ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ‘ਚ ਸਜਿਆ ਅਲੌਕਿਕ ਨਗਰ ਕੀਰਤਨ

ਫੈਕਟ ਸਮਾਚਾਰ ਸੇਵਾ

ਫਤਹਿਗੜ੍ਹ ਸਾਹਿਬ , ਦਸੰਬਰ 27

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਨੂੰ ਸਮਰਪਿਤ ਤਿੰਨ ਦਿਨਾਂ ਸ਼ਹੀਦੀ ਦੇ ਆਖ਼ਰੀ ਦਿਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਵਿਸ਼ਾਲ ਸ਼ਹੀਦੀ ਨਗਰ ਕੀਰਤਨ ਸਜਾਇਆ ਗਿਆ। ਬਾਅਦ ਦਪਹਿਰ ਇਸ ਨਗਰ ਕੀਰਤਨ ਦੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ’ਤੇ ਇਹ ਤਿੰਨ ਦਿਨਾਂ ਸ਼ਹੀਦੀ ਸਭਾ ਰਸਮੀ ਤੌਰ ’ਤੇ ਸਮਾਪਤ ਹੋ ਜਾਵੇਗੀ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦਾ ਕੀਰਤਨ ਹੋਇਆ ਅਤੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ। ਇਸ ਦੌਰਾਨ ਸੰਗਤੀ ਰੂਪ ਵਿਚ ਜਪੁ ਜੀ ਸਾਹਿਬ ਦੇ ਪਾਠ ਮਗਰੋਂ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ ਗਿਆ। ਸਮਾਪਤੀ ਮੌਕੇ ਜਥੇਦਾਰ ਕੌਮ ਦੇ ਨਾਂ ਸੰਦੇਸ਼ ਦਿੱਤਾ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਵੀ ਸੰਬੋਧਨ ਕਰਨਗੀਆਂ।

ਨਗਰ ਕੀਰਤਨ ਸਮੇਂ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਉਥੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਵੀ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਪੁੱਜੀਆਂ ਹੋਈਆਂ ਹਨ। ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਗੱਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੰਗਜੂ ਜੌਹਰ ਦਿਖਾਉਂਦਿਆਂ ਸਾਹਿਬਜ਼ਾਦਿਆਂ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਅਤੇ ਸਭਾ-ਸੁਸਾਇਟੀਆਂ ਵੱਲੋਂ ਜਿੱਥੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ।

Leave a Reply

Your email address will not be published. Required fields are marked *

View in English