ਸਰਕਾਰੀ ਸਕੂਲਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੇ ਮੰਤਵ ਨਾਲ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ-ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ
ਸਕੂਲਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਆਧੁਨਿਕ ਕਲਾਸ ਰੂਮ, ਸਾਇੰਸ ਲੈਬੋਰੇਟਰੀਜ਼, ਚਾਰਦੀਵਾਰੀ ਅਤੇ ਹੋਰ ਲੋੜੀਂਦੇ ਮੁਰੰਮਤ ਦੇ ਕੰਮ ਕਰਵਾਏ ਮੁਕੰਮਲ
ਕੈਬਨਿਟ ਮੰਤਰੀ ਨੇ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1 ਕਰੋੜ 58 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਤਰਨ ਤਾਰਨ, 22 ਅਪ੍ਰੈਲ:
‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਵਿਧਾਨ ਸਭਾ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ, ਸਰਕਾਰੀ ਐਲੀਮੈਂਟਰੀ ਸਕੂਲ ਕਾਲੇਕੇ ਉਤਾੜ, ਸਰਕਾਰੀ ਐਲੀਮੈਂਟਰੀ ਸਕੂਲ ਬੰਗਲਾ ਰਾਏ, ਸਰਕਾਰੀ ਹਾਈ ਸਕੂਲ ਕੋਟ ਬੁੱਢਾ, ਸਰਕਾਰੀ ਐਲੀਮੈਂਟਰੀ ਸਕੂਲ ਭਾਓਵਾਲ, ਸਰਕਾਰੀ ਐਲੀਮੈਂਟਰੀ ਸਕੂਲ ਭੰਗਾਲਾ ਅਤੇ ਸਰਕਾਰੀ ਹਾਈ ਸਕੂਲ ਤੂਤ ਵਿੱਚ ਲੱਗਭੱਗ 1 ਕਰੋੜ 58 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੇ ਮੰਤਵ ਨਾਲ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਜ਼ਿਲ੍ਹੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਆਧੁਨਿਕ ਕਲਾਸ ਰੂਮ, ਸਾਇੰਸ ਲੈਬੋਰੇਟਰੀਜ਼, ਸਕੂਲਾਂ ਦੀ ਚਾਰਦੀਵਾਰੀ ਅਤੇ ਹੋਰ ਲੋੜੀਂਦੇ ਮੁਰੰਮਤ ਦੇ ਕੰਮ ਮੁਕੰਮਲ ਕਰਵਾਏ ਗਏ, ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲਿਆ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਸਰਕਾਰੀ ਸਕੂਲਾਂ ਦੇ ਵਿਕਾਸ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਉਨ੍ਹਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਆਧੁਨਿਕ ਤਰੀਕੇ ਨਾਲ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਧਿਆਪਕਾਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਿਦੇਸ਼ਾਂ ਦੀਆਂ ਉੱਚ ਕੋਟੀ ਦੀਆਂ ਸੰਸਥਾਵਾਂ ਤੋਂ ਸਿਖਲਾਈ ਦੁਆਈ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਰਕੇ ਸਰਕਾਰੀ ਸਕੂਲਾਂ ਵਿਚ ਬੱਚਿਆ ਦੀ ਗਿਣਤੀ ਕਾਫ਼ੀ ਘੱਟ ਗਈ ਸੀ ਅਤੇ ਹੁਣ ਸਰਕਾਰ ਵੱਲੋਂ ਸਕੂਲਾਂ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿਚ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਰਹੇ ਹਨ।
ਇਸ ਮੌਕੇ ਚੇਅਰਮੈਨ ਦਿਲਬਾਗ਼ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪਰਮਜੀਤ ਸਿੰਘ, ਜ਼ਿਲ੍ਹਾ ਕੋ-ਆਰਡੀਨੇਟਰ ਅਨੂਪ ਮੈਣੀ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ, ਸ਼ੋਸ਼ਲ ਮੀਡੀਆ ਇੰਚਾਰਜ ਮੋਹਿਤ ਅਰੋੜਾ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਮੁਖੀ, ਅਧਿਆਪਕ, ਪਿੰਡ ਵਾਸੀ ਅਤੇ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ।
