਨ 8 ਬੱਚੇ ਭੀਖ ਮੰਗਦੇ ਬਚਾਏ ਗਏ। ਇਨ੍ਹਾਂ ਨੂੰ ਬਾਲ ਭਲਾਈ ਕਮੇਟੀ ਦੇ ਸਨਮੁੱਖ ਪੇਸ਼ ਕੀਤਾ ਗਿਆ, ਇਨ੍ਹਾਂ ਵਿੱਚੋਂ ਇੱਕ ਬੱਚੇ ਦੇ ਦਸਤਾਵੇਜਾਂ ਦੀ ਪੜਤਾਲ ਉਪਰੰਤ ਇਸ ਨੂੰ ਪਰਿਵਾਰ ਦੇ ਸਪੁਰਦ ਕਰ ਦਿੱਤਾ ਹੈ।ਜਦੋਂ ਕਿ ਬਾਕੀ ਦੇ 7 ਬੱਚੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੇ ਚਿਲਡਰਨ ਹੋਮ ਵਿੱਚ ਰੱਖੇ ਗਏ ਹਨ।

ਡਾ. ਪ੍ਰੀਤੀ ਯਾਦਵ ਨੇ ਹੋਰ ਕਿਹਾ ਕਿ ਬੀਤੇ ਦਿਨ ਬਰਾਮਦ ਕੀਤੇ ਗਏ ਬੱਚਿਆਂ ਵਿੱਚੋਂ 4 ਹੋਰ ਬੱਚੇ ਪਰਿਵਾਰਾਂ ਨੂੰ ਸੌਂਪ ਦਿੱਤੇ ਗਏ ਹਨ ਅਤੇ ਬਾਕੀ ਬੱਚੇ ਅਜੇ ਵੀ ਜ਼ਿਲ੍ਹਾ ਪ੍ਰਸ਼ਾਸਨ ਸੰਭਾਂਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਬਚਾਏ ਗਏ ਬੱਚਿਆਂ ਦੇ ਦਸਤਾਵੇਜਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦੇ ਪਰਿਵਾਰਾਂ ਨੂੰ ਲੱਭ ਕੇ ਉਨ੍ਹਾਂ ਦੇ ਸਪੁਰਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜੀਵਨਜੋਤ 2.0 ਪ੍ਰਾਜੈਕਟ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਬਾਲ ਭਿੱਖਿਆ ਤੋਂ ਮੁਕਤ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਲੋੜੀਂਦਾ ਹੈ।

ਉਨ੍ਹਾਂ ਨੇ ਪ੍ਰਾਜੈਕਟ ਜੀਵਨਜੋਤ 2.0 ਨੂੰ ਲਾਗੂ ਕਰਨ ਸਮੇਤ ਜ਼ਿਲ੍ਹੇ ਨੂੰ ਭੀਖ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਅੰਦਰ ਬੱਚਿਆਂ ਦੀ ਤਸਕਰੀ ਨੂੰ ਰੋਕਣ ਲਈ ਭੀਖ ਮੰਗਦੇ ਫੜੇ ਗਏ ਸ਼ੱਕੀ ਬੱਚਿਆਂ ਦੇ ਡੀ.ਐਨ.ਏ. ਟੈਸਟ ਵੀ ਕਰਵਾਏ ਜਾਣਗੇ ਅਤੇ ਬਾਲ ਭਿੱਖਿਆ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Leave a Reply

Your email address will not be published. Required fields are marked *

View in English