ਫੈਕਟ ਸਮਾਚਾਰ ਸੇਵਾ
ਪਟਿਆਲਾ, ਦਸੰਬਰ 22
ਸਾਬਕਾ ਆਈ. ਜੀ. ਅਮਰ ਸਿੰਘ ਚਾਹਲ ਨੇ ਖੁਦ ਨੂੰ ਗੋਲੀ ਮਾਰ ਲਈ ਹੈ ਅਤੇ ਉਨ੍ਹਾਂ ਦਾ ਪਾਰਕ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਸਾਬਕਾ ਆਈ.ਪੀ.ਐਸ. ਅਧਿਕਾਰੀ ਅਮਰ ਸਿੰਘ ਚਾਹਲ ਕਥਿਤ ਤੌਰ ’ਤੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਤੋਂ ਬਾਅਦ ਗੰਭੀਰ ਹਾਲਤ ਵਿਚ ਹਨ।
ਉਨ੍ਹਾਂ ਨੂੰ ਛਾਤੀ ’ਚ ਗੰਭੀਰ ਸੱਟਾਂ ਲੱਗੀਆਂ ਹਨ ਤੇ ਹਸਪਤਾਲ ’ਚ ਜ਼ੇਰੇ ਇਲਾਜ ਹਨ। ਡਾਕਟਰਾਂ ਵਲੋਂ ਫ਼ਿਲਹਾਲ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਨਹੀਂ ਕੀਤਾ ਗਿਆ। ਪੁਲਿਸ ਅਧਿਕਾਰੀਆਂ ਮੁਤਾਬਕ ਮੌਕੇ ਤੋਂ ਇਕ ਨੋਟ ਵੀ ਬਰਾਮਦ ਹੋਇਆ ਹੈ, ਜਿਸ ਵਿਚ ਆਨਲਾਈਨ ਧੋਖਾਧੜੀ ਕਾਰਨ ਪੈਦਾ ਹੋਈ ਵਿੱਤੀ ਤੰਗੀ ਦਾ ਜ਼ਿਕਰ ਕੀਤਾ ਗਿਆ ਹੈ। ਘਟਨਾ ਦੇ ਅਸਲ ਕਾਰਨਾਂ ਦੀ ਜਾਂਚ ਲਈ ਪੁਲਿਸ ਵਲੋਂ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਟੀਮਾਂ ਤੁਰੰਤ ਚਾਹਲ ਦੀ ਰਿਹਾਇਸ਼ ’ਤੇ ਪਹੁੰਚ ਗਈਆਂ।







