ਫੈਕਟ ਸਮਾਚਾਰ ਸੇਵਾ
ਤਰਨ ਤਰਨ, ਅਗਸਤ 10
ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਲੀਹੋਂ ਹਟਵੀਂ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ‘ਬਾਜ਼ ਅੱਖ’ ਐਂਟੀ-ਡਰੋਨ ਪ੍ਰਣਾਲੀ (ਏ.ਡੀ.ਐਸ.) ਨੂੰ ਹਰੀ ਝੰਡੀ ਦਿਖਾਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ ‘ਤੇ ਇਸ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਪਹਿਲ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਇੱਕ ਹੋਰ ਸ਼ਾਨਦਾਰ ਅਧਿਆਇ ਜੁੜ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਸੀ, ਜਿਸ ਕਾਰਨ ਇਸ ਸਰਾਪ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ। ਕੇਜਰੀਵਾਲ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਜੰਗ ਛੇੜੀ ਹੈ ਅਤੇ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ।
‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਰਹੱਦ ਪਾਰੋਂ ਪੰਜਾਬ ‘ਚ ਨਸ਼ਿਆਂ ਦੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਰੋਕਣ ਲਈ ਇਹ ਐਂਟੀ-ਡਰੋਨ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਲਾਹਨਤ ਤੋਂ ਮੁਕਤ ਕਰਨ ਲਈ ਤਿੰਨ ਐਂਟੀ-ਡਰੋਨ ਪ੍ਰਣਾਲੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਛੇ ਹੋਰ ਜਲਦੀ ਹੀ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਹੈ।
ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੇ ਇਸ ਗੈਰ-ਕਾਨੂੰਨੀ ਕਾਰੋਬਾਰ ਰਾਹੀਂ ਹਾਸਲ ਕੀਤੀਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਇਮਾਨਦਾਰ ਸਰਕਾਰ ਨੇ ਨਸ਼ਿਆਂ ਦੇ ਸਭ ਤੋਂ ਵੱਡੇ ਅਤੇ ਬਦਨਾਮ ਸੌਦਾਗਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਤਸਕਰ, ਜੋ ਸਮਾਜ ਨੂੰ ਜ਼ਹਿਰ ਦੇ ਕੇ ਖੁਦ ਆਪਣੇ ਘਰ ਐਸ਼ੋ-ਆਰਾਮ ਦੀ ਜ਼ਿੰਦਗੀ ਜਿਉਂਦੇ ਹਨ, ਸਾਡੇ ਲੋਕਾਂ ਦੇ ਅਸਲ ਦੁਸ਼ਮਣ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ “ਨਸ਼ਿਆਂ ਵਿਰੁੱਧ ਜੰਗ” (ਯੁੱਧ ਨਸ਼ਿਆਂ ਵਿਰੁੱਧ) ਮੁਹਿੰਮ ਤਹਿਤ ਪੰਜਾਬ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਆਰ-ਪਾਰ ਦੀ ਜੰਗ ਛੇੜੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਪੰਜਾਬ ਦੀ 553 ਕਿਲੋਮੀਟਰ ਸਰਹੱਦ ਲੱਗਦੀ ਹੈ, ਜਿਸ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਲਈ ਸਭ ਤੋਂ ਸੰਵੇਦਨਸ਼ੀਲ ਖੇਤਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਡਰੋਨ-ਅਧਾਰਤ ਤਸਕਰੀ ਤੋਂ ਪੈਦਾ ਹੋਈਆਂ ਚੁਣੌਤੀਆਂ ਨਾਲ ਨਜਿੱਠਣ ਲਈ ਅੰਤਰਰਾਸ਼ਟਰੀ ਸਰਹੱਦ ‘ਤੇ ਨੌਂ ਐਂਟੀ-ਡਰੋਨ ਯੂਨਿਟ ਸਥਾਪਤ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਯੂਨਿਟਾਂ ‘ਤੇ 51.4 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸਾਡੇ ਦੇਸ਼ ਦੀਆਂ ਹਥਿਆਰਬੰਦ ਫੌਜਾਂ ਅਤੇ ਬੀਐਸਐਫ ਪਹਿਲਾਂ ਹੀ ਅਜਿਹੀਆਂ ਪ੍ਰਣਾਲੀਆਂ ਵਰਤ ਰਹੀਆਂ ਹਨ, ਪਰ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਐਂਟੀ-ਡਰੋਨ ਪ੍ਰਣਾਲੀ ਸਰਹੱਦ ਪਾਰੋਂ ਨਸ਼ਾ ਸਪਲਾਈ ਕਰਨ ਵਾਲੇ ਤਸਕਰਾਂ ਨੂੰ ਸਖ਼ਤ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਅਨਸਰ ਸਮਾਜ ਵਿਰੋਧੀ ਗਤੀਵਿਧੀਆਂ ਲਈ ਅਕਸਰ ਤਕਨਾਲੋਜੀ ਦੀ ਵਰਤੋਂ ਕਰਦੇ ਹਨ। ਸੀਐਮ ਮਾਨ ਨੇ ਕਿਹਾ ਕਿ ਦੇਸ਼ ਦੇ ਦੁਸ਼ਮਣਾਂ ਨੇ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰਨ ਲਈ ਡਰੋਨਾਂ ਨੂੰ ਹਥਿਆਰਾਂ ਵਿੱਚ ਬਦਲ ਦਿੱਤਾ ਹੈ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਲਈ ਡਰੋਨਾਂ ਦੀ ਵਰਤੋਂ ਕਰ ਰਹੇ ਹਨ।
ਮੁੱਖ ਮੰਤਰੀ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਅਣਥੱਕ ਮਿਹਨਤ ਕਰਨ ਵਾਸਤੇ ਸੁਰੱਖਿਆ ਬਲਾਂ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 2024 ਵਿੱਚ ਹੈਰੋਇਨ, ਹਥਿਆਰਾਂ ਅਤੇ ਗੋਲਾ ਬਾਰੂਦ ਨਾਲ ਲੱਦੇ ਕੁੱਲ 283 ਡਰੋਨ ਜ਼ਬਤ ਕੀਤੇ ਗਏ ਸਨ ਅਤੇ 2025 ਵਿੱਚ ਹੁਣ ਤੱਕ 137 ਡਰੋਨ ਬਰਾਮਦ ਕੀਤੇ ਜਾ ਚੁੱਕੇ ਹਨ। ਸੀਐਮ ਮਾਨ ਨੇ ਕਿਹਾ ਕਿ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਸਰਹੱਦ ‘ਤੇ ਦੂਜੀ ਸੁਰੱਖਿਆ ਪੰਕਤੀ ਵਜੋਂ ਐਂਟੀ-ਡਰੋਨ ਪ੍ਰਣਾਲੀ ਤਾਇਨਾਤ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸਰਹੱਦ ਰਾਹੀਂ ਸੂਬੇ ਵਿੱਚ ਦਾਖਲ ਹੋਣ ਵਾਲੇ ਕਿਸੇ ਵੀ ਡਰੋਨ ਨੂੰ ਤੁਰੰਤ ਬੇਅਸਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੂਜੀ ਸੁਰੱਖਿਆ ਪੰਕਤੀ ਦਾ ਮਤਲਬ ਸਰਹੱਦੀ ਜ਼ਿਲ੍ਹਿਆਂ ਵਿੱਚ ਪੰਜਾਬ ਪੁਲਿਸ ਦੀ ਤਾਇਨਾਤੀ ਹੈ, ਜੋ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਪਿੱਛੇ ਕੰਮ ਕਰਦੇ ਹਨ। ਸੀਐਮ ਮਾਨ ਨੇ ਕਿਹਾ ਕਿ ਐਂਟੀ-ਡਰੋਨ ਪ੍ਰਣਾਲੀ ਸੁਰੱਖਿਆ ਬਲਾਂ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨਾਲ ਨਜਿੱਠਣ ਵਿੱਚ ਸਹਾਇਤਾ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਸਟਮ ਉਨ੍ਹਾਂ ਖਾਸ ਸਰਹੱਦੀ ਥਾਵਾਂ ‘ਤੇ ਤਾਇਨਾਤ ਕੀਤੇ ਜਾਣਗੇ, ਜਿੱਥੇ ਡਰੋਨ ਗਤੀਵਿਧੀ ਜ਼ਿਆਦਾ ਦੇਖੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਪੁਲਿਸ ਕੋਲ ਡਰੋਨਾਂ ਨੂੰ ਬੇਅਸਰ ਕਰਨ ਲਈ ਅਜਿਹਾ ਕੋਈ ਸਿਸਟਮ ਨਹੀਂ ਸੀ, ਪਰ ਹੁਣ ਇਹ ਸਿਸਟਮ ਪੰਜਾਬ ਪੁਲਿਸ ਨੂੰ ਵਧੇਰੇ ਸਮਰੱਥ ਬਣਾਏਗਾ। ਸੀਐਮ ਮਾਨ ਨੇ ਕਿਹਾ ਕਿ ਐਂਟੀ-ਡਰੋਨ ਪ੍ਰਣਾਲੀ ਡਰੋਨ ਦੀ ਸਥਿਤੀ ਅਤੇ ਇਸ ਦੇ ਜ਼ਮੀਨੀ ਕੰਟਰੋਲ ਸਟੇਸ਼ਨਾਂ ਦਾ ਸਹੀ-ਸਹੀ ਪਤਾ ਲਗਾਉਣ ਦੇ ਸਮਰੱਥ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਸਟਮ ਆਟੋਮੇਟਿਡ ਅਲਰਟ ਤਕਨਾਲੋਜੀ ਦੇ ਨਾਲ ਆਉਂਦੇ ਹਨ, ਜੋ ਡਰੋਨ ਦੀ ਗਤੀਵਿਧੀ ਦਾ ਪਤਾ ਲੱਗਣ ‘ਤੇ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕਰਦੇ ਹਨ, ਇਸ ਤਰ੍ਹਾਂ ਇਸ ਵਿੱਚ ਮੈਨੂਅਲ ਨਿਗਰਾਨੀ ਦੀ ਜ਼ਰੂਰਤ ਨਹੀਂ ਰਹਿੰਦੀ। ਉਨ੍ਹਾਂ ਕਿਹਾ ਕਿ ਇਸ ਉੱਨਤ ਪ੍ਰਣਾਲੀ ਦੇ ਸਫਲਤਾਪੂਰਵਕ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਬੀਐਸਐਫ, ਭਾਰਤੀ ਹਵਾਈ ਸੈਨਾ, ਭਾਰਤੀ ਫੌਜ ਅਤੇ ਹੋਰ ਏਜੰਸੀਆਂ ਨਾਲ ਤਾਲਮੇਲ ਕਾਇਮ ਰੱਖਿਆ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ “ਨਸ਼ਿਆਂ ਵਿਰੁੱਧ ਜੰਗ” ਅਧੀਨ ਸਕੂਲਾਂ ਵਿੱਚ ਨਸ਼ਾ ਵਿਰੋਧੀ ਪਾਠਕ੍ਰਮ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ, ਜਿਸ ਦਾ ਉਦੇਸ਼ 8 ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰੇ ਵਿਰੁੱਧ ਜਾਗਰੂਕ ਕਰਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਹੁਣ ਇੱਕ ਮਹੱਤਵਪੂਰਨ ਪੜਾਅ ‘ਤੇ ਪਹੁੰਚ ਗਈ ਹੈ ਅਤੇ ਸੂਬਾ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਾਠਕ੍ਰਮ ਰਾਹੀਂ 9ਵੀਂ-12ਵੀਂ ਜਮਾਤ ਦੇ 8 ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸੇਵਨ ਸਬੰਧੀ ਖ਼ਤਰਿਆਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਇਸ ਨਸ਼ਾ ਵਿਰੋਧੀ ਪ੍ਰੋਗਰਾਮ ਵਿੱਚ 3,658 ਸਕੂਲ ਸ਼ਾਮਲ ਹੋਣਗੇ ਅਤੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਉੱਘੇ ਵਿਗਿਆਨੀ ਵੀ ਇਸ ਪ੍ਰੋਗਰਾਮ ਦਾ ਹਿੱਸਾ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ 2009 ਤੋਂ ਬਾਅਦ ਸੂਬੇ ਵਿੱਚ ਨਸ਼ਿਆਂ ਦੀ ਇਹ ਜੜ੍ਹ ਜਾਣ ਬੁੱਝ ਕੇ ਸਿਆਸੀ ਆਗੂਆਂ ਦੀ ਹਮਾਇਤ ਨਾਲ ਸਾਜ਼ਿਸ਼ ਤਹਿਤ ਲਾਈ ਗਈ ਸੀ। ਹਾਲਾਂਕਿ, ਉਨ੍ਹਾਂ ਦੀ ਸਰਕਾਰ ਨੇ ਇਸ ਖਤਰੇ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਸੁਚੱਜੀ ਵਿਉਂਤਬੰਦੀ ਕੀਤੀ ਹੈ ਅਤੇ ਸਭ ਤੋਂ ਵੱਡੇ ਸੌਦਾਗਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਮਾਨ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਨਸ਼ਾ ਤਸਕਰਾਂ ਨਾਲ ਹੱਥ ਮਿਲਾਇਆ ਆਪਣੀ ਸੱਤਾ ਦੇ ਦਿਨਾਂ ਦੌਰਾਨ ਉਨ੍ਹਾਂ ਨੂੰ ਸਰਪ੍ਰਸਤੀ ਦਿੱਤੀ, ਉਹ ਅੱਜ ਸਲਾਖਾਂ ਪਿੱਛੇ ਹਨ।
ਇਸ ਪ੍ਰੋਗਰਾਮ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਮੌਜੂਦ ਸਨ।