View in English:
April 24, 2025 7:05 pm

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਨ ਦੇ ਨਿਰਦੇਸ਼

ਫੈਕਟ ਸਮਾਚਾਰ ਸੇਵਾ

ਪਟਿਆਲਾ, ਅਪ੍ਰੈਲ 24

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ‘ਚ ਸ਼ੁਰੂ ਕੀਤੇ ਜਾਣ ਵਾਲੇ ਅਤੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਅੱਜ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਵੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਹਰੇਕ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਵਿਕਾਸ ਕਾਰਜ ਦੇ ਕੰਮਾਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਤਰੁੱਟੀ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਪਟਿਆਲਾ ਦਿਹਾਤੀ ਹਲਕੇ ਦੇ ਸਾਰੇ 60 ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਇੱਕ ਮਹੀਨੇ ‘ਚ ਕਰਵਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਬਰਸਾਤਾਂ ਤੋਂ ਪਹਿਲਾ ਸਾਰੇ ਪਿੰਡਾਂ ਦੇ ਛੱਪੜ ਸਾਫ਼ ਹੋਣ। ਉਨ੍ਹਾਂ ਛੱਪੜਾਂ ਦੇ ਪਾਣੀ ਨੂੰ ਡਰਿੱਪ ਇਰੀਗੇਸ਼ਨ ਨਾਲ ਖੇਤਾਂ ‘ਚ ਲਗਾਉਣ ਲਈ ਸਬੰਧਤ ਵਿਭਾਗ ਨੂੰ ਪਲਾਨ ਤਿਆਰ ਕਰਨ ਲਈ ਕਿਹਾ।

ਉਨ੍ਹਾਂ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਜਿਥੇ ਥਾਂ ਉਪਲਬਧ ਹੈ, ਉਥੇ ਸਲਿਪ ਰੋਡ ਬਣਾਉਣ ਸਮੇਤ ਹੋਰ ਢੁਕਵੇਂ ਉਪਰਾਲੇ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਲਾਅ ਐਂਡ ਆਰਡਰ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਰਾਤ ਸਮੇਂ ਖੁੱਲਣ ਵਾਲੇ ਢਾਬਿਆਂ ਸਬੰਧੀ ਪੁਲਿਸ ਤੇ ਸਿਵਲ ਵਿਭਾਗ ਰਣਨੀਤੀ ਤਿਆਰ ਕਰਨ ਤਾਂ ਜੋ ਅਜਿਹੀਆਂ ਥਾਵਾਂ ‘ਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਉਨ੍ਹਾਂ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਹਲਕੇ ਦੇ 10 ਪਿੰਡਾਂ ‘ਚ ਖੇਡ ਨਰਸਰੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਅਜਨੌਦਾ ਵਿਖੇ ਖੇਡ ਨਰਸਰੀ ਬਣੀ ਹੈ ਤੇ ਹੋਰ 9 ਪਿੰਡ ਵਿੱਚ ਵੀ ਖੇਡ ਨਰਸਰੀਆਂ ਬਣਾਈਆਂ ਜਾਣ, ਤਾਂ ਜੋ ਪਿੰਡਾਂ ਦੇ ਬੱਚਿਆਂ ਦੀ ਖੇਡ ਪ੍ਰਤਿਭਾ ਨੂੰ ਹੋਰ ਨਿਖਾਰਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਫੀਲਡ ‘ਚ ਰਹਿਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋਕਾਂ ਦੇ ਕੰਮ ਉਨ੍ਹਾਂ ਦੇ ਪਿੰਡਾਂ ਵਿੱਚ ਹੀ ਹੋਣ ਇਸ ਲਈ ਅਧਿਕਾਰੀ ਨਿਰੰਤਰ ਤੌਰ ‘ਤੇ ਫੀਲਡ ਵਿਜ਼ਟ ਕਰਨਾ ਯਕੀਨੀ ਬਣਾਉਣ। ਉਨ੍ਹਾਂ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮਿਣਤੀ ਤੇ ਮੁਰੰਮਤ ਦਾ ਕੰਮ ਕਰਨ ਦੇ ਵੀ ਨਿਰਦੇਸ਼ ਦਿੱਤੇ।
ਕੈਬਨਿਟ ਮੰਤਰੀ ਨੇ ਗਰੀਬਾਂ ਨੂੰ ਪਲਾਟ ਦੇਣ ਦੀ ਕਾਰਵਾਈ ਅਰੰਭਣ ਲਈ ਵੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ‘ਚ ਅਜਿਹੀਆਂ ਥਾਂਵਾਂ ਦੀ ਪਹਿਚਾਣ ਕੀਤੀ ਜਾਵੇ, ਜਿਥੇ ਪਲਾਟ ਦਿੱਤੇ ਜਾ ਸਕਦੇ ਹਨ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਹਾਜ਼ਰ ਅਧਿਕਾਰੀਆਂ ਨੇ ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਦਹਿਸ਼ਤਗਰਦੀ ਹਮਲੇ ‘ਚ ਸ਼ਹੀਦ ਹੋਏ ਨਾਗਰਿਕਾਂ ਨੂੰ ਦੋ ਮਿੰਟਾਂ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ।
ਮੀਟਿੰਗ ‘ਚ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲਾ, ਐਸ.ਪੀ. ਵੈਭਵ ਚੌਧਰੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *

View in English